ਬੰਦ ਕਰੋ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਨਾਲ ਸਬੰਧਤ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 01/09/2018
ਚੋਣ ਮੀਟਿੰਗ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਨਾਲ ਸਬੰਧਤ ਮੀਟਿੰਗ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ।

ਜ਼ਿਲ੍ਹੇ ਦੀ 01 ਜ਼ਿਲ੍ਹਾ ਪ੍ਰੀਸ਼ਦ ਅਤੇ 5 ਪੰਚਾਇਤ ਸਮਿਤੀਆਂ ਦੀਆਂ ਵੋਟਾਂ 19 ਸਤੰਬਰ ਨੂੰ ਚੋਣ ਜ਼ਾਬਤਾ ਲਾਗੂ

ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 7 ਸਤੰਬਰ

ਜ਼ਿਲ੍ਹੇ ‘ਚ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਚੋਣਾਂ ਦੀ

ਚੋਣ ਪ੍ਰਕ੍ਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਰ.ਓਜ਼ ਅਤੇ ਈ.ਆਰ.ਓਜ਼ ਨਾਲ ਕੀਤੀ ਮੀਟਿੰਗ<

ਰੂਪਨਗਰ, 31 ਅਗਸਤ:-

ਰਾਜ ਚੋਣ ਕਮਿਸ਼ਨਰ ਵੱਲੋਂ ਚੋਣਾ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਤੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।ਇਸ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ 04 ਸਤੰਬਰ ਤੋਂ 07 ਸਤੰਬਰ ਤੱਕ ਨਾਮਜ਼ਦਗੀ ਪੇਪਰ ਭਰੇ ਜਾਣਗੇ, ਜਦਕਿ 10 ਸਤੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 11 ਸਤੰਬਰ ਨੂੰ ਨਾਮਜ਼ਦਗੀ ਪੇਪਰ ਵਾਪਸ ਲਏ ਜਾ ਸਕਦੇ ਹਨ, ਉਪਰੰਤ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। 19 ਸਤੰਬਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ ਸੁਮੀਤ ਜਾਰੰਗਲ ਨੇ ਬੀਤੀ ਸ਼ਾਮ ਸਮੂਹ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫਸਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਚੋਣਾ ਸਬੰਧੀ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਜ਼ਿਲ੍ਹੇ ਵਿੱਚ ਇਹ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਤਾਇਨਾਤ ਕੀਤੇ ਅਧਿਕਾਰੀਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਪ੍ਰਾਪਤ ਕੀਤੇ ਜਾਣ ਅਤੇ ਇਸ ਪ੍ਰਕ੍ਰਿਆ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕਮੀ ਪੇਸ਼ੀ ਨਾ ਰਹੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਵਿੱਚ ਪੈਂਦੇ 10 ਜ਼ੋਨ ਜਿੰਨਾਂ ਵਿਚ ਕੋਟਲਾ ਨਿਹੰਗ, ਬੇਲਾ , ਦੜੌਲੀ ਲੋਅਰ, ਬਿਭੋਰ ਸਾਹਿਬ, ਕੋਟਲਾ, ਕਲਮਾਂ, ਮੋਰਿੰਡਾ (ਰੂਰਲ), ਭਰਤਗੜ੍ਹ, ਤਖਤਗੜ੍ਹ ਤੇ ਮੁੰਡੀਆਂ ਸ਼ਾਮਲ ਹਨ ਅਤੇ 05 ਬਲਾਕ ਸੰਮਤੀਆਂ ਜਿੰਨਾਂ ਸ਼੍ਰੀ ਅਨੰਦਪੁਰ ਸਾਹਿਬ, ਮੋਰਿੰਡਾ, ਸ਼੍ਰੀ ਚਮਕੌਰ ਸਾਹਿਬ, ਰੂਪਨਗਰ ਤੇ ਨੂਰਪੁਰਬੇਦੀ ਵਿੱਚ ਪੈਂਦੇ 95 ਜ਼ੋਨਾਂ ਦੇ ਬੈਲਟ ਪੇਪਰ ਛਪਵਾਉਣ ਸਮੇਂ ਵੀ ਗੰਭੀਰਤਾ ਦਿਖਾਈ ਜਾਵੇ, ਤਾਂ ਕਿ ਕਿਸੇ ਵੀ ਤਰ੍ਹਾਂ ਦੀ ਗਲਤੀ ਦੀ ਗੁੰਜ਼ਾਇਸ਼ ਨਾ ਰਹਿ ਸਕੇ। ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਸਮੇਂ ਪੂਰੀ ਮੁਸ਼ਤੈਦੀ ਵਿਖਾਈ ਜਾਵੇ। ਉਨਾਂ ਚੋਣਾ ਲਈ ਪੋਲਿੰਗ ਸਟਾਫ ਦੀਆਂ ਡਿਊਟੀਆਂ ਲਗਾਉਣ ਦੇ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਲਈ ਆਪਣੇ-ਆਪਣੇ ਖੇਤਰਾਂ ਵਿੱਚ ਰਿਹਰਸਲ ਕਰਾਉਣ ਦੇ ਸੁਚੱਜੇ ਪ੍ਰਬੰਧ ਕਰਨ ਲਈ ਆਖਿਆ ਅਤੇ ਇਹ ਵੀ ਕਿਹਾ ਕਿ ਰਿਹਰਸਲਾਂ ਦੌਰਾਨ ਪੋਲਿੰਗ ਸਟਾਫ਼ ਲਈ ਹਰੇਕ ਤਰ੍ਹਾਂ ਦੀ ਸਹੂਲਤ ਦਾ ਪ੍ਰਬੰਧ ਕਰਨਾ ਵੀ ਯਕੀਨੀ ਬਣਾਇਆ ਜਾਵੇ।ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਜ਼ਿਲ੍ਹਾ ਪ੍ਰੀਸ਼ਦ ਲਈ 1.90 ਲੱਖ ਰੁਪਏ ਮਿੱਥੀ ਗਈ ਹੈ, ਜਦੋਂ ਕਿ ਪੰਚਾਇਤ ਸਮਿਤੀਆਂ ਲਈ 80000 ਰੁਪਏ ਹੈ।

ਇਸ ਮੀਟਿੰਗ ਦੋਰਾਨ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ: ਲਖਮੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਦੀਪ ਸਿੰਘ ਗੁਜਰਾਲ , ਐਸ.ਡੀ.ਐਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ਼੍ਰੀ ਮਨਕਮਲਜੀਤ ਸਿੰਘ ਚਾਹਲ, ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀ ਹਰਬੰਸ ਸਿੰਘ , ਸਹਾਇਕ ਕਮਿਸ਼ਨਰ(ਜ) ਸ਼੍ਰੀ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ(ਸ਼) ਸ਼੍ਰੀਮਤੀ ਪਰਮਜੀਤ ਕੌਰ ਸ਼੍ਰੀ ਰੋਹਿਤ ਜੇਤਲੀ ਡੀ.ਆਈ.ਓੁ., ਸ਼੍ਰੀ ਯੁਗੇਸ਼ ਕੁਮਾਰ ਏ.ਡੀ.ਆਈ.ਓੁ. ਵੀ ਹਾਜਰ ਸਨ।