ਖੇਤਾਂ ਵਿੱਚ ਅੱਗ ਲਗਾਉਣ ਵਾਲੇ ਸ਼ਰਾਰਤੀ ਅਨਸਰਾਂ ਤੇ ਕਾਨੂੰਨੀ ਕਾਰਵਾਈ ਯਕੀਨਨ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਖੇਤਾਂ ਵਿੱਚ ਅੱਗ ਲਗਾਉਣ ਵਾਲੇ ਸ਼ਰਾਰਤੀ ਅਨਸਰਾਂ ਤੇ ਕਾਨੂੰਨੀ ਕਾਰਵਾਈ ਯਕੀਨਨ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪਰਾਲੀ ਪ੍ਰਬੰਧਨ ਲਈ ਤਾਇਨਾਤ ਕੀਤੇ ਕਲਸਟਰ ਅਤੇ ਨੋਡਲ ਅਫਸਰਾਂ ਦੀ ਕੀਤੀ ਮੀਟਿੰਗ
ਰੂਪਨਗਰ, 27 ਅਕਤੂਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ, ਇਸ ਦੇ ਬਾਵਜੂਦ ਵੀ ਕਈ ਸ਼ਰਾਰਤੀ ਅਨਸਰ ਜਾਣਬੁੱਝ ਕੇ ਖੇਤਾਂ ਵਿੱਚ ਅੱਗ ਲਗਾ ਰਹੇ ਹਨ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨਨ ਕੀਤੀ ਜਾਵੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਪ੍ਰਬੰਧਨ ਲਈ ਤਾਇਨਾਤ ਕੀਤੇ ਕਲਸਟਰ ਅਤੇ ਨੋਡਲ ਅਫਸਰਾਂ ਦੀ ਮੀਟਿੰਗ ਕਰਦਿਆਂ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲ ਸਕਣ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕਈ ਥਾਂਵਾਂ ਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਅਜਿਹਾ ਕਰਨ ਵਾਲਿਆਂ ਦੇ ਹਥਿਆਰਾਂ ਦੇ ਲਾਇਸੰਸ ਵੀ ਰੱਦ ਕੀਤੇ ਜਾਣਗੇ।
ਉਨ੍ਹਾਂ ਪੁਲੀਸ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਗਲੇ 15 ਦਿਨ ਪੈਟਰੋਲਿੰਗ ਤੇ ਜਿਆਦਾ ਧਿਆਨ ਦਿੱਤਾ ਜਾਵੇ ਤਾਂ ਜੋ ਪਿੰਡਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤ ਵਿੱਚ ਅੱਗ ਲਗਣ ਦੀ ਸੰਭਾਵਨਾ ਹੋਵੇ ਜਾਂ ਅੱਗ ਲਗਾਈ ਗਈ ਹੋਵੇ, ਉਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਤੁਰੰਤ ਹੀ ਪੁੱਜ ਕੇ ਕਾਰਵਾਈ ਕੀਤੀ ਜਾਵੇ ਅਤੇ ਜ਼ੁਰਮਾਨੇ ਲਗਾਏ ਜਾਣ।
ਇਸੇ ਤਰ੍ਹਾਂ ਉਨ੍ਹਾਂ ਖ਼ੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਹੁਣ ਤੱਕ ਮਸ਼ੀਨਰੀ ਨਹੀਂ ਮਿਲੀ ਉਨ੍ਹਾਂ ਤੱਕ ਪਹੁੰਚਾਉਣ। ਇਸ ਤੋਂ ਬਿਨ੍ਹਾਂ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਪਰਾਲੀ ਨੂੰ ਸਾਂਭਣ ਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਨਾਲ ਕਰਨ ਲਈ ਪ੍ਰੇਰਤ ਕੀਤਾ ਜਾਵੇ।
ਉਨ੍ਹਾਂ ਕਲਸਟਰ ਅਤੇ ਨੋਡਲ ਅਫਸਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਨੇ ਹੁਣ ਤੱਕ ਪਰ ਹੁਣ ਅੰਤਲੇ ਦਿਨਾਂ ਵਿੱਚ ਵੀ ਇਸ ਤੇ ਜ਼ਮੀਨੀ ਪੱਧਰ ਤੇ ਕੰਮ ਕਰਦੇ ਹੋਏ ਤੇ ਆਪਸ ਵਿੱਚ ਤਾਲਮੇਲ ਬਣਾ ਕੇ ਰੱਖਦੇ ਹੋਏ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।v
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ . ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ. ਬਲਜਿੰਦਰ ਸਿੰਘ ਗਰੇਵਾਲ, ਐਸਪੀ ਸ਼੍ਰੀ ਤਰੁਣ ਰਤਨ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ, ਐਸਡੀਐਮ ਮੋਰਿੰਡਾ ਸ਼੍ਰੀ ਦੀਪਾਂਕਰ ਗਰਗ, ਐਸਡੀਐਮ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸ. ਮਨਦੀਪ ਸਿੰਘ ਢਿੱਲੋਂ, ਐਸਡੀਐਮ ਨੰਗਲ ਸ਼੍ਰੀਮਤੀ ਅਨਮਜੋਤ ਕੌਰ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਐਸਡੀਓ ਸ.ਬੀਰਦਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸ਼੍ਰੀ ਮਾਈਕਲ, ਖ਼ੇਤੀਬਾੜੀ ਅਫ਼ਸਰ ਸ਼੍ਰੀ ਪੰਕਜ ਸਿੰਘ, ਡੀ.ਐਸ.ਪੀ. ਸ. ਜਰਨੈਲ ਸਿੰਘ, ਡੀ.ਐਸ.ਪੀ. ਸ. ਮਨਜੀਤ ਸਿੰਘ ਔਲਖ, ਡੀ.ਐਸ.ਪੀ. ਤਰਲੋਚਨ ਸਿੰਘ, ਡੀ.ਐਸ.ਪੀ. ਅਜੈ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ, ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਗਏ ਸਮੂਹ ਨੋਡਲ ਅਫ਼ਸਰ ਹਾਜ਼ਰ ਸਨ।