ਬੰਦ ਕਰੋ

ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਹਾ ਲੈਣ ਕਿਸਾਨ: ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨ ਦੀ ਮਿਤੀ : 10/10/2022
Farmers to take maximum advantage of modern machinery for stubble management: Dr. Preeti Yadav

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਹਾ ਲੈਣ ਕਿਸਾਨ: ਡਾ. ਪ੍ਰੀਤੀ ਯਾਦਵ

ਬਲਾਕ ਤੇ ਪਿੰਡ ਪੱਧਰ ਅਤੇ ਕਿਸਾਨ ਗਰੁੱਪਾਂ ਕੋਲ ਮਸ਼ੀਨਰੀ ਉਪਲਬੱਧ

ਖੇਤੀਬਾੜੀ, ਸਹਿਕਾਰਤਾ ਤੇ ਬੀ.ਡੀ.ਪੀ.ਓ. ਦਫਤਰ ਨਾਲ ਰਾਬਤਾ ਕਰ ਕੇ ਹਾਸਲ ਕੀਤੀ ਜਾ ਸਕਦੀ ਹੈ ਮਸ਼ੀਨਰੀ

ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਪਰਾਲੀ ਸਾੜਨ ਦੀਆਂ ਘਟਨਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਇਕ ਕਰ ਕੇ ਕਰ ਰਿਹਾ ਹੈ ਕੰਮ

ਰੂਪਨਗਰ, 10 ਅਕਤੂਬਰ

ਪਰਾਲੀ ਸਾੜਨ ਨਾਲ ਹੋਣ ਵਾਲੇ ਧੂਏਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿਖ ਲਈ ਲਾਜ਼ਮੀ ਹੈ ਕਿ ਕਿਸੇ ਵੀ ਹਾਲ ਪਰਾਲੀ ਨਾ ਸਾੜੀ ਜਾਵੇ। ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹੈ ਪੰਜਾਬ ਸਰਕਾਰ ਵੱਲੋਂ ਫੈਸਿਲੀਟੇਸ਼ਨ ਸੈਂਟਰ ਵੀ ਖੋਲ੍ਹੇ ਗਏ ਹਨ ਤੇ ਬਲਾਕ ਤੇ ਪਿੰਡ ਪੱਧਰ ਅਤੇ ਕਿਸਾਨ ਗਰੁੱਪਾਂ/ਕਸਟਮ ਹਾਇਰਿੰਗ ਸੈਂਟਰਜ਼ ਨੂੰ ਮਸ਼ੀਨਰੀ ਉਪਲਬੱਧ ਕਰਵਾਈ ਗਈ ਹੈ। ਖੇਤੀਬਾੜੀ, ਸਹਿਕਾਰਤਾ ਤੇ ਸਬੰਧਤ ਬੀ.ਡੀ.ਪੀ.ਓ. ਦਫਤਰ ਨਾਲ ਰਾਬਤਾ ਕਰ ਕੇ ਮਸ਼ੀਨਰੀ ਹਾਸਲ ਕੀਤੀ ਜਾ ਸਕਦੀ ਹੈ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ

ਪਰਾਲੀ ਸਾੜਨ ਨੂੰ ਰੋਕਣ ਸਬੰਧੀ ਕਾਰਵਾਈ ਦੀ ਸਮੀਖਿਆ ਲਈ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਉਪਰੰਤ ਸਾਂਝੀ ਕੀਤੀ। ਉਹਨਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਇਕ ਕਰ ਕੇ ਕੰਮ ਕਰ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਫ਼ਸਰ ਦੇ ਨੰਬਰ 94630-73047 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪੂਰੀ ਮਿਹਨਤ ਨਾਲ ਕੰਮ ਕਰਨ। ਇਹ ਮਸਲਾ ਲੋਕਾਂ ਦੀ ਸਿਹਤ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਸਬੰਧਿਤ ਹੈ ਇਸ ਲਈ ਇਸ ਸਬੰਧੀ ਕੋਈ ਢਿੱਲ ਨਾ ਵਰਤੀ ਜਾਵੇ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਹਰਵਿੰਦਰ ਲਾਲ ਚੋਪੜਾ ਨੇ ਦੱਸਿਆ ਕਿ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਖੇਤਾਂ ਵਿੱਚ ਹੀ ਦਬਾਉਣ ਨਾਲ ਜ਼ਮੀਨ ਵਿੱਚ ਜੈਵਿਕ ਮਾਦਾ ਵੱਧਦਾ ਹੈ, ਖਾਦਾਂ ਦੇ ਖਰਚੇ ਘੱਟਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।

ਹੈਪੀ ਸੀਡਰ ਦੀ ਵਰਤੋਂ ਕਰਨ ਨਾਲ ਮਸ਼ੀਨ ਕਣਕ ਦੀ ਬਿਜਾਈ ਦੌਰਾਨ ਝੋਨੇ ਦੀ ਪਰਾਲੀ ਨੂੰ ਕਣਕ ਦੇ ਸਿਆੜਾਂ ਵਿਚਕਾਰ ਇੱਕ ਸਾਰ ਮਲਚ ਦੇ ਰੂਪ ਵਿੱਚ ਵਿਛਾਉਣ ਉਪਰੰਤ ਦਬਾਅ ਦਿੰਦੀ ਹੈ, ਜਿਸ ਕਰ ਕੇ ਕਣਕ ਦਾ ਪੁੰਗਾਰਾ ਤੇ ਮੁੱਢਲਾ ਵਾਧਾ ਵਧੀਆ ਹੁੰਦਾ ਹੈ ਅਤੇ ਨਦੀਨਾਂ ਦੀ ਘਣਤਾ ਵੀ ਨਾ ਮਾਤਰ ਹੀ ਹੁੰਦੀ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਹਾਲ ਪਰਾਲੀ ਨੂੰ ਅੱਗ ਨਾ ਲਗਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਮਨਜੀਤ ਸਿੰਘ ਮਾਨ, ਐੱਸ.ਡੀ.ਐੱਮ. ਰੂਪਨਗਰ ਹਰਬੰਸ ਸਿੰਘ, ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਮਨੀਸ਼ਾ ਰਾਣਾ, ਐੱਸ.ਡੀ.ਐੱਮ. ਨੰਗਲ ਕਿਰਨ ਸ਼ਰਮਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।