ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/10/2026
Special camps will be held on October 24 in three assembly constituencies of Rupnagar district - Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਰੂਪਨਗਰ, 22 ਅਕਤੂਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2027 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 049-ਸ੍ਰੀ ਅਨੰਦਪੁਰ ਸਾਹਿਬ, 050-ਰੂਪਨਗਰ ਅਤੇ 051-ਸ੍ਰੀ ਚਮਕੌਰ ਸਾਹਿਬ ਵਿੱਚ 24 ਅਕਤੂਬਰ 2026 (ਦਿਨ ਸ਼ਨਿਚਰਵਾਰ) ਨੂੰ ਦੁਪਹਿਰ 03:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪੋ-ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਉਹ ਯੋਗ ਨਾਗਰਿਕ, ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਬਣਵਾਉਣ ਲਈ ਫਾਰਮ ਨਹੀਂ ਭਰਿਆ, ਆਪਣੇ ਫਾਰਮ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਦਸਤੀ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਾਗਰਿਕ ਆਪਣੀ ਵੋਟ ਬਣਵਾਉਣ ਜਾਂ ਵੋਟਰ ਸੂਚੀ ਵਿੱਚ ਲੋੜੀਂਦੀ ਸੋਧ ਕਰਵਾਉਣ ਲਈ ਵੋਟਰ ਹੈਲਪਲਾਈਨ ਮੋਬਾਈਲ ਐਪ ਜਾਂ Voters.eci.gov.in ਪੋਰਟਲ ਰਾਹੀਂ ਆਨਲਾਈਨ ਅਰਜ਼ੀ ਵੀ ਦੇ ਸਕਦੇ ਹਨ। ਇਸ ਲਈ ਨਵੀਂ ਵੋਟ ਬਣਵਾਉਣ ਵਾਸਤੇ ਫਾਰਮ ਨੰਬਰ 6, ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਅਤੇ ਪਹਿਲਾਂ ਤੋਂ ਦਰਜ ਵੋਟ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ, ਡੁਪਲੀਕੇਟ ਵੋਟਰ ਕਾਰਡ ਪ੍ਰਾਪਤ ਕਰਨ, ਪਤਾ ਬਦਲਣ ਜਾਂ ਪੀ.ਡਬਲਿਊ.ਡੀ. ਵਜੋਂ ਮਾਰਕ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।

ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਜੇਕਰ ਕੋਈ ਵੋਟਰ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਆਪਣੇ ਸਬੰਧਤ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਦੀ ਜਾਂਚ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਕਰਨਾ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਇਨ੍ਹਾਂ ਕੈਂਪਾਂ ਦੌਰਾਨ ਵੋਟਰ ਸੂਚੀ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਪੇਸ਼ ਕਰ ਸਕਦੇ ਹਨ।