ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਸ਼ਹਿਰ ਦੀਆਂ ਪੀਣ ਵਾਲੇ ਪਾਣੀ ਦੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਜਲਦ ਹੱਲ ਕਰਨ ਦੀ ਕੀਤੀ ਹਦਾਇਤ
ਰੂਪਨਗਰ, 27 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਸੰਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਪੀਣ ਵਾਲੇ ਪਾਣੀ ਦੀ, ਸੀਵਰੇਜ ਦੀ ਸਮੱਸਿਆ ਅਤੇ ਹੋਰ ਵੀ ਆ ਰਹੀਆਂ ਮੁਸ਼ਕਲਾਂ ਨੂੰ ਜਲਦ ਹੱਲ ਕਰਨ ਦੀ ਹਦਾਇਤ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਭ ਤੋਂ ਵੱਧ ਸਮੱਸਿਆ ਨੂੰ ਜਲਦ ਹੱਲ ਕਰਨ ਅਤੇ ਸਾਰੇ ਸ਼ਹਿਰ ਵਾਸੀਆਂ ਨੂੰ ਸਵੇਰ-ਸ਼ਾਮ ਸਾਫ਼ ਸੁਥਰਾ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।
ਉਨ੍ਹਾਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ. ਮਨਜੀਤ ਸਿੰਘ ਢੀਂਡਸਾ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਰੂਪਨਗਰ ਸ਼ਹਿਰ ਵਿੱਚ ਚੱਲ ਰਹੀਆਂ ਲਾਈਟਾਂ ਖ਼ਰਾਬ ਨਹੀਂ ਹੋਣੀਆਂ ਚਾਹੀਦੀਆਂ, ਬਲਕਿ ਹਰ ਸਮੇਂ ਚੱਲਦੀ ਹਾਲਤ ਵਿੱਚ ਚਾਹੀਦੀਆਂ ਹਨ। ਉਨ੍ਹਾਂ ਸ਼ਹਿਰ ਵਿੱਚ ਗਾਂਧੀ ਨਗਰ ਨੇੜੇ ਅਤੇ ਹੋਰ ਵੀ ਕਈ ਥਾਵਾਂ ਤੇ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਹਦਾਇਤ ਕੀਤੀ।
ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਰੂਪਨਗਰ ਸ਼ਹਿਰ ਦੇ ਚੱਲ ਰਹੇ ਹੋਰ ਵਿਕਾਸ ਕਾਰਜਾਂ ਨੂੰ ਵੀ ਸਮੇਂ ਅਨੁਸਾਰ ਨੇਪੜੇ ਚਾੜਨ ਲਈ ਕਿਹਾ ਗਿਆ।ਉਨ੍ਹਾਂ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਹੱਲ ਕਰਨ ਸਬੰਧੀ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਇਸ਼ਾ ਸਿੰਗਲ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਸ਼੍ਰੀ ਮਾਈਕਲ, ਐਮ.ਈ. ਲੋਕ ਨਿਰਮਾਣ ਵਿਭਾਗ ਸ਼੍ਰੀ ਕੁਲਦੀਪ ਕੁਮਾਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।