ਬੰਦ ਕਰੋ

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਲਈ ਮੰਡੀਆਂ ‘ਚ ਯੋਗ ਪ੍ਰਬੰਧ ਕਰਨ ਦੀ ਹਿਦਾਇਤ

ਪ੍ਰਕਾਸ਼ਨ ਦੀ ਮਿਤੀ : 12/09/2025
Deputy Commissioner instructs to make proper arrangements in the markets for the procurement of paddy crop

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਲਈ ਮੰਡੀਆਂ ‘ਚ ਯੋਗ ਪ੍ਰਬੰਧ ਕਰਨ ਦੀ ਹਿਦਾਇਤ

•ਖਰੀਫ਼ ਸੀਜ਼ਨ 16 ਸਤੰਬਰ ਤੋਂ ਸ਼ੁਰੂ

ਰੂਪਨਗਰ, 12 ਅਗਸਤ: ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮਿੰਨੀ ਸਕੱਤਰੇਤ, ਰੂਪਨਗਰ ਵਿਖੇ ਡਿਪਟੀ ਕਮਿਸ਼ਨਰ, ਰੂਪਨਗਰ, ਸ੍ਰੀ ਵਰਜੀਤ ਵਾਲੀਆ ਵੱਲੋਂ ਮੁੱਖ ਮੰਤਰੀ ਖੇਤਰੀ ਅਫ਼ਸਰ, ਸਹਾਇਕ ਡਿਪਟੀ ਕਮਿਸ਼ਨਰ (ਡੀ), ਜ਼ਿਲ੍ਹੇ ਦੇ ਸਮੂਹ ਉਪ-ਮੰਡਲ ਮੈਜਿਸਟ੍ਰੇਟਸ, ਜ਼ਿਲ੍ਹਾ ਕੰਟਰੋਲਰ, ਖੁਰਾਕ ਸਪਲਾਈਜ਼, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਜ਼, ਮੁੱਖ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਮੀਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ 2025 ਤੋਂ ਸੁ਼ਰੂ ਕੀਤਾ ਜਾ ਰਿਹਾ ਹੈ, ਜੋ ਕਿ 30.11.2025 ਤੱਕ ਮੁਕੰਮਲ ਕੀਤਾ ਜਾਵੇਗਾ, ਜਿਸ ਨਾਲ ਮੰਡੀਆਂ ਵਿੱਚ ਝੋਨੇ ਦੀ ਫਸਲ ਸਰਕਾਰੀ ਰੇਟ ‘ਤੇ ਵੇਚਣ ਲਈ ਕਿਸਾਨਾਂ ਨੂੰ ਹੋਰ ਵਧੇਰੇ ਸਮਾਂ ਮਿਲ ਜਾਵੇਗਾ।

ਉਨ੍ਹਾਂ ਦੱਸਿਆ ਕਿ ਖਰੀਫ਼ ਸੀਜ਼ਨ ਵਿੱਚ ਵੀ ਕਿਸਾਨਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਲਿਆਈ ਜਾਣ ਵਾਲੀ ਝੋਨੇ ਦੀ ਫ਼ਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਵਿੱਚ ਹੀ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਝੋਨਾ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ-ਸਟੇਟ ਨਾਕੇ ਅਤੇ ਫਲਾਇੰਗ ਸਕੁਐਡ ਰਾਹੀਂ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫਸਲ ਦਾ ਇਕੱਲਾ-ਇਕੱਲਾ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਪੈਸੀਫਿਕੇਸ਼ਨ ਅਨੁਸਾਰ 17 ਪ੍ਰਤੀਸ਼ਤ ਨਮੀ ਤੱਕ ਵਾਲਾ ਝੋਨਾ ਹੀ ਮੰਡ ਵਿੱਚ ਫਸਲ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।

ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ।

ਉਨ੍ਹਾਂ ਅੱਗੇ ਦੱਸਿਆ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜਿੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।

ਉਨ੍ਹਾਂ ਦੱਸਿਆ ਕਿ ਫ਼ਸਲੀ ਰਹਿੰਦ-ਖੂਹੰਦ ਦੇ ਯੋਗ ਪ੍ਰਬੰਧਨ ਨਾਲ ਫ਼ਸਲ ਦਾ ਝਾੜ ਵੀ ਵੱਧਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ।