ਡਿਪਟੀ ਕਮਿਸ਼ਨਰ ਵਲੋਂ ਬਚਾਅ ਕਾਰਜ ਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਵਲੋਂ ਬਚਾਅ ਕਾਰਜ ਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ
ਰੂਪਨਗਰ, 10 ਮਈ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਲੋੜ ਪੈਣ ਉਤੇ ਜ਼ਿਲ੍ਹਾ ਰੂਪਨਗਰ ਦੇ ਕਿਸੇ ਵੀ ਖੇਤਰ ਵਿਚ ਬਚਾਅ ਕਾਰਜ ਚਲਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ।
ਵਰਜੀਤ ਵਾਲੀਆ ਨੇ ਮੀਟਿੰਗ ਦੀ ਅਗਵਾਈ ਕਰਦਿਆਂ ਸਬ ਡਵੀਜ਼ਨਲ ਮੈਜਿਸਟਰੇਟਾਂ ਨੂੰ ਹਿਦਾਇਤ ਕੀਤੀ ਕਿ ਉਹ ਸਬ ਡਵੀਜ਼ਨ ਪੱਧਰ ਉੱਤੇ ਕੰਟਰੋਲ ਸਥਾਪਿਤ ਕਰਨ ਤਾਂ ਜੋ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਮੁਹਈਆ ਕਰਵਾਈ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੀ ਏ ਵੀ ਸਕੂਲ ਨੰਗਲ ਵਿਖੇ ਮੌਕ ਡਰਿੱਲ (ਅਭਿਆਸ) ਕੀਤੀ ਗਈ ਸੀ ਜੋ ਅੱਗੇ ਵੀ ਕੀਤੀ ਜਾਏਗੀ ਜਿਸ ਵਿੱਚ ਲੋਕਾਂ ਨੂੰ ਬਚਾਅ ਕਾਰਜ ਬਾਰੇ ਦੱਸਿਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਹੈ।
ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਲੋੜ ਪੈਣ ਉਤੇ ਕੰਮ ਆਉਣ ਵਾਲੀਆਂ ਜ਼ਰੂਰੀ ਦਵਾਈਆਂ ਅਤੇ ਇਲਾਜ ਸਬੰਧੀ ਸਮਾਨ ਦਾ ਪ੍ਰਬੰਧ ਕਰਨ ਅਤੇ ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਸਮੇਤ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਨ।
ਉਨ੍ਹਾਂ ਸਿਵਲ ਸਰਜਨ ਤੋਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਬੈੱਡਾਂ, ਦਵਾਈਆਂ ਅਤੇ ਬਲੱਡ ਯੂਨਿਟਾਂ ਦੀ ਉਪਲੱਭਧਾਂ ਦੀ ਰਿਪੋਰਟ ਵੀ ਤੁਰੰਤ ਪੇਸ਼ ਕਰਨ ਦੀ ਹਦਾਇਤ ਦਿੱਤੀ ਅਤੇ ਖੂਨਦਾਨ ਕੈਂਪ ਲਗਾਉਣ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਹਰ ਪਿੰਡ ਅਤੇ ਸ਼ਹਿਰ ਵਿਖੇ ਲੋੜੀਂਦਾ ਸੇਵਾਵਾਂ ਪਹੁੰਚਾਉਣ ਲਈ ਸਬ-ਡਵੀਜ਼ਨਲ ਮੈਜੀਸਟ੍ਰੈਟਾਂ ਅਧੀਨ ‘ਕਿਉੱਕ ਰਿਸਪੌਂਸ ਟੀਮਾਂ’ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਜਿਸ ਵਿਚ ਸਿਹਤ, ਪੁਲਿਸ, ਜਲ ਸਪਲਾਈ, ਬਿਜਲੀ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਅਤੇ ਤਣਾਅਪੂਰਨ ਸਥਿਤੀ ਨੂੰ ਮੁਸਤੈਦੀ ਨਾਲ ਕਾਬੂ ਕੀਤਾ ਜਾ ਸਕੇ।
ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਲਕੁਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਇਹ ਸਾਰੇ ਪ੍ਰਬੰਧ ਆਪ ਸਭ ਦੀ ਅਗਾਊਂ ਸੁਰੱਖਿਆ ਲਈ ਕੀਤੇ ਜਾ ਰਹੇ ਹਨ ਜਿਸ ਵਿਚ ਆਪ ਸਭ ਦੇ ਪੂਰਨ ਸਹਿਯੋਗ ਦੀ ਲੋੜ ਹੈ ਜਦਕਿ ਜ਼ਿਲ੍ਹਾ ਵਾਸੀਆਂ ਵਲੋਂ ਦੂਜੇ ਦਿਨ ਕੀਤੇ ਗਏ ਬਲੇਕ ਆਊਟ ਵਿਚ ਬਹੁਤ ਵਧੀਆ ਢੰਗ ਨਾਲ ਹਦਾਇਤਾਂ ਦੀ ਪਾਲਣਾ ਕੀਤੀ ਗਈ ਹੈ ਜਿਸ ਤੋਂ ਪਤਾ ਲਗਦਾ ਹੈ ਕਿ ਜਿਲ੍ਹਾ ਵਾਸੀ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਗੰਭੀਰਤਾ ਨਾਲ ਕਰ ਰਹੇ ਹਨ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐੱਸ.ਪੀ ਅਰਵਿੰਦ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ.ਡੀ.ਐਮ ਰੂਪਨਗਰ ਸਚਿਨ ਪਾਠਕ, ਐਸ.ਡੀ.ਐਮ ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ ਨੰਗਲ ਅਨਮਜੋਤ ਕੌਰ, ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਸਿਵਲ ਸਰਜਨ ਡਾ. ਸਵਪਨਜੀਤ ਕੌਰ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ ਅਤੇ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।