ਬੰਦ ਕਰੋ

ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 01/05/2023
ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 293 ਕਰੋੜ 47 ਲੱਖ ਰੁਪਏ ਜਾਰੀ

ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਕੀਤਾ ਗਿਆ

ਰੂਪਨਗਰ, 1 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਦੇ 293 ਕਰੋੜ 47 ਲੱਖ ਰੁਪਏ ਹਣ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ ਜਿਸ ਨਾਲ ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਵਿਚ ਰੂਪਨਗਰ ਪੰਜਾਬ ਭਰ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤੈਅ ਸ਼ੁਦਾ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਪੈਮੈਂਟ ਪਾਈ ਜਾ ਰਹੀ ਹੈ ਅਤੇ ਕਿਸਾਨਾ ਨੂੰ ਅਦਾਇਗੀ ਦੇ ਮਾਮਲੇ ਵਿੱਚ ਜ਼ਿਲ੍ਹਾ ਰੂਪਨਗਰ ਨਿਰੰਤਰ ਮੋਹਰੀ ਬਣਿਆ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਵੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 53 ਹਜ਼ਾਰ 282 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ ਜਿਸ ਵਿਚੋਂ 93 ਹਜ਼ਾਰ 501 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 44 ਹਜ਼ਾਰ 87 ਮੀਟਰਕ ਟਨ, ਮਾਰਕਫੈੱਡ ਵੱਲੋਂ 35 ਹਜ਼ਾਰ 795 ਮੀਟਰਕ ਟਨ, ਪਨਸਪ ਵੱਲੋਂ 32 ਹਜ਼ਾਰ 907 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 22 ਹਜ਼ਾਰ 580 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 10 ਹਜ਼ਾਰ 661 ਮੀਟਰਕ ਟਨ ਅਤੇ ਵਪਾਰੀ ਵਰਗ ਵੱਲੋਂ 7 ਹਜ਼ਾਰ 252 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਹਾੜ੍ਹੀ ਦਾ ਸੀਜ਼ਨ ਆਪਣੇ ਅੰਤਮ ਪੜਾਅ ਵੱਲ ਵੱਧ ਰਿਹਾ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਨੂੰ ਹੁਣ ਜਲਦ ਤੋਂ ਜਲਦ ਲਿਫ਼ਟਿੰਗ ਕਰਨ ਦੀ ਹਦਾਇਤ ਕੀਤੀ ਗਈ ਹੈ।

ਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਵੇਲੇ ਸਿਰ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ, ਅਤੇ ਖ੍ਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।