ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਨੂੰ ਇੰਤਕਾਲ ਦੇ ਲੰਬਿਤ ਪਏ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਦਿੱਤੇ ਨਿਰਦੇਸ਼
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਨੂੰ ਇੰਤਕਾਲ ਦੇ ਲੰਬਿਤ ਪਏ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਦਿੱਤੇ ਨਿਰਦੇਸ਼
ਫ਼ਰਦ ਕੇਂਦਰ ਤੇ ਪਟਵਾਰਖਾਨਾ ਰੂਪਨਗਰ ਦਾ ਕੀਤਾ ਦੌਰਾ
ਰੂਪਨਗਰ, 31 ਦਸੰਬਰ: ਮਾਲ ਵਿਭਾਗ ਦੇ ਸੰਬਧਿਤ ਲੰਬਿਤ ਪਏ ਜ਼ਮੀਨਾਂ ਦੇ ਇੰਤਕਾਲ ਦੇ ਮਾਮਲਿਆਂ ਨੂੰ ਨਿਪਟਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਆਪਣੇ ਦਫਤਰ ਵਿਖੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਨਾਲ ਮੀਟਿੰਗ ਕੀਤੀ ਤੇ ਇਨ੍ਹਾਂ ਮਾਮਲਿਆਂ ਨੂੰ ਸਮਾਂਬੱਧ ਸਮੇਂ ਵਿੱਚ ਨਿਪਟਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਇੰਤਕਲ ਸਬੰਧੀ ਲੰਬਿਤ ਪਏ ਮਾਮਲਿਆਂ ਦੀ ਸਮੀਖਿਆ ਕੀਤੀ ਤੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਸੰਬੰਧਤ ਬਲਾਕਾਂ ਦੇ ਇਨ੍ਹਾਂ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਰੋਜ਼ਾਨਾ ਅਦਾਲਤ ਲਗਾਉਣ ਦੇ ਆਦੇਸ਼ ਦਿੱਤੇ, ਤੇ ਕਿਹਾ ਕਿ ਲੰਬਿਤ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਪਟਵਾਰੀ ਰਿਕਾਰਡ ਦੀ ਸਾਂਭ-ਸੰਭਾਲ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਨੇ ਫ਼ਰਦ ਕੇਂਦਰ ਤੇ ਪਟਵਾਰਖਾਨਾ ਰੂਪਨਗਰ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਆਪਣੇ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ।