ਬੰਦ ਕਰੋ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਦੀ ਅਗਵਾਈ ਅਧੀਨ ਬੀ.ਐਸ.ਐਫ. ਤੇ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ

ਪ੍ਰਕਾਸ਼ਨ ਦੀ ਮਿਤੀ : 19/03/2023
A flag march was carried out by the Punjab Police and BSF under the leadership of Deputy Commissioner and SSP.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਦੀ ਅਗਵਾਈ ਅਧੀਨ ਬੀ.ਐਸ.ਐਫ. ਤੇ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ

· ਜ਼ਿਲ੍ਹਾ ਰੂਪਨਗਰ ‘ਚ ਪੂਰੀ ਤਰ੍ਹਾਂ ਬਰਕਰਾਰ ਹੈ ਅਮਨ ਸ਼ਾਂਤੀ: ਐਸ.ਐਸ.ਪੀ.

· ਐਸ.ਐਸ.ਪੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰਾਂ ਦੀ ਅਫਵਾਹਾਂ ਤੋਂ ਬਚਣ ਦੀ ਅਪੀਲ

· ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

· ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਅਤੇ ਸੋਸ਼ਲ ਮੀਡੀਆ ਦਿਖਾਵੇ ਦੀ ਵੀ ਮਨਾਹੀ

· ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸ ਐਸ ਪੀ ਵੱਲੋਂ ਜ਼ਿਲ੍ਹੇ ’ਚ ਲਾਗੂ ਮਨਾਹੀ ਦੇ ਹੁਕਮਾਂ ਦੀ ਪਾਲਣਾ ਦੀ ਅਪੀਲ

ਰੂਪਨਗਰ, 19 ਮਾਰਚ: ਜ਼ਿਲ੍ਹੇ ਵਿੱਚ ਅਮਨਸ਼ਾਂਤੀ, ਆਪਸੀ ਭਾਈਚਾਰਾ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਰੱਖਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ ਵਿਵੇਕ ਐਸ ਸੋਨੀ ਦੀ ਅਗਵਾਈ ਵਿੱਚ ਭਗਤ ਸਿੰਘ ਚੌਂਕ (ਬੇਲਾ ਚੌਂਕ) ਤੋਂ ਮੁੱਖ ਬਜ਼ਾਰ ਤੱਕ ਫਲੈਗ ਮਾਰਚ ਕੱਢਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀ.ਐਸ.ਐਫ. ਅਤੇ ਸਥਾਨਕ ਪੁਲਿਸ ਫੋਰਸ ਵਲੋਂ ਸੰਯੁਕਤ ਰੂਪ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਜੋ ਹਰ ਪੱਧਰ ਉਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇ। ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਮ ਲੋਕ ਜ਼ਿੰਮੇਵਾਰ ਨਾਗਰਿਕ ਹੋਣ ਦੀ ਭੂਮਿਕਾ ਨਿਭਾਉਂਦੇ ਹੋਏ ਕਿਸੇ ਵੀ ਤਰ੍ਹਾਂ ਅਫਵਾਹ ਉਤੇ ਵਿਸ਼ਵਾਸ ਨਾ ਕਰਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਹਾਲਾਤ ਪੂਰੀ ਤਰ੍ਹਾ ਕਾਬੂ ਵਿਚ ਹਨ ਅਤੇ ਜੇਕਰ ਕਿਸੇ ਨੂੰ ਵੀ ਲੋੜ ਪੈਂਦੀ ਹੈ ਤਾਂ ਪੁਲਿਸ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਐਸ.ਐਸ.ਪੀ ਸ਼੍ਰੀ ਵਿਵੇਕ ਐਸ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਤੋਂ ਵੱਧ ਪੁਲਿਸ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਉਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਨਾ ਹੀ ਸੋਸ਼ਲ ਮੀਡੀਆ ਦੀ ਦੁਰਵਰਤੋਂ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਬਾਜ਼ਾਰਾਂ ਵਿਚ ਦੁਕਾਨਾਂ ਖੁੱਲ੍ਹੀਆਂ ਹਨ ਅਤੇ ਪੁਲਿਸ ਸੁਰੱਖਿਆ ਬਲਾਂ ਵਲੋਂ ਲਗਾਤਾਰ ਜ਼ਿਲ੍ਹੇ ਵਿਚ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ।

ਐਸ.ਐਸ.ਪੀ. ਨੇ ਕਿਹਾ ਕਿ ਪਾਬੰਦੀਆਂ ਅਤੇ ਮਨਾਹੀ ਦੇ ਹੁਕਮਾਂ ਦੀ ਪਾਲਣਾ ਲਈ ਜ਼ਿਲ੍ਹਾ ਵਾਸੀਆਂ ਦੇ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਜ਼ਿਲ੍ਹੇ ਦੀ ਸ਼ਾਂਤੀ-ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀ ਅਜਿਹੀ ਕਿਸੇ ਵੀ ਅਫ਼ਵਾਹ ’ਤੇ ਯਕੀਨ ਨਾ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਜ਼ਿੰਮੇਂਵਾਰ ਨਾਗਰਿਕ ਹੋਣ ਦਾ ਫ਼ਰਜ਼ ਅਦਾ ਕਰਦਿਆਂ ਕਿਸੇ ਭੜਕਾਹਟ ਵਾਲੀ ਜਾਂ ਅਫ਼ਵਾਹ ਪੂਰਣ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਅੱਗੇ ਨਾ ਫੈਲਾਇਆ ਜਾਵੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਮਨਾਹੀ ਦੇ ਹੁਕਮਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਹੈ।

ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ।

ਜ਼ਿਕਰਯੋਗ ਹੈ ਕਿ ਜ਼ਿਲ੍ਹੇ ’ਚ ਵਿੱਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲ੍ਹਾ ਰੂਪਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ 24 ਫਰਵਰੀ ਤੋਂ 23 ਅਪ੍ਰੈਲ 2023 ਤੱਕ ਪਾਬੰਦੀ ਦੇ ਹੁਕਮ ਪਹਿਲਾਂ ਹੀ ਲਾਗੂ ਹਨ, ਜਿਸ ਲਈ ਆਮ ਲੋਕ ਇਨ੍ਹਾਂ ਮਨਾਹੀ ਦੇ ਹੁਕਮਾਂ ਦੀ ਪੂਰਣ ਰੂਪ ’ਚ ਪਾਲਣਾ ਅਮਲ ’ਚ ਲਿਆਉਣ।