ਬੰਦ ਕਰੋ

ਡਿਪਟੀ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸਰਕਾਰੀ ਹਸਪਤਾਲ ਦੇ ਵਾਰਡਾਂ ਦੀ ਚੈਕਿੰਗ ਕੀਤੀ 

ਪ੍ਰਕਾਸ਼ਨ ਦੀ ਮਿਤੀ : 11/03/2026
Deputy Commissioner Aditya Dechalwal checked the wards of the government hospital.

ਡਿਪਟੀ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸਰਕਾਰੀ ਹਸਪਤਾਲ ਦੇ ਵਾਰਡਾਂ ਦੀ ਚੈਕਿੰਗ ਕੀਤੀ 

ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ ਅਧੀਨ ਇਮਾਰਤ ਦਾ ਨਿਰੀਖਣ ਕੀਤਾ 

ਰੂਪਨਗਰ, 11 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿਤਿਆ ਡੇਚਲਵਾਲ ਵੱਲੋਂ ਅੱਜ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕਰਕੇ ਉੱਥੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਵੱਖ-ਵੱਖ ਵਾਰਡਾਂ ਦੀ ਚੈਕਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਵਲੋਂ ਵਾਰਡਾਂ ਦਾ ਨਿਰੀਖਣ ਕਰਦਿਆਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਸਪਤਾਲ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਨੇ ਦੌਰੇ ਦੌਰਾਨ ਹਸਪਤਾਲ ਦੇ ਐਮਰਜੈਂਸੀ ਵਾਰਡ, ਮਹਿਲਾ ਵਾਰਡ, ਬੱਚਿਆਂ ਦੇ ਵਾਰਡ, ਨਸ਼ਾ ਛੁਡਾਊ ਕੇਂਦਰ, ਓਪੀਡੀ ਬਲਾਕ, ਹੱਡੀਆਂ ਅਤੇ ਸਰਜਰੀ ਵਿਭਾਗ, ਐਸਐਨਸੀਯੂ ਸਮੇਤ ਹੋਰ ਮਹੱਤਵਪੂਰਨ ਭਾਗਾਂ ਦਾ ਮੁਆਇਨਾ ਕੀਤਾ। 

ਉਨ੍ਹਾਂ ਨੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨਾਲ ਗੱਲਬਾਤ ਕਰਦਿਆਂ ਹਸਪਤਾਲ ਵਿੱਚ ਆ ਰਹੀਆਂ ਚੁਣੌਤੀਆਂ ਅਤੇ ਲੋੜੀਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਨੇ ਹਸਪਤਾਲ ਦੀ ਸਫਾਈ ਵਿਵਸਥਾ, ਦਵਾਈਆਂ ਦੀ ਉਪਲਬਧਤਾ ਅਤੇ ਮਰੀਜ਼ਾਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਹੋਰ ਸੁਵਿਧਾਵਾਂ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਹਸਪਤਾਲ ਦੀ ਸਫਾਈ ਅਤੇ ਪ੍ਰਬੰਧਨ ਵਿੱਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲ ਵਿੱਚ ਬਣ ਰਹੀ ਆਈਪੀਐਚਐਸ ਲੈਬ ਅਤੇ ਸੀਸੀਯੂ (ਕ੍ਰਿਟੀਕਲ ਕੇਅਰ ਯੂਨਿਟ) ਦੇ ਨਿਰਮਾਣ ਕਾਰਜ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਦੋਵੇਂ ਪ੍ਰੋਜੈਕਟ ਤਹਿ ਕੀਤੀ ਸਮੇਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ। 

ਉਨ੍ਹਾਂ ਕਿਹਾ ਕਿ ਆਈਪੀਐਚਐਸ ਲੈਬ ਦੇ ਚਾਲੂ ਹੋਣ ਨਾਲ ਜ਼ਿਲ੍ਹਾ ਹਸਪਤਾਲ ਵਿੱਚ ਵੱਖ-ਵੱਖ ਤਰ੍ਹਾਂ ਦੇ ਲੈਬ ਟੈਸਟ ਇੱਕ ਹੀ ਥਾਂ ਉੱਤੇ ਉਪਲਬਧ ਹੋਣਗੇ, ਜਿਸ ਨਾਲ ਮਰੀਜ਼ਾਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਬਾਹਰਲੇ ਨਿੱਜੀ ਲੈਬਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਨੇ ਕਿਹਾ ਕਿ ਸੀਸੀਯੂ ਦੇ ਤਿਆਰ ਹੋਣ ਨਾਲ ਗੰਭੀਰ ਮਰੀਜ਼ਾਂ ਨੂੰ ਉੱਚ ਪੱਧਰੀ ਇਲਾਜ ਦੀ ਸਹੂਲਤ ਜ਼ਿਲ੍ਹਾ ਪੱਧਰ ’ਤੇ ਹੀ ਮਿਲੇਗੀ, ਜਿਸ ਨਾਲ ਮਰੀਜ਼ਾਂ ਨੂੰ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਰੈਫਰ ਕਰਨ ਦੀ ਲੋੜ ਘੱਟ ਹੋਵੇਗੀ। ਉਨ੍ਹਾਂ ਨੇ ਨਿਰਮਾਣ ਕਾਰਜ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਮੇਂ-ਸਿਰ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਇਸ ਦਾ ਲਾਭ ਦਿਵਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਹਸਪਤਾਲ ਪ੍ਰਬੰਧਕਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਮਰੀਜ਼ ਨੂੰ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਮਿਲੇ।