ਜ਼ਿਲ੍ਹਾ ਮੈਜਿਸਟਰੇਟ ਨੇ ਹੋਲੇ ਮਹੱਲੇ ਮੌਕੇ ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ
ਜ਼ਿਲ੍ਹਾ ਮੈਜਿਸਟਰੇਟ ਨੇ ਹੋਲੇ ਮਹੱਲੇ ਮੌਕੇ ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ
ਰੂਪਨਗਰ, 13 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਪੰਜਾਬ ਆਬਕਾਰੀ ਐਕਟ-1954 ਦੇ ਅਧੀਨ ਪ੍ਰਾਪਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੀਰਤਪੁਰ ਸਾਹਿਬ ਵਿਖੇ 27 ਫਰਵਰੀ 2026 ਤੋਂ 01 ਮਾਰਚ 2026 ਤੱਕ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 02 ਮਾਰਚ 2026 ਤੋਂ 04 ਮਾਰਚ 2026 ਤੱਕ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਹਰ ਕਿਸਮ ਦੀ ਸ਼ਰਾਬ ਦੇ ਠੇਕੇ/ਅਹਾਤੇ, ਸ਼ਰਾਬ ਦੇ ਭੰਡਾਰ ਰੱਖਣ, ਹੋਟਲਾਂ ਆਦਿ ਵਿੱਚ ਸ਼ਰਾਬ ਦੀ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਲੱਖਾ ਸ਼ਰਧਾਲੂ ਇਸ ਮੌਕੇ ਤੇ ਧਾਰਮਿਕ ਭਾਵਨਾਵਾਂ ਨਾਲ ਇਨ੍ਹਾਂ ਨਗਰਾਂ ਵਿੱਚ ਆਉਣਗੇ ਅਤੇ ਅਜਿਹੇ ਧਾਰਮਿਕ ਸਮਾਗਮਾਂ ਉੱਤੇ ਸ਼ਰਾਬ ਪੀ ਕੇ ਆਉਣ ਵਾਲੇ ਵਿਅਕਤੀ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ ਅਤੇ ਇਸ ਦੇ ਨਾਲ ਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਹ ਜਰੂਰੀ ਸਮਝਿਆ ਜਾਂਦਾ ਹੈ ਕਿ ਹੋਲੇ ਮੁਹੱਲੇ ਦੇ ਤਿਉਹਾਰ ਦੌਰਾਨ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਆਉਣ ਵਾਲੇ ਸਾਰੇ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ।