ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨ ਹਰਦੀਪ ਸਿੰਘ ਵੱਲੋਂ 35 ਕੁਇੰਟਲ ਪ੍ਰਤੀ ਏਕੜ ਕੀਤਾ ਜਾ ਰਿਹਾ ਝਾੜ ਪ੍ਰਾਪਤ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨ ਹਰਦੀਪ ਸਿੰਘ ਵੱਲੋਂ 35 ਕੁਇੰਟਲ ਪ੍ਰਤੀ ਏਕੜ ਕੀਤਾ ਜਾ ਰਿਹਾ ਝਾੜ ਪ੍ਰਾਪਤ
ਪਿੰਡ ਗੱਗੋਂ ਦੇ ਇਸ ਕਿਸਾਨ ਵੱਲੋਂ 3 ਏਕੜ ਰਕਬੇ ਦੀ ਇਸ ਵਾਰ ਵੀ ਸਿੱਧੀ ਬਿਜਾਈ ਕੀਤੀ
ਰੂਪਨਗਰ, 9 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀਆਂ ਹਦਾਇਤਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਵੀ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਹੋਰ ਉਤਸ਼ਾਹਿਤ ਤੇ ਪ੍ਰੇਰਿਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਅਪੀਲ ਕਰਨ ਦੀਆਂ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ।
ਇਸੇ ਮੰਤਵ ਨਾਲ ਜ਼ਿਲ੍ਹਾ ਰੂਪਨਗਰ ਦੇ ਖੇਤੀਬਾੜੀ ਵਿਭਾਗ ਦੀ ਟੀਮ ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਮੇਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਰ ਯਤਨਸ਼ੀਲ ਹਨ। ਜਿਸ ਤਹਿਤ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਗੱਗੋਂ ਦੇ ਕਿਸਾਨ ਸ.ਹਰਦੀਪ ਸਿੰਘ ਵੱਲੋਂ 3 ਏਕੜ ਰਕਬੇ ਤੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ।
ਕਿਸਾਨ ਹਰਦੀਪ ਸਿੰਘ ਨੇ ਹੋਰ ਕਿਸਾਨਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਕਰੋਨਾ ਦੌਰਾਨ ਲੇਬਰ ਦੀ ਕਮੀ ਹੋਣ ਕਾਰਨ ਪਹਿਲੀ ਵਾਰ ਝੋਨੇ ਦੀ ਸਿੱਧੀ ਬਿਜਾਈ ਅਪਣਾਈ ਗਈ ਸੀ। ਉਸ ਤੋਂ ਬਾਅਦ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਉਸ ਵੱਲੋਂ ਲਗਾਤਾਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਅਤੇ 35 ਕੁਇੰਟਲ ਪ੍ਰਤੀ ਏਕੜ ਦਾ ਝਾੜ ਵੀ ਪ੍ਰਾਪਤ ਕੀਤਾ ਗਿਆ ਹੈ।
ਇਸ ਮੌਕੇ ਖੇਤੀਬਾੜੀ ਅਫਸਰ ਡਾ. ਪੰਕਜ ਸਿੰਘ ਵੱਲੋਂ ਮੌਕੇ ਤੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ 1500 ਰੁਪਏ ਦੇ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ।
ਡਾ. ਪੰਕਜ ਸਿੰਘ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਿੱਧੀ ਬਿਜਾਈ ਤਰ ਵੱਤਰ ਅਵਸਥਾ ਵਿੱਚ ਕਰਨੀ ਚਾਹੀਦੀ ਹੈ ਅਤੇ ਪਹਿਲਾ ਪਾਣੀ 21 ਦਿਨ ਬਾਅਦ ਹੀ ਦੇਣਾ ਚਾਹੀਦਾ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਕਰਨ ਤੋਂ ਤੁਰੰਤ ਬਾਅਦ ਇੱਕ ਲੀਟਰ ਸਟੈਂਪ 30 ਈ.ਸੀ. ਦੀ ਸਪਰੇਅ ਕਰਨੀ ਚਾਹੀਦੀ ਹੈ। ਜੇਕਰ ਨਦੀਨ ਬਾਅਦ ਵਿੱਚ ਦਿਖਾਈ ਦੇਣ ਤਾਂ 10-12 ਦਿਨਾਂ ਬਾਅਦ 100 ਮੀ.ਲੀ. ਨੋਮਨੀਗੋਲਡ ਦੀ ਸਪਰੇਅ ਕੀਤੀ ਜਾਵੇ।
ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਕ੍ਰਿਪਾਲ ਸਿੰਘ ਵੱਲੋਂ ਮੌਕੇ ਤੇ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਬਿਜਲੀ, ਪਾਣੀ ਅਤੇ ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਝਾੜ ਵੀ ਕੱਦੂ ਕੀਤੇ ਗਏ ਝੋਨੇ ਦੇ ਬਰਾਬਰ ਆਉਂਦਾ ਹੈ।
ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਸਮੂਹ ਕਿਸਾਨਾਂ ਨੂੰ ਭਵਿੱਖ ਵਿੱਚ ਪਾਣੀ ਦੀ ਉਪਲਬਧਤਾ ਲਈ ਹੁਣ ਤੋਂ ਹੀ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਅਪੀਲ ਵੀ ਕੀਤੀ ਗਈ।