ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ‘ਤੇ ਧਿਆਨ ਦਿੱਤਾ ਜਾਵੇ – ਸਹਾਇਕ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ‘ਤੇ ਧਿਆਨ ਦਿੱਤਾ ਜਾਵੇ – ਸਹਾਇਕ ਕਮਿਸ਼ਨਰ
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ
ਰੂਪਨਗਰ, 18 ਜੁਲਾਈ: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਦੀ ਪ੍ਰਧਾਨਗੀ ਹੇਠ ਹੋਈ।
ਯੂਆਈਡੀਏਆਈ ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਵੀ. ਸ਼ਿਵਾ ਸੁਬਾਰਮਨੀਅਮ ਅਤੇ ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਮਧੁਰ ਬਾਂਸਲ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਆਧਾਰ ਪ੍ਰਮਾਣਿਕਤਾ ਬਾਰੇ ਚਰਚਾ ਕੀਤੀ।
ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਨਾਲ ਤਾਲਮੇਲ ਕਰਦੇ ਹੋਏ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਤ ਤੌਰ ‘ਤੇ ਜਾਂਚ ਕਰਨ।
ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓ-ਮੀਟ੍ਰਿਕ ਅਪਡੇਟ (ਐੱਮ.ਬੀ.ਯੂ.) ਕਰਵਾਉਣ। ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫ਼ਤ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ ਵਿੱਚ ਕਿੱਟਾਂ ਦੀ ਆਵਾਜਾਈ ਲਈ ਰੋਸਟਰ ਤਿਆਰ ਕੀਤਾ ਜਾਵੇ।
ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਮਧੁਰ ਬਾਂਸਲ ਨੇ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅਪਡੇਟ ਕਰਨ। ਉਨ੍ਹਾਂ ਦੱਸਿਆ ਕਿ 14 ਜੂਨ, 2026 ਤੱਕ ਦਸਤਾਵੇਜ਼ ਅੱਪਡੇਟ ਦੀ ਸਹੂਲਤ ਮੁਫ਼ਤ ਹੈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ, ਐਸਐਮਓ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਕੋਆਡੀਨੇਟਰ ਰਾਹੁਲ ਗੌਤਮ, ਜ਼ਿਲ੍ਹਾ ਆਈਟੀ ਮੈਨੇਜਰ ਮੋਨਿਕਾ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਕਮਲਜੀਤ ਸਿੰਘ, ਫੂਡ ਸਪਲਾਈ ਦਫ਼ਤਰ ਤੋਂ ਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।