ਪਿੰਡ ਖਾਬੜਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪਿੰਡ ਖਾਬੜਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਰੂਪਨਗਰ, 5 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਦੀਆਂ ਹਦਾਇਤਾ ਤੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਖਾਬੜਾ ਵਿਖੇ ਇਹ ਜਾਗਰੂਕਤਾ ਕੈਂਪ ਲਗਾਇਆ ਗਿਆ।
ਮੁੱਖ ਖੇਤੀਬਾੜੀ ਅਫਸਰ, ਰੂਪਨਗਰ ਡਾ. ਗੁਰਬਚਨ ਸਿੰਘ ਵੱਲੋਂ ਇਸ ਕੈਂਪ ਵਿੱਚ ਸ਼ਮੂਲੀਅਤ ਕਰਦਿਆਂ ਪਿੰਡ ਖਾਬੜਾ ਅਤੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਪੰਚਾਇਤਾਂ ਅਤੇ ਕਿਸਾਨਾਂ ਨਾਲ ਸਿੱਧੇ ਤੌਰ ਤੇ ਤਾਲਮੇਲ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ।
ਬਲਾਕ ਖੇਤੀਬਾੜੀ ਅਫਸਰ ਸ਼੍ਰੀ ਰਮਨ ਕਰੋੜੀਆ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਕਿਸਾਨਾਂ ਨੂੰ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਕਾਰਨ ਹਵਾ ਦੂਸਿ਼ਤ ਹੋਣ ਦੇ ਨਾਲ—ਨਾਲ ਮਿੱਤਰ ਕੀੜੇ ਮਰਦੇ ਹਨ ਅਤੇ ਜ਼ਮੀਨ ਬੰਜਰ ਹੋ ਰਹੀ ਹੈ।
ਇਸ ਮੌਕੇ ਖ਼ੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ—ਖੂੰਹਦ ਨੂੰ ਨਾ ਸਾੜ ਕੇ ਖੇਤਾਂ ਵਿੱਚ ਰਲਾ ਕੇ ਖਾਦ ਦੇ ਤੌਰ ਤੇ ਵਰਤਣ ਸਬੰਧੀ ਪ੍ਰੇਰਿਤ ਕੀਤਾ ਅਤੇ ਕੀੜੇਮਾਰ ਦਵਾਈਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ।
ਇਸ ਮੌਕੇ ਸ਼੍ਰੀ ਬਾਗਬਾਨੀ ਵਿਕਾਸ ਅਫਸਰ ਸ. ਚਤਰਜੀਤ ਸਿੰਘ ਨੇ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੁੰ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਭੂਮੀ ਰੱਖਿਆ ਅਫਸਰ ਰੂਪਨਗਰ ਸ. ਲਵਪ੍ਰੀਤ ਸਿੰਘ ਵੱਲੋਂ ਵੀ ਆਪਣੇ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਕਿਸਾਨਾਂ ਨੁੂੰ ਜਾਣੂ ਕਰਵਾਇਆ ਗਿਆ।
ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ ਵੱਲੋਂ 25 ਸਬਜ਼ੀ ਬੀਜ ਦੀਆਂ ਮਿੰਨੀ ਕਿੱਟਾਂ ਕਿਸਾਨਾਂ ਨੂੰ ਮੁਫਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਬਲਵਿੰਦਰ ਕੁਮਾਰ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।