ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੇਲਾ ਕਾਲਜ ਵਿੱਚ ਨਸ਼ਿਆਂ ਵਿਰੋਧੀ ਪੰਜਾਬ ਮੁਹਿੰਮ ਸਬੰਧੀ ਵਿਸ਼ੇਸ਼ ਪ੍ਰੋਗਰਾਮ ਆਯੋਜਿਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੇਲਾ ਕਾਲਜ ਵਿੱਚ ਨਸ਼ਿਆਂ ਵਿਰੋਧੀ ਪੰਜਾਬ ਮੁਹਿੰਮ ਸਬੰਧੀ ਵਿਸ਼ੇਸ਼ ਪ੍ਰੋਗਰਾਮ ਆਯੋਜਿਤ
ਰੂਪਨਗਰ, 7 ਅਕਤੂਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਪੰਜਾਬ ਮੁਹਿੰਮ ਦੇ ਅੰਤਰਗਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ, ਰੂਪਨਗਰ ਵਿਖੇ ਨਸ਼ਿਆਂ ਵਿਰੋਧੀ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਪ੍ਰਾਇਮਰੀ ਸਕੂਲ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੁਆਰਾ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਨੂੰ ਆਪਣੇ ਦੁਆਰਾ ਤਿਆਰ ਕੀਤੀਆਂ ਗਈਆਂ ਸਕਿੱਟਾਂ/ਡਰਾਮਿਆਂ ਦੇ ਰਾਹੀਂ ਬੜੇ ਹੀ ਵਿਲ਼ੱਖਣ ਅਤੇ ਸੋਹਣੇ ਅੰਦਾਜ਼ ਵਿੱਚ ਪ੍ਰਦਰਸ਼ਿਤ ਕੀਤਾ ਜਿਸ ਦੀ ਸ਼ਲਾਘਾ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਸਰੋਤਿਆਂ ਵੱਲੋਂ ਕੀਤੀ ਗਈ ਇਸ ਤੋਂ ਇਲਾਵਾ ਕਾਲਜ ਦੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਉਨ੍ਹਾਂ ਨੇ ਨਸ਼ਿਆਂ ਦੇ ਸੇਵਨ ਦੇ ਨੁਕਸਾਨਾਂ ਨੂੰ ਬੜੇ ਵਧੀਆ ਤਰੀਕੇ ਨਾਲ ਚਿਤਰਿਆ।
ਇਸ ਮੌਕੇ ਸੰਬੋਧਨ ਕਰਦਿਆਂ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਨਸ਼ਾ ਇੱਕ ਕੋਹੜ ਹੈ ਜਿਹੜਾ ਸਿਰਫ ਇੱਕ ਇਨਸਾਨ ਨੂੰ ਨਹੀਂ ਬਲਕਿ ਪੂਰੇ ਪਰਿਵਾਰ ਨੂੰ ਖਤਮ ਕਰ ਦਿੰਦਾ ਹੈ। ਸਾਨੂੰ ਇਸ ਦੇ ਭੈੜੇ ਤੇ ਦੁਰਗਾਮੀ ਨਤੀਜਿਆਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਵਿਚਰਦਾ ਹਰ ਉਹ ਨਾਗਰਿਕ ਜਿਹੜਾ ਨਸ਼ਿਆਂ ਤੋਂ ਗ੍ਰਸਤ ਹੈ ਉਸ ਨੂੰ ਨਸ਼ਿਆਂ ਦੀ ਦਲਦਲ ਤੋਂ ਮੁੜ ਆਉਣ ਚਾਹੀਦਾ ਹੈ ਅਤੇ ਇੱਕ ਚੰਗੇ ਨਾਗਰਿਕ ਦੀ ਤਰ੍ਹਾਂ ਸਮਾਜ ਵਿੱਚ ਵਿਚਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਸਾਡਾ ਭਵਿੱਖ ਹੈ ਜਿਸ ਨੂੰ ਕਿ ਨਸ਼ਿਆਂ ਵਿੱਚ ਪੈ ਕੇ ਆਪਣਾ ਜੀਵਨ ਬਰਬਾਦ ਨਹੀਂ ਕਰਨਾ ਚਾਹੀਦਾ। ਉਨ੍ਹਾ ਦੱਸਿਆ ਕਿ ਨਸ਼ਾ ਵਿਰੋਧੀ ਪੰਜਾਬ ਮੁਹਿੰਮ ਪੂਰੇ ਮਹੀਨੇ ਚੱਲੇਗੀ ਜਿਸ ਦੁਆਰਾ ਉਨ੍ਹਾਂ ਨੇ ਸਮਾਜ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ।