ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ “ਪ੍ਰੋਜੈਕਟ ਸੰਪਰਕ” ਪ੍ਰੋਗਰਾਮ ਤਹਿਤ ਮੋਰਿੰਡਾ ਦੇ ਲੋਕਾਂ ਨਾਲ ਕੀਤੀ ਮਿਲਣੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ “ਪ੍ਰੋਜੈਕਟ ਸੰਪਰਕ” ਪ੍ਰੋਗਰਾਮ ਤਹਿਤ ਮੋਰਿੰਡਾ ਦੇ ਲੋਕਾਂ ਨਾਲ ਕੀਤੀ ਮਿਲਣੀ
ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਐੱਸਐੱਸਪੀ
ਜਿੱਥੇ ਅੱਜ ਤੱਕ ਪੰਜਾਬੀਆਂ ਨੇ ਵੱਡੇ-ਵੱਡੇ ਜੰਗ ਦੇ ਮੈਦਾਨ ਫ਼ਤਹਿ ਕੀਤੇ, ਉਥੇ ਨਸ਼ਿਆਂ ਦੇ ਕੋਹੜ ਨੂੰ ਵੀ ਜਲਦ ਖਤਮ ਕੀਤਾ ਜਾਵੇਗਾ- ਡਿਪਟੀ ਕਮਿਸ਼ਨਰ
ਮੋਰਿੰਡਾ, 17 ਅਪ੍ਰੈਲ: ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ। ਇਸ ਲਈ ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਆਮ ਲੋਕ ਪੁਲਿਸ ਦੇ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਰਿਆਸਤ ਪੈਲੇਸ ਰੂਪਨਗਰ ਵਿਖੇ ਰੂਪਨਗਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕਰਵਾਏ ਗਏ ਪ੍ਰੋਗਾਰਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ।
ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਮੁਕੰਮਲ ਨਾਸ਼ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਧਰ ‘ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਜੋ ਮੁਹਿੰਮ ਆਰੰਭੀ ਗਈ ਹੈ, ਇਸ ਮੁਹਿੰਮ ਵਿਚ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਇਕੱਠੇ ਹੋ ਕੇ ਹੀ ਨਸ਼ਿਆ ਨੂੰ ਜੜ੍ਹ ਤੋਂ ਖਤਮ ਕਰ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਪ੍ਰੋਜੈਕਟ ਸੰਪਰਕ ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ।ਪ੍ਰੋਜੈਕਟ ਸੰਪਰਕ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਇਲਾਕੇ ਵਿੱਚ ਪੇਸ਼ ਹੋ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।
ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵਿਰੁੱਧ ਵਿੰਢੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜ਼ਿਲ੍ਹਾ ਰੂਪਨਗਰ ਵੱਲੋਂ ਹੁਣ ਤੱਕ 69 ਮੁਕੱਦਮੇ ਦਰਜ ਕਰਕੇ ਉਨ੍ਹਾਂ ਵਿੱਚ 105 ਦੇ ਕਰੀਬ ਡਰੱਗ ਪੈਡਲਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਪਾਸੋਂ 17 ਕਿੱਲੋ 242 ਗ੍ਰਾਮ ਭੁੱਕੀ, 02 ਕਿੱਲੋ 839 ਗ੍ਰਾਮ ਭੁੱਕੀ ਦੇ ਪੌਦੇ, 10740 ਗੋਲੀਆਂ/ਕੈਸਪੂਲ, 251 ਨਸ਼ੀਲੇ ਟੀਕੇ, 126 ਗ੍ਰਾਮ 213 ਮਿਲੀ.ਗ੍ਰਾਮ ਹੈਰੋਇਨ, 01 ਕਿੱਲੋ 765 ਗ੍ਰਾਮ 203 ਮਿਲੀਗ੍ਰਾਮ ਨਸ਼ੀਲਾ ਪਾਊਡਰ ਅਤੇ 33950 ਰੁਪਏ ਦੀ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਨਾਲ ਹੀ ਇਹ ਵੀ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਵਰਗੀਆਂ ਅਲਾਮਤਾਂ ਤੇ ਹੋਰ ਅਪਰਾਧਾਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਨਿਰੰਤਰ ਜ਼ਮੀਨੀ ਪੱਧਰ ਤੇ ਕੰਮ ਕਰ ਰਹੀ ਹੈ। ਉਨ੍ਹਾਂ ਇਤਿਹਾਸ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਿੱਥੇ ਅੱਜ ਤੱਕ ਪੰਜਾਬੀਆਂ ਨੇ ਵੱਡੇ ਵੱਡੇ ਜੰਗ ਦੇ ਮੈਦਾਨ ਫ਼ਤਹਿ ਕਿੱਥੇ ਹਨ, ਉੱਥੇ ਇਸ ਨਸ਼ਿਆਂ ਦੇ ਕੋਹੜ ਨੂੰ ਵੀ ਜਲਦ ਖਤਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਕਾਨੂੰਨ ਮੁਤਾਬਿਕ ਕਾਰਵਾਈ ਕਰ ਰਹੀ ਹੈ, ਉਥੇ ਹੀ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਨਾਲ ਉਨ੍ਹਾਂ ਦੀਆਂ ਬਰੂਹਾਂ ਤੇ ਜਾ ਕੇ ਤਾਲਮੇਲ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਨਸ਼ੇ ਦੀ ਇਸ ਮੁਹਿਮ ਵਿੱਚ ਪੰਜਾਬ ਸਰਕਾਰ ਦਾ ਵੱਧ ਚੜ ਕੇ ਸਾਥ ਦਿਓ ਅਤੇ ਨਸ਼ਾ ਵੇਚਣ ਵਾਲੇ ਤੇ ਨਸ਼ਾ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿਓ।
ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ, ਗੈਂਗਸਟਰ ਮਾਫੀਆ ਅਤੇ ਹੋਰ ਮਸਲਿਆਂ ਬਾਰੇ ਪਹੁੰਚੀਆਂ ਸਖਸ਼ੀਅਤਾਂ, ਮੋਹਤਬਾਰਾਂ, ਸਕੂਲੀ/ਕਾਲਜੀ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ ਅਤੇ ਉਨ੍ਹਾਂ ਤੋਂ ਵੀ ਸੁਝਾਅ ਲਏ ਗਏ। ਇਸ ਤੋਂ ਇਲਾਵਾ ਕ੍ਰਾਂਤੀ ਕਲਾ ਮੰਚ ਵੱਲੋਂ ਨਸ਼ਿਆਂ ਵਿਰੁੱਧ ਨਾਟਕ ਖੇਡ ਕੇ ਵੀ ਆਏ ਹੋਏ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਐੱਸਪੀ ਹੈਡਕਵਾਟਰ ਸ਼੍ਰੀ ਅਰਵਿੰਦ ਮੀਨਾ, ਡੀਐਸਪੀ ਮੋਰਿੰਡਾ ਸ. ਜਤਿੰਦਰਪਾਲ ਸਿੰਘ, ਐੱਸਐੱਚਓ ਸ. ਸ਼ਵਿੰਦਰ ਸਿੰਘ, ਐੱਸਐੱਚਓ ਸ. ਹਰਜਿੰਦਰ ਸਿੰਘ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡਾਂ ਤੋਂ ਆਏ ਮੋਹਤਬਰ ਸੱਜਣ ਹਾਜ਼ਰ ਸਨ।