ਡਿਪਟੀ ਕਮਿਸ਼ਨਰ ਵਲੋਂ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਵਲੋਂ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ
ਐਸ ਡੀ ਐੱਮ ਸੰਭਾਵੀ ਹੜ੍ਹਾਂ ਦੇ ਸਮੇਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਯਕੀਨੀ ਕਰਨ
ਰੂਪਨਗਰ, 05 ਮਈ: ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਆਉਣ ਵਾਲੇ ਫਲੱਡ ਸੀਜ਼ਨ 2025 ਦੀਆਂ ਤਿਆਰੀਆਂ ਸੰਬੰਧੀ, ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ਼ ਮੀਟਿੰਗ ਕੀਤੀ ਅਤੇ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਪੁੱਖਤਾ ਪ੍ਰਬੰਧ ਕੀਤੇ ਜਾਣ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਆਪਣੇ ਆਪਣੇ ਬਲਾਕਾਂ ਵਿੱਚ ਪੈਂਦੇ ਬੰਨ੍ਹਾਂ, ਨਹਿਰਾਂ ਤੇ ਸੂਇਆਂ ਦਾ ਦੌਰਾ ਕਰਨ ਦੀ ਹਦਾਇਤ ਕਰਦਿਆਂ ਹੋਣ ਵਾਲੇ ਜ਼ਰੂਰੀ ਕੰਮ ਕਰਵਾਉਣ ਲਈ ਕਿਹਾ।
ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਜ਼ਿਲ੍ਹੇ ਦੇ ਕਾਰਜ ਸਾਧਕ ਅਫਸਰਾਂ ਨੂੰ ਸ਼ਹਿਰਾਂ ਦੀਆਂ ਡਰੇਨਾਂ, ਸੂਏ ਅਤੇ ਨਾਲਿਆਂ ਦੀ ਸਾਫ਼-ਸਫਾਈ ਕਰਵਾਉਣ ਦੇ ਹੁਕਮ ਦਿੱਤੇ ਤਾਂ ਜੋ ਮਾਨਸੂਨ ਦੇ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਇਸ ਦੇ ਨਾਲ ਹੀ ਨਗਰ ਕੌਂਸਲਾਂ ਜਾਂ ਨਗਰ ਪੰਚਾਇਤਾਂ ਵਿੱਚ ਮੌਜ਼ੂਦ ਮਸ਼ੀਨਰੀ ਅਤੇ ਹੋਰ ਯੰਤਰਾਂ ਨੂੰ ਵੀ ਤਿਆਰ ਬਰ ਤਿਆਰ ਰੱਖਣ ਲਈ ਕਿਹਾ ਗਿਆ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਸਾਲ 2025-26 ਲਈ ਮਨਰੇਗਾ ਅਧੀਨ ਕੀਤੇ ਜਾਣ ਵਾਲੇ ਹੜ੍ਹ ਸੁਰੱਖਿਆ ਕਾਰਜ ਅਤੇ ਪ੍ਰਬੰਧਾਂ ਦਾ ਜਾਇਜ਼ਾ ਉਹ ਖੁਦ ਜਾ ਕੇ ਕਰਨ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੀਡੀਪੀਓਜ਼ ਨੂੰ ਪਿੰਡਾਂ ਵਿੱਚ ਮੌਜ਼ੂਦ ਟੋਬਿਆਂ ਦੀ ਸਫਾਈ ਕਰਵਾਉਣ ਦੇ ਵੀ ਹੁਕਮ ਦਿੱਤੇ।
ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਜਲ ਮਾਰਗਾਂ (ਡਰੇਨ/ਨਹਿਰਾਂ) ਦੇ ਨੇੜੇ ਜੋ ਵੀ ਕਬਜ਼ੇ ਕੀਤੇ ਗਏ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ। ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕਰਦਿਆਂ ਨਹਿਰਾਂ ਅਤੇ ਡਰੇਨਾਂ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਦਾ ਭੂਗੋਲਿਕ ਅਤੇ ਵਿਗਿਆਨਕ ਢੰਗ ਨਾਲ਼ ਸਰਵੇਖਣ ਕੀਤੇ ਜਾਵੇ ਅਤੇ ਇਸ ਤੋਂ ਇਲਾਵਾ ਸਾਰੇ ਪੁੱਲ਼ਾਂ ਅਤੇ ਸੜਕਾਂ ਦੀ ਵੀ ਜਾਂਚ ਕੀਤੀ ਜਾਵੇ।
ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ। ਉਨਾਂ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਹੜ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਜੇਕਰ ਲਗਾਤਾਰ ਮੀਂਹ ਪੈਂਦਾ ਹੈ ਤਾਂ ਹੋਣ ਵਾਲੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਰੂਪਨਗਰ ਸ਼੍ਰੀ ਸਚਿਨ ਪਾਠਕ, ਐਸ.ਡੀ.ਐਮ. ਮੋਰਿੰਡਾ ਸ. ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਜਸਪ੍ਰੀਤ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟੋਰਲ ਸ. ਬੀਰਦਵਿੰਦਰ ਸਿੰਘ, ਐਕਸੀਅਨ ਮਾਈਨਿੰਗ ਵਿਭਾਗ ਸ਼੍ਰੀ ਤੁਸ਼ਾਰ ਗੋਇਲ, ਐਕਸੀਅਨ ਜਲ ਸਪਲਾਈ ਸ਼੍ਰੀ ਮਾਈਕਲ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ,ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਖੇਤੀਬਾੜੀ ਅਫ਼ਸਰ ਡਾ. ਪੰਕਜ ਸਿੰਘ, ਤਹਿਸੀਲਦਾਰ ਰੂਪਨਗਰ ਸ. ਹਰਸਿਮਰਨ ਸਿੰਘ, ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ ਸੰਦੀਪ ਪਠਾਨੀਆਂ, ਤਹਿਸੀਲਦਾਰ ਨੰਗਲ ਜਸਬੀਰ ਸਿੰਘ ਸੰਧੂ, ਸਕੱਤਰ ਰੈਡ ਕਰਾਸ ਗੁਰਸੋਹਣ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।