ਜਸਟਿਸ ਅਮਰਜੋਤ ਭੱਟੀ ਨੇ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜਸਟਿਸ ਅਮਰਜੋਤ ਭੱਟੀ ਨੇ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ
ਰੂਪਨਗਰ, 27 ਮਾਰਚ: ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪ੍ਰਸ਼ਾਸਕੀ ਜੱਜ, ਸੈਸ਼ਨ ਡਿਵੀਜ਼ਨ ਰੂਪਨਗਰ ਮਾਨਯੋਗ ਜਸਟਿਸ ਅਮਰਜੋਤ ਭੱਟੀ ਵੱਲੋਂ ਅੱਜ ਰੂਪਨਗਰ ਜ਼ਿਲ੍ਹੇ ਅਦਾਲਤਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ ਗਿਆ।
ਰੂਪਨਗਰ ਵਿਖੇ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ, ਜ਼ਿਲ੍ਹਾ ਪੁਲੀਸ ਮੁਖੀ ਸ. ਮਨਿੰਦਰ ਸਿੰਘ ਅਤੇ ਹੋਰ ਉੱਚ ਸਿਵਲ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤਾ ਗਿਆ।
ਜਸਟਿਸ ਅਮਰਜੋਤ ਭੱਟੀ ਵੱਲੋਂ ਕੀਤੇ ਗਏ ਇਸ ਦੌਰੇ ਦਾ ਉਦੇਸ਼ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਅਪੀਲਕਰਤਾਵਾਂ, ਵਕੀਲਾਂ ਅਤੇ ਕੈਦੀਆਂ ਲਈ ਸਹੂਲਤਾਂ ਵਿੱਚ ਸੁਧਾਰ ਲਿਆਉਣਾ ਸੀ।
ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦੇਣ ਲਈ ਮਾਨਯੋਗ ਜਸਟਿਸ ਅਮਰਜੋਤ ਭੱਟੀ ਵੱਲੋਂ ਜ਼ਿਲ੍ਹਾ ਅਦਾਲਤਾਂ ਰੂਪਨਗਰ ਵਿਖੇ ਇੱਕ ਪੌਦਾ ਵੀ ਲਗਾਇਆ ਗਿਆ ਅਤੇ “ਹਰ ਇੱਕ ਵਿਅਕਤੀ ਇੱਕ ਪੌਦਾ ਲਗਾਓ” ਦਾ ਸੰਦੇਸ਼ ਦਿੱਤਾ ਗਿਆ।
ਉਨ੍ਹਾਂ ਵੱਲੋਂ ਇਸ ਦੌਰੇ ਦੌਰਾਨ ਰੋਪੜ ਜੇਲ੍ਹ ਦਾ ਦਾ ਵਿਸਥਾਰ ਨਾਲ ਨਿਰੀਖਣ ਕੀਤਾ ਗਿਆ। ਮਾਨਯੋਗ ਜਸਟਿਸ ਅਮਰਜੋਤ ਭੱਟੀ ਨੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਧਿਆਨ ਨਾਲ ਸੁਣੀਆਂ। ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਮਸਲਿਆਂ ਦੀ ਜਾਂਚ ਕਰਕੇ ਉਚਿਤ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਜੇਲ੍ਹ ਹਸਪਤਾਲ ਦਾ ਵੀ ਨਿਰੀਖਣ ਕਰਕੇ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਗਈ।
ਇਸ ਦੌਰੇ ਦੌਰਾਨ ਉਨ੍ਹਾਂ ਨੇ ਰੂਪਨਗਰ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਜੱਜ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਐੱਸਪੀ ਸ਼੍ਰੀ ਅਰਵਿੰਦ ਮੀਨਾ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।