ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਨਹਿਰੂ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਖੇਡਾਂ ਵਤਨ ਪੰਜਾਬ ਦੀਆਂ-2026
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਨਹਿਰੂ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ
ਖਿਡਾਰੀਆਂ ਨੂੰ ਮਿਹਨਤ, ਲਗਨ ਤੇ ਖੇਡ ਭਾਵਨਾ ਨਾਲ ਅੱਗੇ ਵਧਣ ਦਾ ਦਿੱਤਾ ਸੰਦੇਸ਼
ਰੂਪਨਗਰ, 10 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਅਸ਼ੀਰਵਾਦ ਦਿੰਦਿਆਂ ਖੇਡਾਂ ਦੇ ਖੇਤਰ ਵਿੱਚ ਹੋਰ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਜੋ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਖੇਡਾਂ ਪ੍ਰਤੀ ਨੌਜਵਾਨਾਂ ਦਾ ਉਤਸ਼ਾਹ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਜ਼ਿਲ੍ਹੇ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਇਸ ਪ੍ਰਤਿਭਾ ਨੂੰ ਸਹੀ ਮੌਕੇ, ਉਚਿਤ ਮਾਰਗਦਰਸ਼ਨ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਖਿਡਾਰੀਆਂ ਲਈ ਸੁਚੱਜਾ ਮਾਹੌਲ ਯਕੀਨੀ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ, ਪਰ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰਨਾ ਹੀ ਅਸਲ ਜਿੱਤ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਆਪਣੀ ਖੇਡ ਵਿੱਚ ਨਿਰੰਤਰ ਸੁਧਾਰ ਕਰਨ ਦੇ ਨਾਲ-ਨਾਲ ਆਪਣੀ ਪੜ੍ਹਾਈ ਅਤੇ ਖੇਡਾਂ ਵਿੱਚ ਸੰਤੁਲਨ ਬਣਾਈ ਰੱਖਣਾ ਚਾਹੀਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਲਗਨ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਹੈ ਕਿ ਰੂਪਨਗਰ ਦੇ ਹਰ ਪਿੰਡ ਅਤੇ ਸ਼ਹਿਰ ਦੇ ਨੌਜਵਾਨ ਨੂੰ ਖੇਡ ਮੈਦਾਨ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵੱਧ ਤੋਂ ਵੱਧ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਆਦਤਾਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਮਾਪਿਆਂ, ਅਧਿਆਪਕਾਂ, ਪੰਚਾਇਤਾਂ ਅਤੇ ਸਮਾਜ ਦੇ ਹਰੇਕ ਵਰਗ ਨੂੰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਂਝੇ ਤੌਰ ’ਤੇ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਨੌਜਵਾਨਾਂ ਲਈ ਆਪਣੀ ਪ੍ਰਤਿਭਾ ਸਾਬਤ ਕਰਨ ਦਾ ਮਹੱਤਵਪੂਰਨ ਮੰਚ ਹੈ ਅਤੇ ਇਨ੍ਹਾਂ ਮੁਕਾਬਲਿਆਂ ਰਾਹੀਂ ਉਭਰਦੇ ਖਿਡਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਚਿਤ ਮੌਕੇ ਪ੍ਰਦਾਨ ਕਰਨ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਖੇਡ ਵਿਭਾਗ ਦੇ ਅਧਿਕਾਰੀਆਂ ਅਤੇ ਕੋਚਾਂ ਨੂੰ ਖੇਡ ਮੁਕਾਬਲਿਆਂ ਦੌਰਾਨ ਖਿਡਾਰੀਆਂ ਦੀ ਸਹੂਲਤ ਅਤੇ ਲੋੜੀਂਦੇ ਪ੍ਰਬੰਧਾਂ ਨੂੰ ਪਹਿਲ ਦੇਣ ਲਈ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਖੇਡ ਪ੍ਰਤੀ ਰੁਚੀ ਅਤੇ ਤਿਆਰੀ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਗਈ। ਖਿਡਾਰੀਆਂ ਨੇ ਵੀ ਡਿਪਟੀ ਕਮਿਸ਼ਨਰ ਵੱਲੋਂ ਖੁਦ ਖੇਡ ਮੈਦਾਨ ਵਿੱਚ ਪਹੁੰਚ ਕੇ ਕੀਤੀ ਹੌਸਲਾ-ਅਫ਼ਜ਼ਾਈ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀ, ਕੋਚ, ਸਿੱਖਿਆ ਵਿਭਾਗ ਦੇ ਨੁਮਾਇੰਦੇ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਮੌਜੂਦ ਸਨ।