ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ 14ਵਾਂ ਖੂਨਦਾਨ ਕੈਂਪ ਲਗਾਇਆ
ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ 14ਵਾਂ ਖੂਨਦਾਨ ਕੈਂਪ ਲਗਾਇਆ
ਰੂਪਨਗਰ, 16 ਅਕਤੂਬਰ: ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਖੂਨਦਾਨ ਮੁਹਿੰਮ ਤਹਿਤ ਸਿਹਤ ਵਿਭਾਗ ਰੂਪਨਗਰ ਦੇ ਸਹਿਯੋਗ ਨਾਲ ਕੰਪਨੀ ਟੋਪਾਨ ਸ਼ਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ ਰੈਲਮਾਜਰਾ ਫੈਕਟਰੀ ਵਿਖੇ 14ਵਾਂ ਖੂਨਦਾਨ ਕੈਂਪ ਲਗਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵੱਲੋਂ ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ ਤੇ ਖੂਨਦਾਨ ਕਰਨ ਆਏ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨ ਜੀਵਨ ਦਾਨ ਹੈ ਅਤੇ ਹਰ ਇੱਕ ਵਿਅਕਤੀ ਨੂੰ ਆਪਣਾ ਇਖਲਾਕੀ ਫਰਜ਼ ਸਮਝਦੇ ਹੋਏ ਸਮੇਂ-ਸਮੇਂ ਤੇ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਨਿਰੰਤਰ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਿਸੇ ਵੀ ਕਿਸਮ ਦੀ ਕਮਜ਼ੋਰੀ ਨਹੀਂ ਆਉਂਦੀ ਅਤੇ ਇਸ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਤੇ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਤੰਦਰੁਸਤ ਵਿਅਕਤੀ ਖੂਨਦਾਨ ਕਰਨ ਦਾ ਪ੍ਰਣ ਲੈ ਲਵੇ ਤਾਂ ਨਿਸ਼ਚੇ ਹੀ ਬਹੁਤ ਸਾਰੀਆਂ ਕੀਮਤੀ ਜਾਨਾਂ ਜਿਨ੍ਹਾਂ ਨੂੰ ਖੂਨ ਦੀ ਜਰੂਰਤ ਹੁੰਦੀ ਹੈ, ਨੂੰ ਬਚਾਇਆ ਜਾ ਸਕਦਾ ਹੈ। ਉਨਾਂ ਵੱਲੋਂ ਕੰਪਨੀ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ।
ਇਸ ਦੌਰਾਨ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਸਿਵਲ ਸਰਜਨ ਰੂਪਨਗਰ ਡਾ.ਤਰਸੇਮ ਸਿੰਘ ਅਤੇ ਐਸ.ਐਮ.ਓ ਸਿਵਲ ਹਸਪਤਾਲ ਰੋਪੜ ਡਾ.ਉਪਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ।