ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਦਾਊਦਪੁਰ ਵਿਖੇ ਸਤਲੁਜ ਦਰਿਆ ਦੇ ਨੁਕਸਾਨੇ ਬੰਨ ਦਾ ਕੀਤਾ ਗਿਆ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਦਾਊਦਪੁਰ ਵਿਖੇ ਸਤਲੁਜ ਦਰਿਆ ਦੇ ਨੁਕਸਾਨੇ ਬੰਨ ਦਾ ਕੀਤਾ ਗਿਆ ਦੌਰਾ
ਸ਼੍ਰੀ ਚਮਕੌਰ ਸਾਹਿਬ, 3 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਹਿਤ ਬਾਂਸਲ ਦੀ ਅਗਵਾਈ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਦਾਊਦਪੁਰ ਵਿਖੇ ਸਤਲੁਜ ਦਰਿਆ ਦੇ ਨੁਕਸਾਨੇ ਗਏ ਬੰਨ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਦੌਰਾ ਕਰ ਸਮੀਖਿਆ ਕੀਤੀ। ਇਸ ਮੌਕੇ ਏ.ਸੀ.ਜੀ.ਐਮ ਆਸ਼ੀਸ਼ ਥਥਈ ਅਤੇ ਸੀ.ਜੇ.ਐਮ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।
ਇਸ ਦੌਰੇ ਦੌਰਾਨ ਅਧਿਕਾਰੀਆਂ ਨੇ ਰਾਹਤ ਅਤੇ ਬਚਾਅ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਅਤੇ ਉਪਰਾਲਿਆਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨੇ ਬੰਨ ਮਜਬੂਤ ਕਰਨ ਦੇ ਕੰਮ ਵਿੱਚ ਸੇਵਾ ਨਿਭਾਅ ਰਹੇ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦੀ ਜਰੂਰਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਅਥਾਰਟੀ ਸਕੱਤਰ-ਕਮ-ਸੀਜੀਐਮ ਸ੍ਰੀਮਤੀ ਅਮਨਦੀਪ ਕੌਰ ਨੇ ਪਿੰਡ ਵਾਸੀਆਂ ਨੂੰ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਅਤੇ ਭਰੋਸਾ ਦਵਾਇਆ ਕਿ ਸੰਕਟਕਾਲੀਨ ਹਾਲਾਤਾਂ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੰਨ-ਬਚਾਵ ਕੰਮਾਂ ਵਿੱਚ ਪ੍ਰਸ਼ਾਸਨ ਨਾਲ ਸਹਿਯੋਗ ਕਰਕੇ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਯਕੀਨੀ ਬਣਾਉਣ।