ਨਵੀਆਂ ਇਮਾਰਤਾਂ ਦੇ ਉਸਾਰੀਕਰਨ ਲਈ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਲਿਆ ਜਾਇਜ਼ਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਨਵੀਆਂ ਇਮਾਰਤਾਂ ਦੇ ਉਸਾਰੀਕਰਨ ਲਈ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਲਿਆ ਜਾਇਜ਼ਾ
ਰੂਪਨਗਰ, 28 ਨਵੰਬਰ: ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਇਸੇ ਮੰਤਵ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿਖੇ ਨਵੀਆਂ ਇਮਾਰਤਾਂ ਦੇ ਉਸਾਰੀਕਰਨ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਹਸਪਤਾਲ ਦੀਆਂ ਵੱਖ-ਵੱਖ ਥਾਵਾਂ ਦਾ ਜ਼ਾਇਜਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਹਸਪਤਾਲ ਵਿਖੇ ਕਰੀਟੀਕਲ ਕੇਅਰ ਵਾਰਡ ਦੀ ਉਸਾਰੀ ਕੀਤੀ ਜਾਵੇਗੀ ਅਤੇ ਹਸਪਤਾਲ ਦੀਆਂ ਲੈਬਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ ਟੈਸਟ ਉਪਲੱਬਧ ਹੋਣਗੇ ਤਾਂ ਜੋ ਮਰੀਜ਼ਾਂ ਨੂੰ ਸਰਵਉੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਦੇ ਨਵੀਨੀਕਰਨ ਲਈ ਬਣਾਈ ਜਾਣ ਵਾਲੀ ਰੂਪ-ਰੇਖਾ ਵਿਚ ਕਿਸੇ ਕਿਸਮ ਦੀ ਕਮੀ ਨਾ ਛੱਡੀ ਜਾਵੇ ਅਤੇ ਵੱਖ-ਵੱਖ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਵਲੋਂ ਸਾਰੀਆਂ ਇਮਾਰਤਾਂ ਦੀ ਚੈਕਿੰਗ ਕੀਤੀ ਗਈ ਅਤੇ ਖਾਲੀ ਪਏ ਸਥਾਨਾਂ ਦੀ ਸੁਚੱਜੀ ਵਰਤੋਂ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖੁਦ ਵਾਰਡਾਂ ਦੇ ਬਾਥਰੂਮਾਂ ਦੀ ਸਾਫ ਸਫਾਈ ਦੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਸਿਵਲ ਸਰਜਨ ਨੂੰ ਸਰਕਾਰੀ ਹਸਪਤਾਲਾਂ ਦੀ ਸਫਾਈ ਯਕੀਨੀ ਤੌਰ ਉੱਤੇ ਕਰਨ ਲਈ ਵੀ ਕਿਹਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਐਕਸੀਅਨ ਪਿੰਦਰਪਾਲ ਸਿੰਘ ਔਜਲਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।