ਸ੍ਰੀ ਅਨੰਦਪੁਰ ਸਾਹਿਬ ਵਿੱਚ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖਲੇ ‘ਤੇ ਪੂਰਨ ਪਾਬੰਦੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸ੍ਰੀ ਅਨੰਦਪੁਰ ਸਾਹਿਬ ਵਿੱਚ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖਲੇ ‘ਤੇ ਪੂਰਨ ਪਾਬੰਦੀ
ਰੂਪਨਗਰ, 13 ਨਵੰਬਰ 2025: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖਲੇ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਮਿਤੀ 21 ਨਵੰਬਰ ਤੋਂ 29 ਨਵੰਬਰ 2025 ਤੱਕ ਹੋਣ ਵਾਲੇ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚਣਗੀਆਂ। ਇਸ ਦੌਰਾਨ ਬਾਹਰ ਦੇ ਰਾਜਾਂ ਤੋਂ ਕਈ ਮੰਗਤੇ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਜਾਂਦੇ ਹਨ, ਜਿਨ੍ਹਾਂ ਵਿੱਚੋਂ ਕੁਝ ਪੇਸ਼ਾਵਰ ਤੌਰ ‘ਤੇ ਗੱਡੀਆਂ ਰਾਹੀਂ ਇਲਾਕੇ ਵਿੱਚ ਛੱਡ ਦਿੱਤੇ ਜਾਂਦੇ ਹਨ। ਇਹ ਮੰਗਤੇ ਨਾ ਸਿਰਫ਼ ਆਮ ਜਨਤਾ ਅਤੇ ਸ਼ਰਧਾਲੂਆਂ ਨੂੰ ਤੰਗ ਕਰਦੇ ਹਨ, ਸਗੋਂ ਚੋਰੀ ਅਤੇ ਹੋਰ ਅਣਚਾਹੀਆਂ ਘਟਨਾਵਾਂ ਦਾ ਡਰ ਵੀ ਬਣਿਆ ਰਹਿੰਦਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸੰਗਤਾਂ ਦੀ ਸੁਰੱਖਿਆ ਅਤੇ ਸ਼ਾਂਤੀਪੂਰਨ ਪ੍ਰਬੰਧਨਾ ਨੂੰ ਧਿਆਨ ਵਿੱਚ ਰੱਖਦਿਆਂ ਮਿਤੀ 15 ਨਵੰਬਰ 2025 ਤੋਂ ਮਿਤੀ 30 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖਲੇ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।