ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ
ਮੈਰਾਥਨ ਦੇ ਜੇਤੂਆਂ ਨੂੰ 1.5 ਲੱਖ ਦੇ ਲਗਭਗ ਦਿੱਤੇ ਜਾਣਗੇ ਇਨਾਮ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੈਰਾਥਨ ‘ਚ ਵੱਧ ਚੜ੍ਹ ਕੇ ਭਾਗ ਲੈਣ ਦੀ ਕੀਤੀ ਅਪੀਲ
ਰੂਪਨਗਰ, 14 ਫਰਵਰੀ: ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 23 ਫਰਵਰੀ 2025 ਦਿਨ ਐਤਵਾਰ ਨੂੰ ਸਲਾਨਾ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਪ੍ਰੈੱਸ ਕਾਨਫਰੰਸ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਾਸੀਆਂ ਤੇ ਵਿਸ਼ੇਸ਼ ਤੌਰ ਉਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਸਮੇਂ-ਸਮੇਂ ਤੇ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ। ਇਸੇ ਮੰਤਵ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਮਿੰਨੀ ਮੈਰਾਥਨ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸਦਾ ਮੁੱਖ ਮੰਤਵ ਖੇਡਾਂ ਤੇ ਤੰਦਰੁਸਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡਾ ਜ਼ਿਲ੍ਹਾ ਰੂਪਨਗਰ ਖੇਡਾਂ ਵਿੱਚ ਪਹਿਲੇ ਸਥਾਨ ‘ਤੇ ਹੋਵੇ ਅਤੇ ਇਸ ਜ਼ਿਲ੍ਹੇ ਵਿੱਚੋਂ ਵੱਖ-ਵੱਖ ਖੇਡਾਂ ਵਿੱਚ ਵੱਡੇ ਖਿਡਾਰੀ ਤੇ ਓਲੰਪਿਅਨ ਪੈਦਾ ਹੋਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੈਰਾਥਨ 23 ਫਰਵਰੀ ਵਾਲੇ ਦਿਨ ਸਵੇਰੇ 6 ਵਜੇ ਨਹਿਰੂ ਸਟੇਡੀਅਮ ਰੂਪਨਗਰ ਤੋਂ ਸ਼ੁਰੂ ਹੋਵੇਗੀ, ਜਿਸ ਦੇ ਵਿੱਚ 2.5 ਕਿਲੋਮੀਟਰ, 5 ਕਿਲੋਮੀਟਰ ਅਤੇ 10 ਕਿਲੋਮੀਟਰ ਵਿੱਚ 3 ਵਰਗਾਂ 16 ਸਾਲ ਤੋਂ ਘੱਟ ਵਰਗ, ਓਪਨ ਵਰਗ ਅਤੇ ਸੀਨੀਅਰ ਸਿਟੀਜ਼ਨ ਵਰਗ ਵਿੱਚ ਮਰਦ ਅਤੇ ਔਰਤ ਦੋਵੋਂ ਭਾਗ ਲੈ ਸਕਦੇ ਹਨ। ਇਸ ਦੇ ਲਈ ਰਜਿਸਟਰੇਸ਼ਨ ਮੌਕੇ ‘ਤੇ ਹੀ 6 ਵਜੇ ਤੋਂ ਲੈ ਕੇ 6.30 ਵਜੇ ਤੱਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਰੂਟ ਨਹਿਰੂ ਸਟੇਡੀਅਮ ਤੋਂ ਸ਼ੁਰੂ ਹੋ ਕੇ ਨਵੇਂ ਬਣੇ ਪੁੱਲ ਤੋਂ ਹੁੰਦੇ ਹੋਏ ਸਫ਼ਰ ਏ ਸ਼ਹਾਦਤ ਮਾਰਗ ਤੇ ਬਰਡ ਵਾਚ ਸੈਂਟਰ ਤੋਂ ਕਟਲੀ ਤੱਕ 2.5 ਕਿਲੋਮੀਟਰ ਵਰਗ ਇਸੇ ਤਰ੍ਹਾਂ ਵੱਖ-ਵੱਖ ਜਿਵੇਂ 5 ਤੇ 10 ਕਿਲੋਮੀਟਰ ਨੂੰ ਪੂਰੀ ਕਰਦੀ ਹੋਈ ਵਾਪਿਸ ਨਹਿਰੂ ਸਟੇਡੀਅਮ ਆ ਕੇ ਸਮਾਪਤ ਹੋਵੇਗੀ। ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਮੈਰਾਥਨ ਦੇ ਜੇਤੂਆਂ ਨੂੰ 1.5 ਲੱਖ ਦੇ ਕਰੀਬ ਇਨਾਮ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਮਿੰਨੀ ਮੈਰਾਥਨ ਨੂੰ ਆਉਣ ਵਾਲੇ ਸਾਲਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਇਸ ਨੂੰ ਮਿੰਨੀ ਮੈਰਾਥਨ ਤੋਂ ਮੇਜਰ ਮੈਰਾਥਨ ਬਣਾਇਆ ਜਾਵੇਗਾ।
ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਮੈਰਾਥਨ ਦੇ ਲਈ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ, ਜਿਸਦੇ ਵਿੱਚ ਰਿਫਰੈਸ਼ਮੈਂਟ ਪ੍ਰਬੰਧ, ਟ੍ਰੈਫ਼ਿਕ ਦੇ ਬਦਲਵੇਂ ਪ੍ਰਬੰਧ, ਸਿਹਤ ਵਿਭਾਗ ਦੀਆਂ ਟੀਮਾਂ ਤੇ ਐਂਬੂਲੈਂਸ, ਮੈਰਾਥਨ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਰਸਤੇ ਵਿੱਚ ਪਾਣੀ ਦਾ ਪ੍ਰਬੰਧ ਤੇ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦੇ ਲਈ ਵੱਖ-ਵੱਖ ਸਮਾਜ ਸੇਵੀ ਐਸੀਸੋਏਸ਼ਨਾਂ ਵੀ ਆਪਣਾ ਵੱਧ ਚੜ੍ਹ ਕੇ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੈਰਾਥਨ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਵੀ ਕੀਤੀ।