ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 07/10/2026
Special meeting held by the district administration to address the issues faced by freedom fighters and their heirs.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ

‘ਵਿਸ਼ੇਸ਼ ਸ਼ਿਕਾਇਤ ਨਿਵਾਰਣ ਮੁਹਿੰਮ’ ਤਹਿਤ ਵੱਖ-ਵੱਖ ਮਾਮਲਿਆਂ ਦੀ ਕੀਤੀ ਗਈ ਸਮੀਖਿਆ

ਰੂਪਨਗਰ, 7 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਸੁਤੰਤਰਤਾ ਸੰਗਰਾਮੀ ਸ਼ਾਖਾ) ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ‘ਵਿਸ਼ੇਸ਼ ਸ਼ਿਕਾਇਤ ਨਿਵਾਰਣ ਮੁਹਿੰਮ’ ਤਹਿਤ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਕਰਵਾਈ ਗਈ।

ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਵੱਲੋਂ ਕੀਤੀ ਗਈ। ਜ਼ਿਲ੍ਹਾ ਮਾਲ ਅਫ਼ਸਰ ਰੂਪਨਗਰ ਸ. ਜਸਵਿੰਦਰ ਸਿੰਘ ਵੱਲੋਂ ਮੀਟਿੰਗ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ।

ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਲਾਭਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਤੋਂ ਇਲਾਵਾ ਸੁਤੰਤਰਤਾ ਸੰਗਰਾਮੀਆਂ ਦੇ ਨਾਮ ’ਤੇ ਸਕੂਲਾਂ ਅਤੇ ਸੜਕਾਂ ਦੇ ਨਾਮ ਰੱਖਣ ਜਾਂ ਪਹਿਲਾਂ ਰੱਖੇ ਨਾਮਾਂ ਵਿੱਚ ਤਬਦੀਲੀ ਕਰਨ ਨਾਲ ਸਬੰਧਤ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ। ਇਨ੍ਹਾਂ ਮਾਮਲਿਆਂ ਸਬੰਧੀ ਸਬੰਧਤ ਵਿਭਾਗਾਂ ਵੱਲੋਂ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਅਤੇ ਤਜਵੀਜ਼ਾਂ ਬਾਰੇ ਵੀ ਵਿਚਾਰ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਨੇ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਸਬੰਧਤ ਮਾਮਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਕਿਸੇ ਮਾਮਲੇ ਸਬੰਧੀ ਕਿਸੇ ਵਿਭਾਗ ਦੀ ਰਿਪੋਰਟ ਜਾਂ ਜਾਣਕਾਰੀ ਲੋੜੀਂਦੀ ਹੋਵੇ, ਉਹ ਬਿਨਾਂ ਕਿਸੇ ਦੇਰੀ ਦੇ ਭੇਜੀ ਜਾਵੇ ਤਾਂ ਜੋ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਦੇ ਪ੍ਰਤੀਨਿਧੀਆਂ ਤੋਂ ਇਲਾਵਾ ਵੱਖ-ਵੱਖ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਲੋਕ ਨਿਰਮਾਣ ਵਿਭਾਗ ਦੇ ਪ੍ਰਤੀਨਿਧੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਕੁਝ ਮਾਮਲਿਆਂ ਸਬੰਧੀ ਲੋੜੀਂਦੀਆਂ ਰਿਪੋਰਟਾਂ ਮੌਕੇ ’ਤੇ ਹੀ ਪ੍ਰਾਪਤ ਕਰ ਲਈਆਂ ਗਈਆਂ, ਜਦਕਿ ਬਾਕੀ ਮਾਮਲਿਆਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਲੋੜੀਂਦੀਆਂ ਰਿਪੋਰਟਾਂ ਭੇਜਣ ਲਈ ਕਿਹਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਸਬੰਧਤ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।