ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਤੇ ਰਜਿਸਟ੍ਰੇਸ਼ਨ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 08/10/2026
Placement and registration camp at District Employment and Entrepreneurship Bureau Rupnagar today

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਤੇ ਰਜਿਸਟ੍ਰੇਸ਼ਨ ਕੈਂਪ ਅੱਜ

ਰੂਪਨਗਰ, 08 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 09 ਅਕਤੂਬਰ 2026 ਨੂੰ ਸਵੇਰੇ 10 ਵਜੇ ਪਲੇਸਮੈਂਟ/ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪ੍ਰੋਟਾਕ ਸੋਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਵੱਲੋਂ ਗਾਹਕ ਸੇਵਾ ਕਾਰਜਕਾਰੀ ਦੀਆਂ 50 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਬਾਰਵੀਂ, ਆਈ.ਟੀ.ਆਈ., ਡਿਪਲੋਮਾ, ਗ੍ਰੈਜੂਏਸ਼ਨ ਜਾਂ ਪੋਸਟ ਗ੍ਰੈਜੂਏਸ਼ਨ ਪਾਸ ਉਮੀਦਵਾਰ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ ਅਤੇ ਉਮੀਦਵਾਰ ਦੀ ਉਮਰ 18 ਤੋਂ 35 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਨੌਕਰੀ ਦਾ ਸਥਾਨ ਮੋਹਾਲੀ ਹੋਵੇਗਾ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੋਵੇਗਾ। ਉਨ੍ਹਾਂ ਯੋਗ ਅਤੇ ਇੱਛੁਕ ਨੌਜਵਾਨਾਂ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਰੋਜ਼ਗਾਰ ਦੇ ਇਸ ਮੌਕੇ ਦਾ ਲਾਭ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।