ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਚੇਤਨਾ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿੱਖਾ ਕੇ ਕੀਤਾ ਰਵਾਨਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਚੇਤਨਾ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿੱਖਾ ਕੇ ਕੀਤਾ ਰਵਾਨਾ
ਪੰਜਾਬ ਸਰਕਾਰ ਵੱਲੋਂ ਪੰਜਾਬੀ ਦੀ ਵਰਤੋਂ ਸਬੰਧੀ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਕੱਢੀ ਰੈਲੀ
ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਵਿਭਾਗ ਵੱਲੋਂ ਜੁਰਮਾਨਾ ਲਗਾਉਣ ਦੀ ਕੀਤੀ ਜਾਵੇਗੀ ਕਾਰਵਾਈ
ਰੂਪਨਗਰ, 16 ਫਰਵਰੀ: ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਮਾਂ-ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਅਤੇ ਗੌਰਵ ਬਹਾਲੀ ਲਈ ਭਾਸ਼ਾ ਵਿਭਾਗ ਪੰਜਾਬ ਦੇ ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵਲੋਂ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਇੱਕ ਚੇਤਨਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਹ ਚੇਤਨਾ ਰੈਲੀ ਡੀ.ਸੀ.ਦਫ਼ਤਰ ਤੋਂ ਸ਼ੂਰੂ ਹੋ ਕੇ ਬੱਚਤ ਚੌਂਕ, ਗਿਆਨੀ ਜ਼ੈਲ ਸਿੰਘ ਨਗਰ, ਸਰਕਾਰੀ ਕਾਲਜ ਰੋਡ, ਕਲਿਆਣ ਸਿਨੇਮਾ, ਸਿਵਲ ਹਸਪਤਾਲ ਰੋਡ ਤੋਂ ਬੇਲਾ ਚੌਂਕ ਵਿਖੇ ਹੁੰਦੇ ਹੋਏ ਸਮਾਪਤ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਦਾ ਮੂਲ ਮਨੋਰਥ ਪੰਜਾਬ ਵਾਸੀਆਂ ਨੂੰ ਆਪਣੀ ਮਾਤ ਭਾਸ਼ਾ ਨਾਲ ਜੋੜਦਿਆਂ ਪੰਜਾਬੀ ਭਾਸ਼ਾ ਸਬੰਧੀ ਕਮੀਆਂ, ਤਰੁੱਟੀਆਂ ਆਦਿ ਨੂੰ ਦੂਰ ਕਰਨਾ ਹੈ ਅਤੇ ਪੰਜਾਬੀ ਭਾਸ਼ਾ ਦਾ ਬਣਦਾ ਮਾਣ-ਸਤਿਕਾਰ ਕਾਇਮ ਰੱਖਣਾ ਹੈ।
ਸ਼੍ਰੀਮਤੀ ਹਰਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਾਸ਼ਾ ਐਕਟ-1967 ਸਮੇਤ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ-2008 ਅਤੇ 2021 ਦੇ ਉਪਬੰਧਾਂ ਅਨੁਸਾਰ ਪੰਜਾਬ ਰਾਜ ਵਿੱਚ ਸਮੁੱਚਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਵਿੱਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ/ ਵਿੱਦਿਅਕ ਸੰਸਥਾਵਾਂ/ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ/ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ/ ਸੁਸਾਇਟੀ ਐਕਟ/ ਫ਼ੈਕਟਰੀ ਐਕਟ ਤਹਿਤ ਰਜਿਸਟਰਡ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ ਨਾਮ ਪੱਟੀਆਂ/ ਮੀਲ ਪੱਥਰਾਂ/ ਸਾਈਨ ਬੋਰਡਾਂ ਦੇ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਿਆ ਜਾਣਾ ਹੈ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਬੋਰਡ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਦੂਜੀ ਭਾਸ਼ਾ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ। ਇਸ ਕੰਮ ਲਈ ਕਿਸੇ ਪ੍ਰਕਾਰ ਦੀ ਕੋਈ ਅਣਗਹਿਲੀ ਨਹੀਂ ਵਰਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਆਉਂਦੇ ਸਾਰੇ ਅਦਾਰਿਆਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਕੇ ਸਾਈਨ ਬੋਰਡ, ਸੰਕੇਤਕ ਲਿਪੀਆਂ ਆਦਿ ਜੇਕਰ ਪੰਜਾਬੀ ਵਿੱਚ ਨਹੀਂ ਲਿਖੇ ਹੋਏ ਹਨ ਤਾਂ ਉਨ੍ਹਾਂ ਨੂੰ ਅਗਾਮੀ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖ ਲਿਆ ਜਾਵੇ। ਇਸ ਤੋਂ ਇਲਾਵਾ ਜਨਤਕ ਥਾਵਾਂ ‘ਤੇ ਲਗਾਏ ਜਾਣ ਵਾਲੇ ਅਤੇ ਪਹਿਲਾਂ ਤੋਂ ਲੱਗੇ ਹੋਏ ਸੂਚਨਾ ਬੋਰਡਾਂ ‘ਤੇ ਸ਼ਬਦ ਜੋੜਾਂ ਦਾ ਧਿਆਨ ਰੱਖਦਿਆਂ ਇਨ੍ਹਾਂ ਨੂੰ ਸ਼ੁੱਧ ਰੂਪ ਵਿੱਚ ਲਿਖਿਆ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਦੀ ਵਰਤੋਂ ਸਬੰਧੀ ਸਮੇਂ-ਸਮੇਂ ‘ਤੇ ਜਾਰੀ ਹੋਈਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਰੂਪਨਗਰ ਵੱਲੋਂ ਇਹ ਚੇਤਨਾ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੇਕਰ ਕਿਸੇ ਨੂੰ ਅਗਵਾਈ ਜਾਂ ਸਹਿਯੋਗ ਦੀ ਜ਼ਰੂਰਤ ਹੈ ਤਾਂ ਉਹ ਕਿਸੇ ਵੀ ਸਮੇਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਰੂਪਨਗਰ ਤੋਂ ਅਗਵਾਈ ਜਾਂ ਸਹਿਯੋਗ ਵੀ ਲੈ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ਵਿੱਚ ਦਰਜ ਉਪਬੰਧਾਂ ਅਨੁਸਾਰ ਵਿਭਾਗ ਵੱਲੋਂ ਜੁਰਮਾਨਾ ਲਗਾਉਣ ਸੰਬਧੀ ਕਾਰਵਾਈ ਕੀਤੀ ਜਾਵੇਗੀ। ਇਸ ਰੈਲੀ ਵਿਚ ਭਾਸ਼ਾ ਵਿਭਾਗ ਰੂਪਨਗਰ ਤੋਂ ਇਨਸਟਰਕਟਰ ਸ. ਸੁਦਾਗਰ ਸਿੰਘ, ਸੀਨੀਅਰ ਸਹਾਇਕ ਸ਼੍ਰੀਮਤੀ ਸਵਰਨਜੀਤ ਕੌਰ, ਸ.ਕੁਲਵੰਤ ਸਿੰਘ ਅਤੇ ਸਟੈਨੋਗ੍ਰਾਫੀ ਦੇ ਵਿਦਿਆਰਥੀਆਂ ਨੇ ਭਾਗ ਲਿਆ।