ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ 10 ਅਪ੍ਰੈਲ ਨੂੰ ਮੇਗਾ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ 10 ਅਪ੍ਰੈਲ ਨੂੰ ਮੇਗਾ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ
ਰੂਪਨਗਰ, 09 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਮਿਤੀ 10 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਰੂਪਨਗਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਲਈ ਮੇਗਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ, ਰੂਪਨਗਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਵੱਧ ਤੋਂ ਵੱਧ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਪੂਰੇ ਪੰਜਾਬ ਵਿੱਚ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਹੋਰ ਦੱਸਿਆ ਕਿ ਇਸੇ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਵੀ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਚੁਣੇ ਹੋਏ ਸਥਾਨਾਂ ‘ਤੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਤਾਂ ਜੋ ਯੋਗ ਵਿਅਕਤੀਆਂ ਦੀ ਸਮੇਂ ਸਿਰ ਅਤੇ ਸਹੀ ਰਜਿਸਟ੍ਰੇਸ਼ਨ ਹੋ ਸਕੇ ਅਤੇ ਉਹ ਇਸ ਯੋਜਨਾ ਦਾ ਲਾਭ ਲੈ ਸਕਣ।
ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਸ਼ਾਮਲ ਹੋਣ ਲਈ ਪਰਿਵਾਰ ਦੇ ਘੱਟੋ-ਘੱਟ ਦੋ ਮੈਂਬਰ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਲੈ ਕੇ ਆਉਣ। ਇਨ੍ਹਾਂ ਵਿੱਚ ਆਧਾਰ ਕਾਰਡ, ਵੋਟਰ ਕਾਰਡ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਲਈ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਲਾਜ਼ਮੀ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਕਰਵਾਉਣ।</p