ਡਿਪਟੀ ਕਮਿਸ਼ਨਰ ਨੇ ਪੋਰਟਲ ਉੱਪਰ ਵਪਾਰੀ ਵਰਗ ਦੀਆਂ ਆਈਆਂ ਸ਼ਿਕਾਇਤਾਂ ਨੂੰ ਬਿਨ੍ਹਾਂ ਕਿਸੇ ਦੇਰੀ ਹੱਲ ਕਰਨ ਦੇ ਦਿੱਤੇ ਨਿਰਦੇਸ਼
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਪੋਰਟਲ ਉੱਪਰ ਵਪਾਰੀ ਵਰਗ ਦੀਆਂ ਆਈਆਂ ਸ਼ਿਕਾਇਤਾਂ ਨੂੰ ਬਿਨ੍ਹਾਂ ਕਿਸੇ ਦੇਰੀ ਹੱਲ ਕਰਨ ਦੇ ਦਿੱਤੇ ਨਿਰਦੇਸ਼
ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਿਸ਼ੇਸ਼ ਮੀਟਿੰਗ
ਵਪਾਰੀਆਂ ਵੱਲੋਂ ਉਠਾਏ ਮੁੱਦੇ ਸਮਾਂਬੱਧ ਢੰਗ ਨਾਲ ਕੀਤੇ ਜਾਣਗੇ ਹੱਲ – ਡਿਪਟੀ ਕਮਿਸ਼ਨਰ
ਰੂਪਨਗਰ, 20 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸਐੱਸਪੀ ਸ. ਮਨਿੰਦਰ ਸਿੰਘ ਵੱਲੋਂ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀ ਵਰਗ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਾਂਬੱਧ ਹੱਲ ਕਰਨ ਲਈ ਇੱਕ ਪੋਰਟਲ www.punjabdisewa.com ਬਣਾਇਆ ਗਿਆ ਹੈ ਅਤੇ ਵਪਾਰੀ ਆਪਣੀਆਂ ਸ਼ਿਕਾਇਤਾਂ ਇਸ ਪੋਰਟਲ ਉੱਪਰ ਦਰਜ਼ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੋਰਟਲ ਉੱਪਰ ਜ਼ਿਲ੍ਹਾ ਰੂਪਨਗਰ ਨਾਲ ਸਬੰਧਿਤ ਜਿੰਨੀਆਂ ਸ਼ਿਕਾਇਤਾਂ ਆਈਆਂ ਹਨ ਉਨ੍ਹਾਂ ਵਿਚੋਂ ਜਿਆਦਾ ਨੂੰ ਹੱਲ ਕਰ ਦਿੱਤਾ ਗਿਆ ਹੈ ਜਦਕਿ ਬਕਾਇਆ ਸ਼ਿਕਾਇਤਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੋਰਟਲ ਉੱਪਰ ਆਈ ਹਰ ਸ਼ਿਕਾਇਤ ਉੱਪਰ ਫੌਰੀ ਕਾਰਵਾਈ ਕਰਦੇ ਸਮ੍ਹਾਂਬੱਧ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਪੱਧਰ `ਤੇ ਇਸ ਪੋਰਟਲ ਉੱਪਰ ਆਈਆਂ ਸ਼ਿਕਾਇਤਾਂ ਦਾ ਰੀਵਿਊ ਵੀ ਕੀਤਾ ਜਾਂਦਾ ਹੈ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ਾਰਾਂ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਦੇ ਨਾਲ ਹੀ ਬਜ਼ਾਰਾਂ ਵਿੱਚ ਪਬਲਿਕ ਟਾਇਲਟ, ਸਫ਼ਾਈ ਵਿਵਸਥਾ ਵੱਲ ਵੀ ਧਿਆਨ ਦੇਣ ਦੇ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਵਪਾਰੀ ਵਰਗ ਦੇ ਨੁਮਾਇੰਦੀਆਂ ਵੱਲੋਂ ਹੋਰ ਵੀ ਮੁੱਦੇ ਉਠਾਏ ਗਏ ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਡਿਪਟੀ ਕਮਿਸ਼ਨਰ ਵੱਲੋਂ ਦਿੱਤਾ ਗਿਆ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਵਪਾਰੀਆਂ ਦੇ ਮੁੱਦਿਆਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਹਲਕਾ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਤਿੰਨ-ਪੱਧਰੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਪਾਰ ਕਮਿਸ਼ਨ ਵੱਲੋਂ ਵਪਾਰੀ ਵਰਗ ਨਾਲ ਸਬੰਧਿਤ ਮੁਸ਼ਕਲਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਰਿਹਾ ਹੈ
ਐੱਸਐੱਸਪੀ ਸ. ਮਨਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਟ੍ਰੈਫਿਕ ਅਤੇ ਪੁਲਿਸ ਨਾਲ ਸਬੰਧਤ ਸਾਰੇ ਮਸਲਿਆਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਪ੍ਰਦੀਪ ਸਿੰਘ ਬੈਂਸ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਵਪਾਰੀ ਵਰਗ ਤੋਂ ਅਮਨਦੀਪ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫਸਰ ਡਾ. ਕਿੰਮੀ ਵਨੀਤ ਕੌਰ ਸੇਠੀ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।