ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਮੌਕੇ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ – ਸ਼੍ਰੀ ਅਦਿੱਤਿਆ ਡੇਚਲਵਾਲ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ
ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਮੌਕੇ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ – ਸ਼੍ਰੀ ਅਦਿੱਤਿਆ ਡੇਚਲਵਾਲ
ਸਮਾਗਮ ਦੀ ਸ਼ੁਰੂਆਤ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਨਾਲ ਹੋਵੇਗੀ
ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ
ਭਾਈ ਦਵਿੰਦਰ ਸਿੰਘ ਜੀ ਸੋਢੀ ਰਾਗੀ (ਲੁਧਿਆਣੇ ਵਾਲੇ) ਵੱਲੋਂ ਵੀ ਕੀਰਤਨ ਦੀ ਹਾਜ਼ਰੀ ਭਰੀ ਜਾਵੇਗੀ
ਰੂਪਨਗਰ, 24 ਅਪ੍ਰੈਲ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 26 ਅਪ੍ਰੈਲ 2026 (ਐਤਵਾਰ) ਨੂੰ ਸ਼ਾਮ 5 ਵਜੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹੱਤਵਪੂਰਨ ਸਮਾਗਮ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ਸ਼ਾਮ 05 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਅਰੰਭ ਹੋਵੇਗਾ, ਉਪਰੰਤ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਨਾਲ ਹੋਵੇਗੀ, ਜੋ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਦੇ ਗੂੜ੍ਹੇ ਅਰਥ ਸਮਝਾਉਣਗੇ ਅਤੇ ਆਤਮਕ ਜੀਵਨ ਬਾਰੇ ਪ੍ਰੇਰਿਤ ਕਰਨਗੇ। ਇਸ ਤੋਂ ਬਾਅਦ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ, ਇਸ ਤੋਂ ਬਾਅਦ ਭਾਈ ਦਵਿੰਦਰ ਸਿੰਘ ਜੀ ਸੋਢੀ ਰਾਗੀ (ਲੁਧਿਆਣੇ ਵਾਲੇ) ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਜਾਵੇਗੀ, ਜੋ ਸਮਾਗਮ ਨੂੰ ਹੋਰ ਵੀ ਰੂਹਾਨੀ ਰੰਗ ਵਿੱਚ ਰੰਗ ਦੇਵੇਗੀ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮਾਗਮ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਸੰਗਤਾਂ ਦੀ ਸਹੂਲਤ ਲਈ ਵਧੀਆ ਬੈਠਕ ਪ੍ਰਬੰਧ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਸੁਰੱਖਿਆ ਦੇ ਯੋਗ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਹਰ ਕੋਈ ਆਰਾਮ ਨਾਲ ਸਮਾਗਮ ਦਾ ਆਨੰਦ ਮਾਣ ਸਕੇ। ਸਮਾਗਮ ਦੌਰਾਨ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀ ਡਿਊਟੀ ਵੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਤੋਂ ਪ੍ਰੇਰਣਾ ਲੈਣ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਭਾਈਚਾਰੇ, ਸਾਂਝ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਸਾਨੂੰ ਸੱਚੇ ਮਾਰਗ ‘ਤੇ ਚਲਣ ਲਈ ਪ੍ਰੇਰਿਤ ਕਰਦੇ ਹਨ।