ਆਜ਼ਾਦੀ ਦਿਵਸ ਮੌਕੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵੱਲੋਂ ਅਨਾਜ ਮੰਡੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਆਜ਼ਾਦੀ ਦਿਵਸ ਮੌਕੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵੱਲੋਂ ਅਨਾਜ ਮੰਡੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ
ਦੇਸ਼ ਦੀ ਆਜ਼ਾਦੀ ਦੇ ਮਹੱਤਵ ਅਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਨਾਗਰਿਕਾਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੱਦਾ
ਸ੍ਰੀ ਚਮਕੌਰ ਸਾਹਿਬ, 15 ਅਗਸਤ: ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ ਉਪ-ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਸ੍ਰੀ ਚਮਕੌਰ ਸਾਹਿਬ ਸ. ਪ੍ਰਦੀਪ ਸਿੰਘ ਬੈਂਸ ਵੱਲੋਂ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਯੋਗਦਾਨ ਪਾਉਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਐਸ.ਡੀ.ਐਮ. ਸ. ਪ੍ਰਦੀਪ ਸਿੰਘ ਬੈਂਸ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਸਾਰਿਆਂ ਲਈ ਮਾਣ ਅਤੇ ਪ੍ਰੇਰਣਾ ਦਾ ਦਿਹਾੜਾ ਹੈ। ਇਹ ਦਿਨ ਸਾਨੂੰ ਉਨ੍ਹਾਂ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਨਾਲ ਸਾਨੂੰ ਆਪਣੇ ਸੰਵਿਧਾਨਕ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਵੀ ਸਮਝਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਵਿਕਾਸ ਲਈ ਵੱਖ-ਵੱਖ ਲੋਕ-ਭਲਾਈ ਕਾਰਜਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਸਰਕਾਰੀ ਸੇਵਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਲਾਭ ਲੈਣ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਪ੍ਰਤੀ ਵੀ ਸੁਚੇਤ ਰਹਿਣ।
ਐਸ.ਡੀ.ਐਮ. ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਦਾ ਦੇਸ਼ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ ਅਤੇ ਇੱਥੋਂ ਦੀ ਮਹਾਨ ਵਿਰਾਸਤ ਸਾਨੂੰ ਹਮੇਸ਼ਾ ਨਿਡਰਤਾ, ਸੇਵਾ, ਤਿਆਗ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਦੇਸ਼ ਦੇ ਇਤਿਹਾਸ, ਆਜ਼ਾਦੀ ਸੰਗਰਾਮ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ, ਤਾਂ ਜੋ ਉਹ ਦੇਸ਼ ਦੀ ਤਰੱਕੀ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾ ਸਕਣ।
ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਭਾਈਚਾਰਾ, ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹੋਏ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨਾ ਹੀ ਆਜ਼ਾਦੀ ਦੇ ਅਸਲ ਅਰਥਾਂ ਨੂੰ ਮਜ਼ਬੂਤ ਕਰਦਾ ਹੈ।
ਇਸ ਮੌਕੇ ਰਾਸ਼ਟਰੀ ਗੀਤ ਉਪਰੰਤ ਹਾਜ਼ਰ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
ਐਸ.ਡੀ.ਐਮ. ਸ. ਪ੍ਰਦੀਪ ਸਿੰਘ ਬੈਂਸ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਾਫ਼-ਸੁਥਰੇ, ਹਰਿਆਵਲੇ ਅਤੇ ਵਿਕਸਤ ਸਮਾਜ ਦੀ ਸਿਰਜਣਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।