ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ
ਨਵੇਂ ਭਾਰਤ ਦੇ ਨਿਰਮਾਣ ਅਤੇ ਦੇਸ਼ ਦੀ ਅਜ਼ਾਦੀ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਸਭ ਤੋਂ ਮੋਹਰੀ: ਐਸ.ਡੀ.ਐਮ
ਰੂਪਨਗਰ, 14 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ਼ ਭੇਟ ਕੀਤੇ ਗਏ।
ਸੰਬੋਧਨ ਕਰਦਿਆਂ ਸ. ਹਰਬੰਸ ਸਿੰਘ ਨੇ ਕਿਹਾ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਗੌਰਵ ਦੀ ਘੜੀ ਹੈ ਕਿ ਆਪਾਂ ਸਾਰੇ, ਅੱਜ ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਦੇ ਮੌਕੇ ’ਤੇ, ਉਨ੍ਹਾਂ ਦੀ ਦੇਸ਼ ਪ੍ਰਤੀ ਕੀਤੇ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਯਾਦ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਇੱਕ ਸਮਾਜ ਸੁਧਾਰਕ, ਦਲਿਤ ਰਾਜਨੇਤਾ ਹੋਣ ਦੇ ਨਾਲ ਵਿਸ਼ਵ ਪੱਧਰੀ ਕਾਨੂੰਨੀ ਮਾਹਿਰ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ ਜਿਨ੍ਹਾਂ ਨੇ ਹਰ ਵਰਗ ਦੇ ਲੋੜਵੰਦਾਂ ਅਤੇ ਵਿਸ਼ੇਸ਼ ਤੌਰ ਉਤੇ ਔਰਤਾਂ ਦੇ ਅਧਿਕਾਰਾਂ ਲਈ ਲੰਬਾ ਤੇ ਔਂਕੜਾਂ ਭਰਿਆ ਸੰਘਰਸ਼ ਕੀਤਾ। ਉਨ੍ਹਾਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਦੁਨੀਆ ਦਾ ਮਹਾਨ ਚਿੰਤਕ ਦੱਸਿਆ ਜਿਨ੍ਹਾਂ ਨੇ ਸਦੀਆਂ ਤੋਂ ਗੁਰਬੱਤ ਤੇ ਗੁਲਾਮੀ ਦੇ ਸ਼ਿਕਾਰ ਲੋਕਾਂ ਤੇ ਔਰਤਾਂ ਦੀ ਆਜ਼ਾਦੀ ਤੇ ਉਨ੍ਹਾਂ ਨੂੰ ਸਮਾਜਿਕ ਬਰਾਬਰਤਾ ਦਿਵਾਉਣ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ।
ਐਸ.ਡੀ.ਐਮ. ਨੇ ਕਿਹਾ ਇਸ ਨਵੇਂ ਭਾਰਤ ਦੇ ਨਿਰਮਾਣ ਅਤੇ ਦੇਸ਼ ਦੀ ਅਜ਼ਾਦੀ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਸਭ ਤੋਂ ਮੋਹਰੀ ਰਿਹਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ਨੂੰ ਅਪਣਾ ਕੇ ਸਾਡਾ ਦੇਸ਼ ਦਾ ਨੌਜਵਾਨ ਤਰੱਕੀ ਦੀਆਂ ਨਵੀਆਂ ਮਿਸਾਲਾਂ ਕਾਇਮ ਕਰ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਅਫ਼ਸਰ ਸ਼੍ਰੀਮਤੀ ਕਮਲਜੀਤ ਰਾਜੂ, ਐਡਵੋਕੇਟ ਚਰਨਜੀਤ ਸਿੰਘ ਘਈ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।