ਸਿਵਲ ਸਰਜਨ ਰੂਪਨਗਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ

ਸਿਵਲ ਸਰਜਨ ਰੂਪਨਗਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ
ਰੂਪਨਗਰ, 24 ਸਤੰਬਰ 2025
ਜਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਮੰਤਵ ਤਹਿਤ ਅੱਜ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਪੀ.ਡਬਲਿਊ.ਡੀ. ਕਲੋਨੀ ਅਤੇ ਕੋਟਲਾ ਨਿਹੰਗ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਚੈਕਿੰਗ ਦੌਰਾਨ ਸਮੂਹ ਸਟਾਫ ਡਿਊਟੀ ’ਤੇ ਹਾਜ਼ਰ ਪਾਇਆ ਗਿਆ ਅਤੇ ਨਿਰਧਾਰਿਤ ਦਵਾਈਆਂ ਦਾ ਸਟਾਕ ਵੀ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਸੀ। ਜਰੂਰੀ ਟੈਸਟ ਕਿੱਟਾਂ, ਰਿਕਾਰਡ ਰਜਿਸਟਰ ਆਦਿ ਦੀ ਵੀ ਜਾਂਚ ਕੀਤੀ ਗਈ।
ਸਿਵਲ ਸਰਜਨ ਨੇ ਕਲੀਨਿਕਾਂ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਹਨਾਂ ਵੱਲੋਂ ਸੰਬੰਧਿਤ ਡਾਕਟਰਾਂ ਅਤੇ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਦਵਾਈਆਂ ਦਾ ਜਰੂਰੀ ਸਟਾਕ ਹਰ ਸਮੇਂ ਉਪਲੱਬਧ ਹੋਵੇ।
ਉਹਨਾਂ ਨੇ ਸਟਾਫ ਨੂੰ ਕਿਹਾ ਕਿ ਮਰੀਜ਼ਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ ਅਤੇ ਖ਼ਾਸ ਕਰਕੇ ਜਚਾ-ਬੱਚਾ ਸਿਹਤ ਸੇਵਾਵਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਗਰਭਵਤੀਆਂ ਦੀ ਪਹਿਲਾਂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਹਾਈ ਰਿਸਕ ਕੇਸਾਂ ਦੀ ਲਿਸਟ ਤਿਆਰ ਕਰਕੇ ਉਨ੍ਹਾਂ ਨੂੰ ਪ੍ਰਾਥਮਿਕਤਾ ਦੇ ਆਧਾਰ ’ਤੇ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।
ਸਿਵਲ ਸਰਜਨ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਦਾ ਡਾਟਾ ਆਨਲਾਈਨ ਦਰਜ ਕੀਤਾ ਜਾਵੇ ਤਾਂ ਜੋ ਵਿਭਾਗ ਨੂੰ ਸਿਹਤ ਸਕੀਮਾਂ ਸਬੰਧੀ ਅੰਕੜੇ ਉਪਲਬਧ ਹੋ ਸਕਣ। ਇਸ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋ ਸਕੇਗੀ ਅਤੇ ਇਲਾਜ ਆਸਾਨ ਹੋਵੇਗਾ। ਉਹਨਾਂ ਨੇ ਕਲੀਨਿਕਾਂ ਦੀ ਸਾਫ਼-ਸਫ਼ਾਈ ਅਤੇ ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।
ਮਰੀਜ਼ਾਂ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਜਤਾਈ।
ਇਸ ਮੌਕੇ ਮੈਡੀਕਲ ਅਫਸਰ ਡਾ. ਮੋਹਨ ਕਲੇਰ ਅਤੇ ਆਮ ਆਦਮੀ ਕਲੀਨਿਕਾਂ ਦਾ ਸਟਾਫ ਮੌਜੂਦ ਸੀ।