ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਦੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਸ਼ਨ ਸਮੇਤ ਮੈਡੀਕਲ ਤੇ ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਮੁਹੱਈਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਦੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਸ਼ਨ ਸਮੇਤ ਮੈਡੀਕਲ ਤੇ ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਮੁਹੱਈਆ
ਕਿਸ਼ਤੀਆਂ ਅਤੇ ਟਰੈਕਟਰਾਂ ਰਾਹੀਂ ਲੋੜਵੰਦਾਂ ਤੱਕ ਮੈਡੀਕਲ ਟੀਮਾਂ ਤੇ ਸਹਾਇਤਾ ਪਹੁੰਚਾਈ ਗਈ
ਰੂਪਨਗਰ, 5 ਸਤੰਬਰ: ਸਤਲੁਜ ਦਰਿਆ ਵਿੱਚ ਪਾਣੀ ਦੇ ਵਧਦੇ ਪੱਧਰ ਕਾਰਨ ਪੈਦਾ ਹੋਈ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰੰਤਰ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਹਿੱਸੇ ਦੇ ਦਰਿਆ-ਕਿਨਾਰੇ ਪਿੰਡਾਂ ਵਿੱਚ ਜਿੱਥੇ ਲੋਕਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉੱਥੇ ਮੈਡੀਕਲ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਖ਼ਾਸ ਟੀਮਾਂ ਵੱਲੋਂ ਡਾਕਟਰੀ ਜਾਂਚ, ਦਵਾਈਆਂ ਅਤੇ ਪਸ਼ੂਆਂ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਲੋੜਵੰਦਾਂ ਤੱਕ ਮਦਦ ਪਹੁਚਾਉਣ ਲਈ ਸੰਯੁਕਤ ਟੀਮਾਂ ਬਣਾਈਆਂ ਗਈਆਂ ਹਨ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਨੁਮਾਇੰਦਾ, ਪੁਲਿਸ, ਸਿਹਤ ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ।
ਹੜ੍ਹ ਕਾਰਨ ਪ੍ਰਭਾਵਿਤ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਉਣ ਲਈ ਪ੍ਰਸ਼ਾਸਨ ਨੇ ਕਈ ਵੱਖ-ਵੱਖ ਤਰੀਕੇ ਅਪਣਾਏ ਹਨ। ਕਿਸ਼ਤੀਆਂ ਰਾਹੀਂ ਉਹਨਾਂ ਘਰਾਂ ਤੱਕ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਜਿੱਥੇ ਸੜਕ ਮਾਰਗ ਪੂਰੀ ਤਰ੍ਹਾਂ ਬੰਦ ਹੋ ਚੁੱਕੇ ਸਨ। ਇਸ ਤੋਂ ਇਲਾਵਾ ਟਰੈਕਟਰਾਂ ਅਤੇ ਹੋਰ ਸਾਧਨਾਂ ਰਾਹੀਂ ਵੀ ਲੋਕਾਂ ਤੱਕ ਜ਼ਰੂਰੀ ਸਮੱਗਰੀ, ਪਾਣੀ ਦੀਆਂ ਬੋਤਲਾਂ ਅਤੇ ਦਵਾਈਆਂ ਪਹੁੰਚਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨੇ ਪਿੰਡਾਂ ਵਿੱਚ ਜਾ ਕੇ ਪਸ਼ੂਆਂ ਦੀ ਸਿਹਤ ਜਾਂਚੀ, ਬਿਮਾਰੀਆਂ ਤੋਂ ਬਚਾਅ ਲਈ ਦਵਾਈਆਂ ਦਿੱਤੀਆਂ ਅਤੇ ਚਾਰੇ ਦੀ ਵੀ ਵੰਡ ਕੀਤੀ। ਇਸ ਨਾਲ ਕਿਸਾਨਾਂ ਨੂੰ ਆਪਣੇ ਪਸ਼ੂਆਂ ਨੂੰ ਸੁਰੱਖਿਅਤ ਰੱਖਣ ਵਿੱਚ ਵੱਡੀ ਸਹਾਇਤਾ ਮਿਲੀ ਹੈ।
ਮੈਡੀਕਲ ਵਿਭਾਗ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਖ਼ਾਸ ਤੌਰ ‘ਤੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਹੜ੍ਹ ਕਾਰਨ ਕੋਈ ਮਹਾਂਮਾਰੀ ਨਾ ਫੈਲ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਖੜਾ ਡੈਮ ਤੋਂ ਪਾਣੀ ਦਾ ਬਹਾਅ ਹੁਣ ਕੁਝ ਘਟਿਆ ਹੈ, ਜਿਸ ਨਾਲ ਪਿੰਡਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਕੁਝ ਰਾਹਤ ਮਿਲੀ ਹੈ ਪਰ ਅਜੇ ਵੀ ਕਈ ਪਿੰਡ ਦਰਿਆਈ ਪਾਣੀ ਨਾਲ ਪ੍ਰਭਾਵਿਤ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਅਜੇ ਵੀ ਪੂਰੀ ਚੌਕਸੀ ਬਰਤੀ ਜਾ ਰਹੀ ਹੈ ਅਤੇ ਪਾਣੀ ਦੇ ਪੱਧਰ ਉੱਤੇ ਨਿਗਰਾਨੀ ਜਾਰੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਪਿੰਡਾਂ ਨਾਲ ਨਿਰੰਤਰ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਹਰ ਜ਼ਰੂਰਤਮੰਦ ਪਰਿਵਾਰ ਨੂੰ ਸਮੇਂ-ਸਿਰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੁਹਿੰਮ ਵਿੱਚ ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸਥਾਨਕ ਨੌਜਵਾਨ ਵੀ ਵੱਡੇ ਉਤਸ਼ਾਹ ਨਾਲ ਸਹਿਯੋਗ ਦੇ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨਾਲ ਪੂਰੀ ਤਰ੍ਹਾਂ ਖੜ੍ਹਾ ਹੈ ਅਤੇ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਲੋਕ ਅਫ਼ਵਾਹਾਂ ਤੋਂ ਬਚਣ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਨੂੰ ਤਰਜੀਹ ਦੇਣ।