ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਮੂਹ ਐਸ.ਡੀ.ਐਮ. ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਕਰਨ ਦੇ ਦਿੱਤੇ ਹੁਕਮ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਮੂਹ ਐਸ.ਡੀ.ਐਮ. ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਕਰਨ ਦੇ ਦਿੱਤੇ ਹੁਕਮ
• ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ
• ਹੁਣ ਤੱਕ ਜ਼ਿਲ੍ਹਾ ਰੂਪਨਗਰ ਵਿਚ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ
ਰੂਪਨਗਰ, 16 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ, ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਮੂਹ ਸਬ ਡਿਵਿਜ਼ਨ ਮੈਜਿਸਟਰੇਟਾਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਪੁਲਿਸ ਤੇ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਹ ਆਪਣੇ ਨਾਲ ਸਬੰਧਿਤ ਪਿੰਡਾਂ ਵਿਖੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਜ਼ੀਰੋ ਤੱਕ ਲਿਆਉਣ ਲਈ ਲਗਾਤਾਰ ਪਿੰਡਾਂ ਵਿਚ ਨਿਗਰਾਨੀ ਕਰਨ ਅਤੇ ਕਿਸਾਨਾਂ ਸਮੇਤ ਪੰਚਾਇਤਾਂ ਨੂੰ ਇਸ ਮੁਹਿੰਮ ਨਾਲ ਜੋੜਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਹਮੇਸ਼ਾ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਨੂੰ ਲੈਕੇ ਸੂਬੇ ਵਿਚ ਅੱਗੇ ਰਹਿੰਦਾ ਹੈ ਅਤੇ ਇਸ ਮੰਤਵ ਨੂੰ ਬਰਕਰਾਰ ਰੱਖਣ ਲਈ ਜ਼ਮੀਨੀ ਪੱਧਰ ਉਤੇ ਤਾਇਨਾਤ ਕੀਤੇ ਗਏ ਐਸ.ਡੀ.ਐਮ ਅਤੇ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਨੂੰ ਕਿਸਾਨਾਂ ਅਤੇ ਪੰਚਾਇਤਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ ਜਿਸ ਲਈ ਇਹ ਸਾਰੇ ਸ਼ਲਾਘਾ ਦੇ ਪਾਤਰ ਹਨ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰ ਐਸ.ਡੀ.ਐਮ.ਆਪਣੀ ਤਹਿਸੀਲ ਵਿੱਚ ਬਣੇ ਕੰਟਰੋਲ ਰੂਮ ਦੀ ਨਿਗਰਾਨੀ ਖ਼ੁਦ ਕਰੇ ਅਤੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਵਿੱਚ ਰਹੇ ਅਤੇ ਜਿਥੇ ਵੀ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਜਾ ਕੇ ਕਾਬੂ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾਂ ਸਿਰਫ਼ ਹਵਾ ਪ੍ਰਦੂਸ਼ਣ ਵਧਦਾ ਹੈ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਅਤੇ ਲੋਕਾਂ ਦੇ ਸਿਹਤ ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ। ਇਸ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਪਰਾਲੀ ਨੂੰ ਨਸ਼ਟ ਕਰਨ ਦੀ ਥਾਂ ਇਸ ਦਾ ਦੁਬਾਰਾ ਉਪਯੋਗ ਕਰਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਾਰੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸਟਰਾਅ ਮੈਨੇਜਮੈਂਟ ਸਿਸਟਮ, ਰੀਪਰ-ਬਾਈਂਡਰ, ਰੋਟਾਵੇਟਰ ਆਦਿ ਮਸ਼ੀਨਰੀ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਮਸ਼ੀਨਰੀ ਦੀ ਤਾਇਨਾਤੀ ਸੂਚੀ ਤਿਆਰ ਕਰਕੇ ਪਿੰਡ ਪੱਧਰ ‘ਤੇ ਨਿਰੰਤਰ ਪਹੁੰਚਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਤੁਰੰਤ ਸਹੂਲਤ ਮਿਲ ਸਕੇ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣ, ਉਥੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਦੇ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਹੁਣ ਤੱਕ ਅਸੀਂ ਆਪਣੇ ਟੀਚੇ ਨੂੰ ਹਾਸਲ ਕਰਨ ਲਈ ਸਫਲ ਹੋਏ ਹਾਂ।
ਉਨ੍ਹਾਂ ਨੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਪੰਚਾਂ ਅਤੇ ਪਿੰਡ ਪੱਧਰ ਦੇ ਆਗੂਆਂ ਰਾਹੀਂ ਲੋਕ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਇਸ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ, ਆਂਗਣਵਾੜੀ ਵਰਕਰਾਂ ਅਤੇ ਸਵੈ ਸੇਵੀ ਸੰਗਠਨਾਂ ਦੀ ਸਹਾਇਤਾ ਵੀ ਲਈ ਜਾਵੇ ਤਾਂ ਜੋ ਹਰ ਪਿੰਡ ਵਿੱਚ ਲੋਕਾਂ ਨੂੰ ਸਮਝ ਆ ਸਕੇ ਕਿ ਪਰਾਲੀ ਸਾੜਨ ਦੀ ਥਾਂ ਇਸਨੂੰ ਜੈਵਿਕ ਖਾਦ ਵਜੋਂ ਵਰਤਿਆ ਜਾਵੇ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਵੱਜੋ ਹੈ ਕਿ ਇਸ ਵਾਰ ਰੂਪਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਦਰਜ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਕੰਮ ਸਿਰਫ਼ ਸਰਕਾਰੀ ਵਿਭਾਗਾਂ ਦਾ ਨਹੀਂ ਸਗੋਂ ਹਰ ਕਿਸਾਨ, ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਕਿ ਉਹ ਸਾਫ਼ ਵਾਤਾਵਰਨ ਲਈ ਆਪਣਾ ਯੋਗਦਾਨ ਦੇਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਆਈਏਐੱਸ ਅੰਡਰ ਟ੍ਰੇਨਿੰਗ ਅਭਿਮੰਨਿਊ ਮਲਿਕ, ਐੱਸਪੀ ਅਰਵਿੰਦ ਮੀਨਾ, ਐਸਡੀਐਮ ਰੂਪਨਗਰ ਸੰਜੀਵ ਕੁਮਾਰ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਖੇਤੀਬਾੜੀ ਅਫ਼ਸਰ ਪੰਕਜ ਸਿੰਘ, ਜ਼ਿਲ੍ਹਾ ਮੰਡੀ ਅਫਸਰ ਸੁਰਿੰਦਰਪਾਲ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।