ਐੱਸ.ਆਈ.ਆਰ.-2026 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਬਾਰੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਹੋਈ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਐੱਸ.ਆਈ.ਆਰ.-2026 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਬਾਰੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਹੋਈ
ਰੂਪਨਗਰ, 08 ਜੁਲਾਈ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਲਈ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਜਾ ਕੇ ਪੋਲਿੰਗ ਸਟੇਸ਼ਨਾਂ ਦੀ ਸੌ ਫ਼ੀਸਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਗਈ ਹੈ। ਇਸ ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਘੱਟੋ-ਘੱਟ ਲਾਜ਼ਮੀ ਬੁਨਿਆਦੀ ਸਹੂਲਤਾਂ (ਏ.ਐੱਮ.ਐੱਫ.) ਨਾਲ ਸਬੰਧਤ ਸਾਰੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਗਈ।
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਦੇ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ 1200 ਤੋਂ ਵੱਧ ਵੋਟਰ ਦਰਜ ਨਹੀਂ ਹਨ। ਉਨ੍ਹਾਂ ਕਿਹਾ ਕਿ ਰੈਸ਼ਨਲਾਈਜ਼ੇਸ਼ਨ ਤੋਂ ਪਹਿਲਾਂ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 696 ਪੋਲਿੰਗ ਸਟੇਸ਼ਨ ਸਨ, ਜਦਕਿ ਇਸ ਪ੍ਰਕਿਰਿਆ ਤੋਂ ਬਾਅਦ ਇਹ ਗਿਣਤੀ ਵਧ ਕੇ 714 ਹੋ ਗਈ ਹੈ। ਇਸ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ 10, ਜਦਕਿ ਵਿਧਾਨ ਸਭਾ ਹਲਕਾ ਰੂਪਨਗਰ ਅਤੇ ਚਮਕੌਰ ਸਾਹਿਬ ਵਿੱਚ ਕ੍ਰਮਵਾਰ 4-4 ਨਵੇਂ ਪੋਲਿੰਗ ਸਟੇਸ਼ਨ ਸ਼ਾਮਲ ਕੀਤੇ ਗਏ ਹਨ।
ਮੀਟਿੰਗ ਦੌਰਾਨ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਅਤੇ ਸੈਕਸ਼ਨਾਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਸਹਿਮਤੀ ਲਈ ਗਈ ਅਤੇ ਕਿਸੇ ਵੀ ਪਾਰਟੀ ਵੱਲੋਂ ਪੋਲਿੰਗ ਸਟੇਸ਼ਨਾਂ ਵਿੱਚ ਕੀਤੀਆਂ ਤਬਦੀਲੀਆਂ ਸਬੰਧੀ ਕੋਈ ਇਤਰਾਜ਼ ਨਹੀਂ ਜਤਾਇਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਾਰਟੀਆਂ ਨੇ ਹਾਲੇ ਤੱਕ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਨਹੀਂ ਕੀਤੇ, ਉਹ ਜਲਦੀ ਤੋਂ ਜਲਦੀ ਆਪਣੇ ਬੀ.ਐਲ.ਏ. ਨਿਯੁਕਤ ਕਰਨ, ਤਾਂ ਜੋ ਬੂਥ ਲੈਵਲ ਅਫ਼ਸਰਾਂ ਨੂੰ ਏ.ਐੱਸ.ਡੀ. (ਅਬਸੈਂਟ, ਸ਼ਿਫਟਡ ਤੇ ਡੈਡ ਵੋਟਰਸ) ਸੂਚੀਆਂ ਤਿਆਰ ਕਰਨ ਵਿੱਚ ਲੋੜੀਂਦਾ ਸਹਿਯੋਗ ਮਿਲ ਸਕੇ।
ਇਸ ਮੀਟਿੰਗ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਸੰਦੀਪ ਜੋਸ਼ੀ (ਆਮ ਆਦਮੀ ਪਾਰਟੀ), ਜਰਨੈਲ ਸਿੰਘ ਭਾਓਵਾਲ (ਭਾਰਤੀ ਜਨਤਾ ਪਾਰਟੀ), ਭੁਪਿੰਦਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਬਜਿੰਦਰ ਪੰਡਿਤ (ਕਮਿਊਨਿਸਟ ਪਾਰਟੀ ਆਫ਼ ਇੰਡੀਆ), ਪਰਮਜੀਤ ਸਿੰਘ ਮੱਕੜ (ਸ਼੍ਰੋਮਣੀ ਅਕਾਲੀ ਦਲ), ਸੁਰਜੀਤ ਲਾਲ ਅਤੇ ਦੌਲਤ ਸਿੰਘ (ਬਹੁਜਨ ਸਮਾਜ ਪਾਰਟੀ) ਹਾਜ਼ਰ ਸਨ।