ਡਿਪਟੀ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ ਆਯੋਜਿਤ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ ਆਯੋਜਿਤ
ਰੂਪਨਗਰ, 29 ਜਨਵਰੀ: ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ, ਸੀਨੀਅਰ ਪੁਲਿਸ ਕਪਤਾਨ ਸ. ਮਨਿੰਦਰ ਸਿੰਘ ਅਤੇ ਯੁੱਧ ਨਸ਼ਿਆਂ ਵਿਰੁੱਧ ਦੇ ਜ਼ੋਨ ਇੰਚਾਰਜ ਸ਼੍ਰੀਮਤੀ ਅਨੂ ਬੱਬਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਬੈਠਕ ਆਯੋਜਿਤ ਕੀਤੀ ਗਈ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਿਦਾਇਤ ਕੀਤੀ ਕਿ ਪਿੰਡ ਅਤੇ ਵਾਰਡ ਪੱਧਰ ਸੂਬੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸ਼੍ਰੀ ਅਦਿੱਤਿਆ ਡਚਲਵਾਲ ਨੇ ਵਿਲੇਜ ਡਿਫ਼ੈਂਸ ਕਮੇਟੀ (ਵੀਡੀਸੀ) ਅਤੇ ਵਾਰਡ ਡਿਫ਼ੈਂਸ ਕਮੇਟੀ (ਡਬਲਯੂਡੀਸੀ) ਦੀਆਂ ਮੀਟਿੰਗਾਂ ਅਤੇ ਨਸ਼ਾ ਮੁਕਤੀ ਲਈ ਤਿਆਰ ਕੀਤੀ ਗਈ ਐਪਲੀਕੇਸ਼ਨ ਦੀ ਕਾਰਗੁਜ਼ਾਰੀ, ਕਮੇਟੀ ਮੈਂਬਰਾਂ ਦੇ ਪਛਾਣ ਪੱਤਰਾਂ ਦੀ ਤਿਆਰੀ ਅਤੇ ਨਸ਼ਾ ਮੁਕਤੀ ਕੇਂਦਰਾਂ ਦੀ ਨਿਗਰਾਨੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਐਸ ਡੀ ਐਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਮੁਕਤੀ ਕੇਂਦਰਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਇਲਾਜ ਉਪਰੰਤ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੋਜ਼ਗਾਰ ਅਤੇ ਮੁੜ ਵਸੇਬੇ ਨਾਲ ਜੋੜਨ ਲਈ ਠੋਸ ਕਦਮ ਚੁੱਕੇ ਜਾਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ ਅਤੇ ਮੈਦਾਨੀ ਪੱਧਰ ‘ਤੇ ਜਾਗਰੂਕਤਾ ਗਤਿਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਐੱਸਐੱਸਪੀ ਸ. ਮਨਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਸ਼੍ਰੀਮਤੀ ਅਨੂ ਬੱਬਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਜਨ-ਅੰਦੋਲਨ ਦਾ ਰੂਪ ਦੇਣ ਲਈ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਵੀਡੀਸੀ/ਡਬਲਯੂਡੀਸੀ ਦੀ ਮਜ਼ਬੂਤੀ ਨਾਲ ਹੀ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਧਾਰਿਤ ਸਮਾਂ-ਸੀਮਾ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਰਿਪੋਰਟਿੰਗ ਸੁਚੱਜੇ ਢੰਗ ਨਾਲ ਕੀਤੀ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ ਮੋਰਿੰਡਾ ਗੁਰਦੇਵ ਸਿੰਘ ਧੰਮ, ਐਸ.ਡੀ.ਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਕਾਹਲੋ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।