ਬੰਦ ਕਰੋ

ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ‘ਚ 9 ਮਈ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਪ੍ਰਕਾਸ਼ਨ ਦੀ ਮਿਤੀ : 21/04/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ‘ਚ 9 ਮਈ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਸੀ.ਜੇ.ਐਮ ਅਮਨਦੀਪ ਕੌਰ ਨੇ ਜਨਤਾ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ

ਰੂਪਨਗਰ, 21 ਅਪ੍ਰੈਲ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਇਸ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ 9 ਮਈ ਨੂੰ ਲਗਾਈ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮਏਸੀਟੀ ਮੋਟਰ ਐਕਸੀਡੈਂਟ ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿਚ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿਚ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ।

ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।