ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦਾ ਪਾਬੰਦ ਹੋਣ ਦੀ ਹਦਾਇਤ ਵਾਧੂ ਚਾਰਜ ਵਾਲਿਆਂ ਨੂੰ ਡਿਊਟੀ ‘ਤੇ ਨਿਸ਼ਚਿਤ ਦਿਨ ਹਾਜ਼ਰ ਹੋਣ ਦੇ ਆਦੇਸ਼
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦਾ ਪਾਬੰਦ ਹੋਣ ਦੀ ਹਦਾਇਤ
ਵਾਧੂ ਚਾਰਜ ਵਾਲਿਆਂ ਨੂੰ ਡਿਊਟੀ ‘ਤੇ ਨਿਸ਼ਚਿਤ ਦਿਨ ਹਾਜ਼ਰ ਹੋਣ ਦੇ ਆਦੇਸ਼
ਰੂਪਨਗਰ, 20 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਅਚਨਚੇਤ ਚੈਕਿੰਗ ਕਰਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਮੇਂ ਸਿਰ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਵਿੱਚ ਨਾਗਰਿਕਾਂ ਨੂੰ ਮਿਆਰੀ ਅਤੇ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਧਿਕਾਰੀ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਅਤੇ ਪਬਲਿਕ ਡੀਲਿੰਗ ਦੌਰਾਨ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ
ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਦਫ਼ਤਰ, ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਨਗਰ ਸੁਧਾਰ ਟਰੱਸਟ ਰੂਪਨਗਰ ਅਤੇ ਜੰਗਲਾਤ ਵਿਭਾਗ ਆਦਿ ਵਿਖੇ ਸਟਾਫ਼ ਦੀ ਹਾਜ਼ਰੀ ਅਤੇ ਮੌਜੂਦਗੀ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦਾ ਪਾਬੰਦ ਹੋਣ ਤੇ ਵਾਧੂ ਚਾਰਜ ਵਾਲਿਆਂ ਨੂੰ ਨਿਸ਼ਚਿਤ ਦਿਨ ਡਿਊਟੀ ਕਰਨ ਦੀ ਵੀ ਹਦਾਇਤ ਜਾਰੀ ਕੀਤੀ।
ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਦਫ਼ਤਰ ਅਤੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਨੂੰ ਮਿਲੇ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਚੈਕਿੰਗ ਪ੍ਰਕਿਰਿਆ ਨੂੰ ਜਾਰੀ ਰੱਖਿਆ ਜਾਵੇਗਾ।