ਡਿਪਟੀ ਕਮਿਸ਼ਨਰ ਨੇ ਅਧਿਕਾਰੀਆ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਬਿਨ੍ਹਾਂ ਦੇਰੀ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਹਦਾਇਤ ਕੀਤੀ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਬਿਨ੍ਹਾਂ ਦੇਰੀ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਹਦਾਇਤ ਕੀਤੀ
ਗਿਰਦਾਵਰੀ, ਨੁਕਸਾਨੇ ਮਕਾਨਾ ਦਾ ਜਾਇਜ਼ਾ, ਸੜਕਾਂ ਦੀ ਮੁਰੰਮਤ, ਜਲ ਸਪਲਾਈ ਅਤੇ ਬਿਜਲੀ ਦੀ ਨਿਰਵਿਘਨ ਸਹੂਲਤ ਲਈ ਤੁਰੰਤ ਕੀਤਾ ਜਾਵੇਗਾ ਕੰਮ
ਹੁਣ ਤੱਕ ਭਾਰੀ ਵਰਖਾ ਦੌਰਾਨ ਕੀਤੇ ਗਏ ਕੰਮ ਦੀ ਕੀਤੀ ਪ੍ਰਸ਼ੰਸ਼ਾ
ਨੰਗਲ, 09 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਪਿੰਡ ਭਲਾਣ ਦੇ ਰਾਹਤ ਕੈਂਪ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਿਰਦਾਵਰੀ, ਨੁਕਸਾਨੇ ਮਕਾਨਾ ਦਾ ਜਾਇਜ਼ਾ, ਸੜਕਾਂ ਦੀ ਮੁਰੰਮਤ, ਜਲ ਸਪਲਾਈ ਅਤੇ ਬਿਜਲੀ ਦੀ ਨਿਰਵਿਘਨ ਸਹੂਲਤ ਲਈ ਬਿਨਾ ਦੇਰੀ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਹਦਾਇਤ ਕੀਤੀ।
ਸ਼੍ਰੀ ਵਰਜੀਤ ਵਾਲੀਆ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪਾਣੀ ਦਾ ਪੱਧਰ ਨਿਰੰਤਰ ਘੱਟ ਰਿਹਾ ਹੈ ਅਤੇ ਭਾਖੜਾਂ ਡੈਮ ਵਿੱਚ ਵੀ ਪਾਣੀ ਛੱਡਣ ਵਿਚ ਵੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਹੁਣ ਮੌਸਮ ਵੀ ਅਨੁਕੂਲ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਜ਼ਮੀਨੀ ਪੱਧਰ ਤੇ ਚੰਗੀ ਤਰ੍ਹਾਂ ਕੰਮ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਜਲਦ ਤੋਂ ਜਲਦ ਹਰ ਪੱਖੋਂ ਰਾਹਤ ਦਵਾਈ ਜਾ ਸਕੇ।
ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਟੀਮਾਂ ਬਣਾ ਕੇ ਸਾਰੇ ਹੀ ਪਿੰਡਾਂ ਵਿੱਚ ਜਾਣਗੇ ਅਤੇ ਇਸ ਸੰਬਧੀ ਅਨਾਉਸਮੇਂਟ ਜਾਂ ਹੋਰ ਸਾਧਨਾਂ ਰਾਹੀਂ ਉੱਥੇ ਦੇ ਵਸਨੀਕਾਂ ਨੂੰ ਇਸ ਸੰਬਧੀ ਜਾਣੂ ਕਰਵਾਇਆ ਜਾਵੇ ਤੇ ਪ੍ਰਭਾਵਿਤ ਹੋਏ ਲੋਕਾਂ ਤੇ ਪਸ਼ੂਆਂ ਦਾ ਜਲਦ ਤੋਂ ਜਲਦ ਇਲਾਜ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਮੈਡੀਕਲ ਟੀਮਾਂ ਅਤੇ ਵੈਟਨਰੀ ਡਾਕਟਰ ਲੋਕਾਂ ਦੀ ਸਿਹਤ ਜਾਂਚ ਅਤੇ ਪਸ਼ੂਆਂ ਦੀ ਵੈਕਸੀਨੇਸ਼ਨ ਕਰਨਗੇ ਤਾਂ ਜੋ ਕਿਸੇ ਵੀ ਤਰਾਂ ਦੀ ਮਹਾਂਮਾਰੀ ਤੋ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫੋਗਿਗ ਵੀ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਲੋਕਾਂ ਨੂੰ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੌਰਾਨ ਹੋਏ ਨੁਕਸਾਨ ਜਿਵੇਂ ਸੜਕਾਂ ਦਾ ਟੁੱਟ ਜਾਣਾ, ਕਿਸੇ ਇਮਾਰਤ ਨੂੰ ਨੁਕਸਾਨ ਪਹੁੰਚਣਾ ਅਤੇ ਬਿਜਲੀ ਵਿਭਾਗ ਦੀਆਂ ਤਾਰਾਂ ਤੇ ਖੰਭਿਆਂ ਆਦਿ ਦੇ ਹੋਏ ਨੁਕਸਾਨ ਨੂੰ ਜਲਦ ਤੋਂ ਜਲਦ ਠੀਕ ਕੀਤਾ ਜਾਵੇ।
ਸ਼੍ਰੀ ਵਰਜੀਤ ਵਾਲੀਆ ਨੇ ਅਧਿਕਾਰੀਆਂ, ਕਰਮਚਾਰੀਆਂ, ਐਨਡੀਆਰਐਫ ਟੀਮਾਂ ਵੱਲੋਂ ਹੁਣ ਤੱਕ ਕੀਤੇ ਗਏ ਕੰਮ ਦੀ ਪ੍ਰਸ਼ੰਸ਼ਾ ਵੀ ਕੀਤੀ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਡੱਟ ਕੇ ਜੁੱਟੇ ਜਾਣ ਦੀ ਸਲਾਹ ਵੀ ਦਿੱਤੀ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਡੀਐੱਸਪੀ ਕੁਲਭੂਸ਼ਣ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਤਹਿਸੀਲਦਾਰ ਜਸਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ, ਐਕਸੀਅਨ ਡਰੇਨੇਜ ਗੁਰਤੇਜ ਸਿੰਘ, ਐਸਐਮਓ ਨੰਗਲ ਡਾ. ਸੁਰਿੰਦਰ ਕੌਰ ਐੱਸਐੱਚਓ ਨੰਗਲ ਸਿਮਰਨਜੀਤ ਸਿੰਘ, ਕਾਰਜ ਸਾਧਕ ਅਫਸਰ ਨੰਗਲ ਗੁਰਦੀਪ ਸਿੰਘ, ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ, ਪ੍ਰਿੰਸੀਪਲ ਪਰਵਿੰਦਰ ਕੌਰ, ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।