ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਆਈ.ਈ.ਟੀ ਭੱਦਲ ਕਾਲਜ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਪ੍ਰਕਾਸ਼ਨ ਦੀ ਮਿਤੀ : 26/02/2026
District Employment and Entrepreneurship Bureau Rupnagar organized a career seminar at IET Bhadal College

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਆਈ.ਈ.ਟੀ ਭੱਦਲ ਕਾਲਜ ਵਿਖੇ ਕਰੀਅਰ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਰੂਪਨਗਰ, 26 ਫਰਵਰੀ: ਆਈ.ਈ.ਟੀ ਭੱਦਲ ਵਿਖੇ ਤਕਨੀਕੀ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਇੱਕ ਕਿੱਤਾ ਅਗਵਾਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਸੈਮੀਨਾਰ ਵਿੱਚ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਆਈ.ਈ.ਟੀ ਭੱਦਲ ਦੇ ਲਗਭਗ 250 ਵਿਦਿਆਰਥੀਆਂ ਨੇ ਭਾਗ ਲਿਆ।

ਕਰੀਅਰ ਕਾਊਂਸਲਰ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਵਿੱਦਿਅਕ ਯੋਗਤਾ ਮੁਕੰਮਲ ਹੋਣ ਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਅਜੋਕੇ ਇੰਟਰਨੈਟ ਯੁੱਗ ਵਿੱਚ ਭਾਵੇਂ ਵਿਦਿਆਰਥੀਆਂ ਕੋਲ ਹਰ ਤਰ੍ਹਾਂ ਦੀ ਸੁਵਿਧਾ ਉਪਲੱਬਧ ਹੈ, ਪ੍ਰੰਤੂ ਫਿਰ ਵੀ ਵਿਦਿਆਰਥੀ ਇਸਨੂੰ ਆਪਣੇ ਕਰੀਅਰ ਜਾਂ ਭਵਿੱਖ ਲਈ ਉਪਯੋਗ ਨਾ ਕਰਦੇ ਹੋਏ ਹੋਰ ਚੀਜ਼ਾਂ ਵੱਲ ਵਧੇਰੇ ਪ੍ਰਭਾਵਿਤ ਰਹਿੰਦੇ ਹਨ।

ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣਾ ਟੀਚਾ ਨਿਰਧਾਰਤ ਕਰਨਾ ਚਾਹੀਦਾ ਹੈ ਅਤੇ ਮੰਜ਼ਿਲ ਵੱਲ ਵੱਧਣ ਲਈ ਮਿਹਨਤ ਕਰਨੀ ਚਾਹੀਦੀ ਹੈ। ਤਕਨੀਕੀ ਖੇਤਰਾਂ ਤੋਂ ਇਲਾਵਾ ਫੌਜ, ਐਨ.ਡੀ.ਏ ਅਤੇ ਹਵਾਈ ਸੈਨਾ ਵਿੱਚ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਸਬੰਧੀ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਵਿਧੀ ਬਾਰੇ ਅਤੇ ਪਰਸਨੈਲਿਟੀ ਡਿਵੈਲਪਮੈਂਟ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਮੁਫ਼ਤ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਕਿੱਤਾ ਅਗਵਾਈ, ਸਵੈ-ਰੋਜ਼ਗਾਰ ਅਪਣਾਉਣ ਲਈ ਕਰਜ਼ਾ ਸਹੂਲਤਾਵਾਂ, ਮੁਕਾਬਲੇ ਦੀ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ, ਹੁਨਰ ਵਿਕਾਸ ਅਤੇ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਵਿੱਚ ਹਰ ਹਫ਼ਤੇ 2 ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਨੌਜਵਾਨਾਂ ਨੂੰ ਇਨ੍ਹਾਂ ਕੈਂਪਾਂ ਦਾ ਵੀ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰਬਰ 01881-222104 ਤੇ ਸੰਪਰਕ ਕਰ ਸਕਦੇ ਹਨ।

ਇਸ ਸੈਮੀਨਾਰ ਵਿੱਚ ਆਈ.ਈ.ਟੀ ਕਾਲਜ ਦੇ ਪ੍ਰੋਫੈਸਰ ਓਂਕਾਰ ਸਿੰਘ, ਸੀਨੀਅਰ ਫੈਕਲਟੀ ਵੀ ਮੌਜੂਦ ਸਨ।