ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਰੋਪੜ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਰੋਪੜ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ
ਰੂਪਨਗਰ, 29 ਸਤੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਦੀ ਅਗਵਾਈ ਵਿੱਚ ਬੀ.ਡੀ.ਪੀ.ਓ. ਦਫ਼ਤਰ ਰੋਪੜ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਰੂਪਨਗਰ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਸ਼ਮੂਲੀਅਤ ਕੀਤੀ।
ਇਸ ਮੀਟਿੰਗ ਦਾ ਮੁੱਖ ਉਦੇਸ਼ ਪਿੰਡ ਪੱਧਰ ‘ਤੇ ਲੋਕਾਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਦੀ ਪਹੁੰਚ ਯਕੀਨੀ ਬਣਾਉਣਾ ਅਤੇ ਨਾਲਸਾ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਫੈਲਾਉਣਾ ਸੀ।
ਇਸ ਮੌਕੇ ਅਮਨਦੀਪ ਕੌਰ ਨੇ ਹਾਜ਼ਰ ਸਰਪੰਚਾਂ ਨੂੰ ਵਿਸਥਾਰ ਨਾਲ ਦੱਸਿਆ ਕਿ ਕਿਸ ਤਰ੍ਹਾਂ ਲੋੜਵੰਦ ਪਰਿਵਾਰ ਅਤੇ ਵਿਅਕਤੀ ਬਿਨਾਂ ਕਿਸੇ ਖ਼ਰਚੇ ਦੇ ਕਾਨੂੰਨੀ ਮਦਦ ਪ੍ਰਾਪਤ ਕਰ ਸਕਦੇ ਹਨ। ਸਰਪੰਚਾਂ ਨੂੰ ਇਹ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਸਬੰਧੀ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਵਿੱਚ ਸਹਿਯੋਗ ਕਰਨ।
ਇਸ ਮੌਕੇ ਉਤੇ ਖ਼ਾਸ ਤੌਰ ‘ਤੇ ਨਾਲਸਾ/ਡੀ.ਐਲ.ਐਸ.ਏ. ਵੱਲੋਂ ਚਲਾਈਆਂ ਜਾ ਰਹੀਆਂ ਮੁੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਸਕੀਮ – ਮਹਿਲਾਵਾਂ ਅਤੇ ਬੱਚਿਆਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਅੰਡਰ-ਟ੍ਰਾਇਲ ਕੈਦੀਆਂ ਲਈ ਸਕੀਮ, ਉਹ ਕੈਦੀ ਜੋ ਅਜੇ ਤੱਕ ਕੇਸ ਦੇ ਫੈਸਲੇ ਦੀ ਉਡੀਕ ਵਿੱਚ ਹਨ, ਉਨ੍ਹਾਂ ਨੂੰ ਕਾਨੂੰਨੀ ਮਦਦ, ਵਿਕਲਪਿਕ ਵਿਵਾਦ ਨਿਪਟਾਰਾ (ਲੋਕ ਅਦਾਲਤਾਂ/ਮੈਡੀਏਸ਼ਨ) – ਲੋਕਾਂ ਦੇ ਛੋਟੇ-ਮੋਟੇ ਵਿਵਾਦਾਂ ਦਾ ਸਸਤਾ, ਤੇਜ਼ ਅਤੇ ਸੌਖਾ ਨਿਪਟਾਰਾ ਕਰਨਾ ਆਦਿ ਸ਼ਾਮਲ ਸੀ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਹ ਅਪੀਲ ਕੀਤੀ ਗਈ ਕਿ ਹਰ ਪਿੰਡ ਦਾ ਸਰਪੰਚ ਆਪਣੇ ਇਲਾਕੇ ਦੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਸਬੰਧੀ ਜਾਣੂ ਕਰੇ ਅਤੇ ਲੋੜਵੰਦ ਪਰਿਵਾਰਾਂ ਨੂੰ ਨਿਆਂ ਹਾਸਲ ਕਰਨ ਵਿੱਚ ਸਹਿਯੋਗ ਦੇਵੇ।