ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ
ਰੂਪਨਗਰ, 01 ਅਕਤੂਬਰ 2025 – ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਪਿੰਡ ਭਨੁਪਲੀ ਵਿਖੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪਿੰਡ ਭਨੁਪਲੀ ਅਤੇ ਲਾਗਲੇ ਪਿੰਡ ਨੰਗਲੀ, ਜਿੰਦਵਾੜੀ, ਢੇਰ ਅਤੇ ਜਾਂਡਲਾ ਤੋਂ 100 ਤੋਂ ਵੱਧ ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।
ਇਸ ਮੌਕੇ ਡਾ. ਸਤਬੀਰ ਸਿੰਘ, ਐਸੋਸਿਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਰੋਪੜ ਨੇ ਭਾਗੀਦਾਰਾਂ ਨੂੰ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਣਕ ਦੀ ਸਰਫੇਸ ਸੀਡਿੰਗ ਤਕਨੀਕ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਟਿਕਾਊ ਖੇਤੀਬਾੜੀ ਲਈ ਜ਼ਰੂਰੀ ਹੈ ਕਿਉਂਕਿ ਇਹ ਮਿੱਟੀ ਦੀ ਸਿਹਤ ਸੁਧਾਰਦਾ ਹੈ, ਪੌਸ਼ਟਿਕ ਤੱਤਾਂ ਨੂੰ ਰੀਸਾਈਕਲ ਕਰਦਾ ਹੈ, ਉਪਜਾਊ ਸ਼ਕਤੀ ਵਧਾਉਂਦਾ ਹੈ ਅਤੇ ਜੈਵਿਕ ਪਦਾਰਥ ਦਾ ਮਹੱਤਵਪੂਰਨ ਸਰੋਤ ਹੈ। ਇਸ ਤੋਂ ਇਲਾਵਾ, ਇਹ ਪ੍ਰਬੰਧਨ ਹਵਾ ਪ੍ਰਦੂਸ਼ਣ ਤੋਂ ਬਚਾਉਂਦਾ ਹੈ ਅਤੇ ਮਿੱਟੀ ਦੇ ਪੌਸ਼ਟਿਕ ਤੱਤਾਂ ਨੂੰ ਨਸ਼ਟ ਹੋਣ ਤੋਂ ਰੋਕਦਾ ਹੈ।
ਇਸ ਮੌਕੇ ਡਾ. ਅਪਰਣਾ, ਪ੍ਰੋਫੈਸਰ (ਪਸ਼ੂ ਉਤਪਾਦਨ), ਡਾ. ਅੰਕੁਰਦੀਪ ਪ੍ਰੀਤੀ, ਸਹਾਇਕ ਪ੍ਰੋਫੈਸਰ (ਐਗਰੋਫੋਰੈਸਟਰੀ), ਅਤੇ ਡਾ. ਉਰਵੀ ਸ਼ਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਦੀ ਵੱਖ-ਵੱਖ ਖੇਤੀ ਸਹਾਇਕ ਕਿੱਤਿਆਂ ਵਿੱਚ ਉਪਯੋਗਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਖੇਤੀ ਸਾਹਿਤ, ਸਬਜ਼ੀਆਂ ਦੀ ਘਰੇਲੂ ਬਗੀਚੀ ਕਿੱਟ ਅਤੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੀ ਵੰਡਿਆ ਗਿਆ। ਸਮਾਗਮ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕਸਮ ਖਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਦਾ ਤਹਿ ਦਿਲੋਂ ਧੰਨਵਾਦ ਕੀਤਾ।