ਬੰਦ ਕਰੋ

ਕਣਕ ਦੀ ਖ਼ਰੀਦ ਨੂੰ ਹੋਰ ਬਿਹਤਰ ਕਰਨ ਲਈ ਖ਼ਰੀਦ ਏਜੰਸੀਆਂ ਕੋਈ ਕਮੀ ਨਾ ਛੱਡਣ: ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/04/2023
Procurement agencies should not leave any gaps to improve the procurement of wheat: Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਕਣਕ ਦੀ ਖ਼ਰੀਦ ਨੂੰ ਹੋਰ ਬਿਹਤਰ ਕਰਨ ਲਈ ਖ਼ਰੀਦ ਏਜੰਸੀਆਂ ਕੋਈ ਕਮੀ ਨਾ ਛੱਡਣ: ਡਿਪਟੀ ਕਮਿਸ਼ਨਰ

ਹੁਣ ਤਕ 59,815 ਮੀਟਰਕ ਟਨ ਕਣਕ ਦੀ ਆਮਦ ਹੋਈ: ਡਾ. ਨਵਰੀਤ

ਰੂਪਨਗਰ, 19 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਨੂੰ ਕਿਸਾਨਾਂ ਲਈ ਹੋਰ ਬਿਹਤਰ ਕਰਨ ਦੇ ਮੰਤਵ ਨਾਲ਼ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਫਸਲ ਦੀ ਲਿਫਟਿੰਗ ਪ੍ਰਕਿਰਿਆ ਵਿਚ ਤੇਜੀ ਲਿਆਉਣ ਦੀ ਹਦਾਇਤ ਜਾਰੀ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

ਡਾ. ਪ੍ਰੀਤੀ ਯਾਦਵ ਵਲੋਂ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਕਿਸਾਨਾਂ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ,ਖਰੀਦ, ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਜਿਸ ਨੂੰ ਨਿਰੰਤਰ ਬਰਕਰਾਰ ਰੱਖਿਆ ਜਾਵੇ ਅਤੇ ਜਿੱਥੇ ਕਿਤੇ ਵੀ ਮੁਸ਼ਕਲ ਪੇਸ਼ ਆਉਂਦੀ ਹੈ ਅਧਿਕਾਰੀਆਂ ਵੱਲੋਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਡਾ. ਨਵਰੀਤ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 59,815 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 59,805 ਮੀਟਰਕ ਟਨ ਦੀ ਖਰੀਦ ਸਮੂਹ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 18,494 ਮੀਟਰਕ ਟਨ, ਮਾਰਕਫੈਡ ਵੱਲੋਂ 14,429 ਮੀਟਰਕ ਟਨ, ਪਨਸਪ ਵੱਲੋਂ 10,769 ਮੀਟਰਕ ਟਨ, ਵੇਅਰਹਾਊਸ ਵੱਲੋਂ 8,026 ਮੀਟਰਕ ਟਨ, ਐਫ.ਸੀ.ਆਈ. 2,469 ਮੀਟਰਕ ਟਨ ਅਤੇ ਵਪਾਰੀ ਵਰਗ ਵਲੋਂ 5,618 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 138 ਫੀਸਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ ਜੋ ਕਿ 98.49 ਕਰੋੜ ਰੁਪਏ ਬਣਦੀ ਹੈ।