ਅਨਾਜ ਮੰਡੀਆਂ ‘ਚ 98 ਫ਼ੀਸਦ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਦੇ ਬੈਂਕ ਖਾਤਿਆਂ ‘ ਚ 171.45 ਕਰੋੜ ਰੁਪਏ ਜਮ੍ਹਾਂ ਕਰਵਾਏ: ਡਿਪਟੀ ਕਮਿਸ਼ਨਰ
ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ
ਅਨਾਜ ਮੰਡੀਆਂ ‘ਚ 98 ਫ਼ੀਸਦ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਦੇ ਬੈਂਕ ਖਾਤਿਆਂ ‘ ਚ 171.45 ਕਰੋੜ ਰੁਪਏ ਜਮ੍ਹਾਂ ਕਰਵਾਏ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਵੱਖ-ਵੱਖ ਮੰਡੀਆਂ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ
ਕਿਸਾਨਾਂ ਦੇ ਮਸਲੇ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਵਜੋਂ
ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼
ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੁਲਿਸ ਸਿਵਲ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਰ ਰਹੀ ਹੈ ਕੰਮ: ਜ਼ਿਲ੍ਹਾ ਪੁਲਿਸ ਮੁਖੀ
ਰੂਪਨਗਰ, 26 ਅਕਤੂਬਰ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦੀ ਪ੍ਰਕਿਰਿਆ ਨੂੰ ਜੰਗੀ ਪੱਧਰ ਉੱਤੇ ਕਰਨ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਅਨਾਜ ਮੰਡੀ ਭਰਤਗੜ੍ਹ, ਅਗਮਪੁਰ ਤੇ ਕੀਰਤਪੁਰ ਦਾ ਦੌਰਾ ਕਰਦਿਆਂ ਕਿਹਾ ਕਿ ਹੁਣ ਤੱਕ ਜਿਲ੍ਹਾ ਰੂਪਨਗਰ ਵਿੱਚ 98 ਫ਼ੀਸਦ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 171.45 ਕਰੋੜ ਰੁਪਏ ਜਮ੍ਹਾਂ ਵੀ ਕਰਵਾ ਦਿੱਤੇ ਗਏ ਜਿਸ ਨਾਲ ਕਿਸਾਨਾਂ ਨੂੰ ਕਾਫ਼ੀ ਰਾਹਤ ਮਿਲੀ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਹੱਲ ਕਰਨਾ ਜਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਵਜੋਂ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਪੁਖਤਾ ਪ੍ਰਬੰਧ ਕੀਤੇ ਗਏ ਹਨ ਜਿਸ ਸਦਕਾ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਵਿਚ ਅਦਾਇਗੀ ਕੀਤੀ ਜਾ ਰਹੀ ਹੈ ਜਿਸ ਤੋਂ ਹੁਣ ਕਿਸਾਨ ਵੀ ਸੰਤੁਸ਼ਟ ਹਨ।
ਉਨ੍ਹਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਅੱਜ ਸ਼ਾਮ ਤੱਕ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਾਲੋਂ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ‘ਤੇ ਉਹ ਨਿੱਜੀ ਤੌਰ ‘ਤੇ ਤਿੱਖੀ ਨਜ਼ਰ ਰੱਖਣਗੇ।
ਅਨਾਜ ਮੰਡੀ ਕੀਰਤਪੁਰ ਅਤੇ ਭਰਤਗੜ੍ਹ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹਿਲਾਂ ਪਹਿਲਾਂ ਸ਼ੈਲਰਾਂ ਵੱਲੋਂ ਲਿਫਟਿੰਗ ਸਬੰਧੀ ਅੱਗੇ ਨਾ ਆਉਣ ਕਾਰਨ ਲਿਫਟਿੰਗ ਸਬੰਧੀ ਪਰੇਸ਼ਾਨੀ ਆਈ ਸੀ ਪ੍ਰੰਤੂ ਹੁਣ 31 ਸ਼ੈਲਰਾਂ ਨੂੰ ਅਲਾਟਮੈਂਟ ਹੋ ਚੁੱਕੀ ਹੈ ਅਤੇ ਬਾਕੀ ਸਬੰਧੀ ਕਰਵਾਈ ਅੱਜ ਕਰ ਲਈ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਦੇ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਜਿਲ੍ਹਾ ਪ੍ਰਸ਼ਾਸਨ ਨਿਰੰਤਰ ਖਰੀਦ ਏਜੰਸੀਆਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਨੁਕਸਾਨ ਹੁੰਦਾ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸਬੰਧੀ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ। ਪੁਲਿਸ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਤੇ ਵੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਦਿੱਕਤ ਨਾ ਖੜ੍ਹੀ ਹੋਵੇ ਤੇ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੇ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਕਿੰਮੀ ਵਨੀਤ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਆੜ੍ਹਤੀ ਤੇ ਕਿਸਾਨ ਹਾਜ਼ਰ ਸਨ।