ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 80 ਫੀਸਦੀ ਕਣਕ ਦੀ ਕਰਵਾਈ ਗਈ ਲਿਫਟਿੰਗ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 80 ਫੀਸਦੀ ਕਣਕ ਦੀ ਕਰਵਾਈ ਗਈ ਲਿਫਟਿੰਗ : ਡਿਪਟੀ ਕਮਿਸ਼ਨਰ
– ਮੰਡੀਆਂ ਵਿੱਚ ਖਰੀਦੀ 160920 ਮੀਟਰਿਕ ਟਨ ਕਣਕ ਵਿੱਚੋਂ 126675 ਮੀਟਰਿਕ ਟਨ ਕਣਕ ਦੀ ਕਰਵਾਈ ਲਿਫਟਿੰਗ
– ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 317 ਕਰੋੜ 63 ਲੱਖ ਰੁਪਏ
ਰੂਪਨਗਰ 07 ਮਈ :
ਡਿਪਟੀ ਕਮਿਸ਼ਨਰ ਸ਼੍ਰੀਮਤੀ ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਖਰੀਦ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਐਫ.ਸੀ.ਆਈ. ਅਤੇ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਕਣਕ ਸਿੱਧੀ ਖਰੀਦ ਕੇ ਰੇਲਵੇ ਰਾਹੀਂ ਦੂਸਰੇ ਸੂਬਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੇ ਦਖਲ ਉਪਰੰਤ ਹੁਣ ਸਟੇਟ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਓਪਨ ਪਲਿੰਥਾਂ ਵਿੱਚ ਹੀ ਸਟੋਰ ਕੀਤੀ ਜਾ ਰਹੀ ਹੈ, ਜਿਸ ਨਾਲ ਕਣਕ ਦੀ ਲਿਫਟਿੰਗ ਵਿੱਚ ਤੇਜੀ ਆਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਤਕਰੀਬਨ 80 ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ 20 ਫੀਸਦੀ ਦੀ ਲਿਫਟਿੰਗ ਆਉਂਦੇ ਦਿਨਾਂ ਵਿੱਚ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਮੰਡੀਆਂ ਵਿਚੋਂ ਸਾਰੀ ਕਣਕ ਦੀ ਲਿਫਟਿੰਗ ਕਰਨ ਅਤੇ ਮੰਡੀਆਂ ਨੂੰ ਖਾਲੀ ਕਰਨ ਲਈ ਸਮੂਹ ਖਰੀਦ ਏਜੰਸੀਆਂ ਪੂਰੀ ਮਹਿਨਤ ਨਾਲ ਕੰਮ ਕਰ ਰਹੀਆਂ ਹਨ।
ਸ਼੍ਰੀਮਤੀ ਪ੍ਰੀਤੀ ਯਾਦਵ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕ੍ਰਿਆ ਅੰਤਿਮ ਪੜਾਅ ਵਿੱਚ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ 153606 ਮੀਟਰਕ ਟਨ ਕਣਕ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 7314 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 126675 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 317.63 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਵਿਸਥਾਰ ਸਹਿਤ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 45537 ਮੀਟਰਿਕ ਟਨ, ਮਾਰਕਫੈੱਡ ਵੱਲੋਂ 37805 ਮੀਟਰਿਕ ਟਨ, ਪਨਸਪ ਵੱਲੋਂ 34399 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 23056 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 12809 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 7314 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।