ਬੰਦ ਕਰੋ

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4): ਰੂਪਨਗਰ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਨਹਿਰੂ ਸਟੇਡੀਅਮ ਵਿਖੇ

ਪ੍ਰਕਾਸ਼ਨ ਦੀ ਮਿਤੀ : 04/09/2026
‘Khedan Watan Punjab Diyan-2026’ (Season-4): Rupnagar Block Sports Competition from 9th to 11th September at Nehru Stadium

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4): ਰੂਪਨਗਰ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਨਹਿਰੂ ਸਟੇਡੀਅਮ ਵਿਖੇ

ਰੂਪਨਗਰ, 4 ਸਤੰਬਰ: ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਰੂਪਨਗਰ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ 2026 ਤੱਕ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਏ ਜਾਣਗੇ।

ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਰਾਹੀਂ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਵਿਸ਼ੇਸ਼ ਮੰਚ ਮਿਲੇਗਾ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਅਤੇ ਖਿਡਾਰੀ ਅਗਲੇ ਪੜਾਅ ਤਹਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 14 ਤੋਂ 40 ਸਾਲ ਉਮਰ ਵਰਗ ਦੇ ਖਿਡਾਰੀਆਂ ਲਈ ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ 14 ਤੋਂ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ, ਵੈਟਰਨ ਵਰਗ ਸਮੇਤ, ਲਈ ਅਥਲੈਟਿਕਸ ਅਤੇ ਵਾਲੀਬਾਲ ਦੇ ਸਮੈਸ਼ਿੰਗ ਅਤੇ ਸ਼ੂਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਵਿਭਾਗ ਵੱਲੋਂ ਜਾਰੀ ਕੀਤੇ ਭਾਗੀਦਾਰੀ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਾਪਤ ਹੋਣਗੇ।

ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨੇ ਰੂਪਨਗਰ ਬਲਾਕ ਦੇ ਸਮੂਹ ਨੌਜਵਾਨਾਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ। ਉਨ੍ਹਾਂ ਦੱਸਿਆ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦੇ ਨਾਲ-ਨਾਲ ਸਿਹਤਮੰਦ ਜੀਵਨਸ਼ੈਲੀ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।