ਆਮ ਲੋਕਾਂ ਦੀ ਮੱਦਦ ਨਾਲ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜਾਰੀ: ਆਈ.ਜੀ. ਗੁਰਪ੍ਰੀਤ ਭੁੱਲਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਆਮ ਲੋਕਾਂ ਦੀ ਮੱਦਦ ਨਾਲ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜਾਰੀ: ਆਈ.ਜੀ. ਗੁਰਪ੍ਰੀਤ ਭੁੱਲਰ
ਸ਼ਹਿਰੀ ਤੇ ਦਿਹਾਤੀ ਇਲਾਕਿਆਂ ‘ਚ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਬਣੇਗਾ ਸਿਹਤਮੰਦ ਸਮਾਜ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ
ਆਈ.ਜੀ., ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਨਸ਼ਿਆ ਸਬੰਧੀ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਰੂਪਨਗਰ, 06 ਸਤੰਬਰ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਨੂੰ 100 ਫੀਸਦ ਮੁਕੰਮਲ ਕਰਨ ਲਈ ਆਮ ਲੋਕਾਂ ਦੀ ਮੱਦਦ ਨਾਲ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ ਉਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਈ.ਜੀ. ਰੂਪਨਗਰ ਰੇਂਜ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਪ੍ਰਣਾਲੀ ਦੀ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਵਿਚ ਸਿਵਲ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਪੁੱਟਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਸੱਭ ਤੋਂ ਪਹਿਲਾਂ ਆਪਣੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਨਸ਼ਾਂ ਛਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿਖੇ ਪੱਕੇ ਤੌਰ ਉਤੇ ਇਲਾਜ ਕਰਵਾਉਣ ਲਈ ਪ੍ਰੇਰਿਤ ਕਰੀਏ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਨੌਜਵਾਨੀ ਨੂੰ ਬਚਾਇਆ ਜਾ ਸਕੇ।
ਆਈ.ਜੀ. ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਮੈਡੀਕਲ ਸਟੋਰਾਂ ਦੀ ਜਾਣਕਾਰੀ ਇੱਕਠੀ ਕੀਤੀ ਜਾਵੇ ਕਿ ਜ਼ਿਲ੍ਹੇ ਵਿੱਚ ਕਿੰਨੇ ਮੈਡੀਕਲ ਸਟੋਰ ਰਜਿਸਟਰ ਹਨ ਅਤੇ ਕਿੰਨੇ ਬਿਨ੍ਹਾਂ ਰਜਿਸਟਰੇਸ਼ਨ ਤੋਂ ਚੱਲ ਰਹੇ ਹਨ ਇਸ ਤੋਂ ਇਲਾਵਾ ਉਨ੍ਹਾਂ ਦਾ ਸਮੇਂ ਸਮੇਂ ਤੇ ਮੈਡੀਕਲ ਸਟਾਕ ਵੀ ਚੈਕ ਕੀਤਾ ਜਾਵੇ ਤਾਂ ਜੋ ਕੋਈ ਵੀ ਮੈਡੀਕਲ ਸਟੋਰ ਮੈਡੀਕਲ ਨਸ਼ਾਂ ਜਾ ਹੋਰ ਨਸ਼ੀਲੀ ਵਸਤੂ ਦੀ ਵਿਕਰੀ ਨਾ ਕਰਦਾ ਹੋਵੇ। ਜਿਸ ਲਈ ਅਧਿਕਾਰੀ ਨਿਯਮਤ ਤੌਰ ਉਤੇ ਮੈਡੀਕਲ ਸਟੋਰਾਂ ਦੀਆਂ ਐਸੋਸੀਏਸ਼ਨਾਂ ਨਾਲ ਮੀਟਿੰਗ ਵੀ ਕਰਨ ਅਤੇ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੁੱਧ ਮੁਹਿੰਮ ਬਾਰੇ ਜਾਣੂ ਕਰਵਾਇਆ ਜਾਵੇ।
ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਪਿੰਡਾਂ ਵਿੱਚ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਖਰੀਦਣ ਵਾਲੇ ਵਿਅਕਤੀਆਂ ਦੀ ਸ਼ਨਾਖਤ ਛੇਤੀ ਕਰ ਸਕਦੇ ਹਨ, ਕਿਊਂਕਿ ਇਨ੍ਹਾਂ ਦਾ ਪੇਂਡੂ ਖੇਤਰ ਦੇ ਲੋਕਾਂ ਨਾਲ ਜਿਆਦਾ ਰਾਬਤਾ ਰਹਿੰਦਾ ਹੈ। ਇਸ ਮੌਕੇ ਸ.ਭੁੱਲਰ ਨੇ ਇਹ ਵੀ ਕਿਹਾ ਕਿ ਜਿਹੜੇ ਪਿੰਡ ਨਸ਼ਾ ਮੁਕਤ ਹੋ ਚੁੱਕੇ ਹਨ, ਉਨ੍ਹਾਂ ਪਿੰਡਾਂ ਵਿਚ ਨਸ਼ਾ ਮੁਕਤ ਪਿੰਡ ਨਾਂ ਦੇ ਬੋਰਡ ਲਗਾਏ ਜਾਣ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਕਰਨ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਹਿਮ ਰੋਲ ਅਦਾ ਕਰ ਸਕਦੇ ਹਨ ਜਿਸ ਲਈ ਇਨ੍ਹਾਂ ਵਿਦਿਅਕ ਸੰਸਥਾਵਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਜ਼ਿੰਦਗੀ ਦੇ ਸ਼ੁਰੂਆਤੀ ਪੜਾਅ ਵਿਚ ਹੀ ਛੋਟੀ ਤੇ ਵੱਡੀ ਉਮਰ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗੂਰਕ ਕੀਤਾ ਜਾ ਸਕੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਖਤਮ ਕਰਨ ਲਈ ਸਹੀ ਇਲਾਜ ਦੀ ਅਹਿਮ ਭੂਮਿਕਾ ਹੁੰਦੀ ਹੈ ਜਿਸ ਵਿਚ ਨਸ਼ਾ ਪੀੜ੍ਹਤ ਵਿਅਕਤੀ ਵਿਚ ਆਤਮ ਬਲ ਪੈਦਾ ਕਰਕੇ ਉਸ ਨੂੰ ਯਕੀਨ ਕਰਵਾਇਆ ਜਾਂਦਾ ਹੈ ਕਿ ਉਹ ਆਸਾਨੀ ਨਾਲ ਨਸ਼ਾ ਛੱਡ ਸਕਦਾ ਹੈ। ਜਿਸ ਲਈ ਜ਼ਰੂਰੀ ਹੈ ਕਿ ਨਸ਼ਾ ਛਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿਚ ਰਜਿਸਟਰਡ ਮਰੀਜ਼ਾਂ ਦੀ ਤਕਨੀਕੀ ਢੰਗ ਨਾਲ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਦਵਾਈ ਦੀ ਖੁਰਾਕ ਘਟਾ ਕੇ ਅਤੇ ਇਲਾਜ ਦਾ ਕੌਰਸ ਪੂਰਾ ਕਰਕੇ ਮੁਕੰਮਲ ਤੌਰ ਉਤੇ ਨਸ਼ਾ ਛੱਡ ਸਕਣ।
ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਨਾਲ ਹਿਮਾਚਲ ਪ੍ਰਦੇਸ਼ ਦੀ ਸਰਹੱਦ ਲੱਗਣ ਕਾਰਨ ਵਿਸ਼ੇਸ਼ ਟੀਮਾਂ ਵਲੋਂ ਸੰਵੇਦਨਸ਼ੀਲ ਇਲਾਕਿਆਂ ਉਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਦੇ ਹਰ ਸ਼ੱਕੀ ਵਿਅਕਤੀ ਜੋ ਕਿਸੇ ਵੀ ਪੱਧਰ ਉਤੇ ਨਸ਼ਿਆਂ ਨਾਲ ਜੁੜਿਆ ਹੈ ਉਨ੍ਹਾਂ ਉਤੇ ਨਜ਼ਰ ਵੀ ਰੱਖੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਸੇਵਨ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਬੱਚਿਆਂ ਨੂੰ ਸਵੇਰ ਦੀ ਸਭਾ ਵੇਲੇ ਨਸ਼ਿਆਂ ਦੇ ਮਾੜ੍ਹੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਇਹ ਵੀ ਦੱਸਿਆ ਜਾਵੇ ਕਿ ਜੇਕਰ ਉਨ੍ਹਾਂ ਦੇ ਘਰ ਵਿੱਚ ਜਾਂ ਆਲੇ ਦੁਆਲੇ ਕੋਈ ਵੀ ਵਿਅਕਤੀ ਨਸ਼ੇ ਕਰਦਾ ਹੈ ਤਾਂ ਉਸਨੂੰ ਵੀ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਆਸ਼ਾ ਵਰਕਰਾਂ ਤੇ ਆਂਗਨਵਾੜ੍ਹੀ ਵਰਕਰਾਂ ਨੂੰ ਵੀ ਪਿੰਡਾਂ ਵਿੱਚ ਚੱਲ ਰਹੇ ਨਸ਼ਿਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜ੍ਹੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਸੱਭ ਤੋਂ ਪਹਿਲਾਂ ਸਕੂਲਾਂ ਦੇ ਵਿਦਿਆਰਥੀਆਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਚ ਪ੍ਰੇਰਿਤ ਕਰਕੇ ਨਸ਼ਿਆਂ ਤੋਂ ਸੁਰੱਖਿਅਤ ਕਰਨ ਲਈ ਆਤਮ ਵਿਸ਼ਵਾਸ ਪੈਦਾ ਕਰਨਾ ਚਾਹੀਦਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਜਗ੍ਹਾ ਕਿਸੇ ਵੀ ਵਿਅਕਤੀ ਨੂੰ ਨਸ਼ਾ ਵਿਕਣ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਸਮੇਂ ਸਿਰ ਬਣਦੀ ਕਾਰਵਾਈ ਕਰਕੇ ਇਸਨੂੰ ਰੋਕਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਪੀ. ਹੈਡਕੁਆਰਟਰ ਸ. ਰਾਜਪਾਲ ਸਿੰਘ ਹੁੰਦਲ, ਐਸ.ਪੀ. (ਪੜਤਾਲ) ਡਾ. ਨਵਨੀਤ ਸਿੰਘ ਮਾਹਲ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਮਨਦੀਪ ਸਿੰਘ ਢਿੱਲੋਂ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦੀਪਾਂਕਰ ਗਰਗ, ਡੀ.ਐਸ.ਪੀ. ਸ. ਤਰਲੋਚਨ ਸਿੰਘ, ਡੀ.ਐਸ.ਪੀ. ਸ਼੍ਰੀ ਅਜੈ ਸਿੰਘ, ਡੀ.ਐਸ.ਪੀ. ਸ. ਗੁਰਮੀਤ ਸਿੰਘ, ਜ਼ਿਲ੍ਹਾ ਵਣ ਅਫ਼ਸਰ ਸ. ਹਰਜਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਦੇਵ ਸਿੰਘ, ਡਰੱਗ ਕੰਟਰੋਲ ਅਫ਼ਸਰ ਡਾ. ਨਵਦੀਪ ਕੌਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।