ਬੰਦ ਕਰੋ

ਪਿੰਡਾਂ ਦੇ ਮਸਲੇ ਪਿੰਡਾਂ ਵਿੱਚ ਪੁੱਜ ਕੇ ਕਰਾਂਗੇ ਹੱਲ: ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨ ਦੀ ਮਿਤੀ : 10/11/2022
We will solve the problems of the villages by reaching the villages: Dr. Preeti Yadav

ਪਿੰਡਾਂ ਦੇ ਮਸਲੇ ਪਿੰਡਾਂ ਵਿੱਚ ਪੁੱਜ ਕੇ ਕਰਾਂਗੇ ਹੱਲ: ਡਾ. ਪ੍ਰੀਤੀ ਯਾਦਵ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਪਿੰਡਾਂ ਦੇ ਮਸਲੇ ਪਿੰਡਾਂ ਵਿੱਚ ਪੁੱਜ ਕੇ ਕਰਾਂਗੇ ਹੱਲ: ਡਾ. ਪ੍ਰੀਤੀ ਯਾਦਵ

ਪਿੰਡ ਮਲਕਪੁਰ ਵਿਖੇ ਜਨ ਸੁਣਵਾਈ ਕੈਂਪ ਨੂੰ ਭਰਵਾਂ ਹੁੰਗਾਰਾ

ਆਲੇ ਦੁਆਲੇ ਦੇ ਵੱਖੋ-ਵੱਖ ਪਿੰਡਾਂ ਦੇ ਲੋਕਾਂ ਨੇ ਲਿਆ ਲਾਹਾ

ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

ਰੂਪਨਗਰ, 10 ਨਵੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਅਧੀਨ ਜ਼ਿਲ੍ਹੇ ਦੇ ਪਿੰਡ ਮਲਕਪੁਰ ਵਿਖੇ ਜਨ ਸੁਣਵਾਈ ਕੈਂਪ ਲਾਇਆ ਗਿਆ, ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਕੈਂਪ ਦਾ ਪਿੰਡ ਮਲਕਪੁਰ ਦੇ ਲੋਕਾਂ ਦੇ ਨਾਲ-ਨਾਲ ਆਲ਼ੇ ਦੁਆਲੇ ਦੇ ਹੋਰਨਾਂ ਪਿੰਡਾਂ ਦੇ ਲੋਕਾਂ ਨੇ ਲਾਭ ਲਿਆ। ਇਸ ਮੌਕੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ।

ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਦਰਜ ਕੀਤੀਆਂ ਗਈਆਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਗਲੇਰੀ ਕਾਰਵਾਈ ਵੀ ਆਰੰਭੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਸਬੰਧੀ ਲੋੜੀਂਦੀ ਕਾਰਵਾਈ ਵੀ ਸ਼ੁਰੂ ਕੀਤੀ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ।

ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਜਾਰੀ ਕਾਰਜ ਪ੍ਰਣਾਲੀ ਦੇ ਨਾਲ ਨਾਲ ਪਿੰਡਾਂ ਵਿੱਚ ਪੁੱਜ ਕੇ ਪਿੰਡਾਂ ਦੇ ਮਸਲੇ ਹੱਲ ਕੀਤੇ ਜਾਣਗੇ। ਇਹ ਕੈਂਪ ਉਸ ਹੀ ਦਿਸ਼ਾ ਵਿੱਚ ਚੁੱਕਿਆ ਕਦਮ ਹੈ ਤੇ ਇਹ ਕੈਂਪ ਲਗਾਉਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਲੋਕਾਂ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮ ਇੱਕੋ ਥਾਂ ਉਹਨਾਂ ਦੇ ਘਰਾਂ ਦੇ ਨੇੜੇ ਹੋਏ ਹਨ, ਜਿਸ ਸਦਕਾ ਲੋਕਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਅਜਿਹੇ ਕੈਂਪ ਲਗਾਤਰ ਲਗਦੇ ਰਹਿਣਗੇ, ਜਿਨ੍ਹਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਹੋ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕੈਂਪ ਵਿੱਚ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਡਿਪਟੀ ਕਮਿਸ਼ਨਰ ਨੇ ਵੱਖੋ-ਵੱਖ ਸ਼ਿਕਾਇਤ ਕਾਊਂਟਰਜ਼ ਦਾ ਜਾਇਜ਼ਾ ਲਿਆ ਤੇ ਲੌੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਉਹਨਾਂ ਨੇ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੀ ਸਫਾਈ ਤੇ ਸੁੰਦਰਤਾ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਰੋਜ਼ਗਾਰ ਸਬੰਧੀ ਮੁਫ਼ਤ ਸਿਖਲਾਈ ਲੈ ਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਹਨਾਂ ਨੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਲਾਂ ਬੇਝਿਜਕ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲੈਕੇ ਆਉਣ।

ਇਸ ਮੌਕੇ ਪਿੰਡ ਦੀ ਸਰਪੰਚ ਕੁਲਵਿੰਦਰ ਕੌਰ ਨੇ ਛੱਪੜ ਦੀ ਮੁਸ਼ਕਲ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ, ਜਿਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਮਾਂਵੱਧ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ 100 ਦਿਨ ਤੋਂ ਵੱਧ ਦਾ ਰੋਜ਼ਗਾਰ ਦਿੱਤੇ ਜਾਣ ਦੀ ਮੰਗ ਵੀ ਲੋਕਾਂ ਵੱਲੋਂ ਰੱਖੀ ਗਈ, ਜਿਸ ਨੂੰ ਪੂਰਾ ਕਰਨ ਲਈ ਉਪਰਾਲਾ ਕਰਨ ਦਾ ਯਕੀਨ ਦਵਾਇਆ ਗਿਆ। ਇਸ ਦੌਰਾਨ ਮਕਾਨਾਂ ਸਬੰਧੀ ਮੁਸ਼ਕਲਾਂ ਲੋਕਾਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਵਾਟਰ ਸਪਲਾਈ ਦੀ ਮੁਸ਼ਕਲ ਹੱਲ ਕਰਨ ਲਈ ਵੀ ਅਧਿਕਰੀਆਂ ਨੂੰ ਹੁਕਮ ਦਿੱਤੇ ਗਏ।

ਜਨ ਸੁਣਵਾਈ ਕੈਂਪ ਦੀ ਸ਼ਲਾਘਾ ਕਰਦਿਆਂ ਲੋਕਾਂ ਨੇ ਕਿਹਾ ਕਿ ਅਜਿਹੇ ਕੈਂਪ ਵੱਧ ਤੋਂ ਵੱਧ ਲਗਾਉਣੇ ਚਾਹੀਦੇ ਹਨ ਕਿਉਂਕਿ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਦੇ ਕੰਮ ਛੇਤੀ ਹੁੰਦੇ ਹਨ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਆਮ ਲੋਕ ਜਾਗਰੂਕ ਵੀ ਹੁੰਦੇ ਹਨ। ਲੋਕਾਂ ਨੂੰ ਆਪਣੇ ਕੰਮਾਂ ਲਈ ਵਿਸ਼ੇਸ਼ ਤੌਰ ਉੱਤੇ ਸਮਾਂ ਕੱਢ ਕੇ ਵੱਖੋ ਵੱਖ ਦਫ਼ਤਰਾਂ ਵਿਚ ਨਹੀਂ ਜਾਣਾ ਪੈਂਦਾ ਤੇ ਘਰ ਨੇੜੇ ਹੀ ਉਹਨਾਂ ਦੇ ਕੰਮ ਸਿਰੇ ਚੜ੍ਹ ਜਾਂਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਚਾਇਤ ਵੱਲੋਂ ਤਿਆਰ ਕੀਤੇ ਜਿਮ, ਪਸ਼ੂ ਡਿਸਪੈਂਸਰੀ, ਆਂਗਣਵਾੜੀ ਸੈਂਟਰਾਂ ਸਮੇਤ ਵੱਖ ਵੱਖ ਉਪਰਾਲਿਆਂ ਦਾ ਜਾਇਜ਼ਾ ਲਿਆ ਤੇ ਪੰਚਾਇਤ ਦੀ ਸ਼ਲਾਘਾ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਮਨਜੀਤ ਸਿੰਘ ਮਾਨ, ਐੱਸ.ਡੀ.ਐਮ. ਰੂਪਨਗਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ ਅਨਮਜੋਤ ਕੌਰ, ਪੀ.ਸੀ.ਐਸ. ਅਧਿਕਾਰੀ ਹਰਜੋਤ ਕੌਰ, ਪੀ.ਸੀ.ਐਸ. ਅਧਿਕਾਰੀ ਅਰਵਿੰਦਰ ਪਾਲ ਸਿੰਘ ਸੋਮਲ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।